
ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਅਪਰੈਲ:
ਗੁਰਦੁਆਰਾ ਤਾਲਮੇਲ ਕਮੇਟੀ ਐਸ.ਏ.ਐਸ. ਨਗਰ (ਮੁਹਾਲੀ) ਵੱਲੋਂ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸ਼ਹਿਰ ਵਿੱਚ ਨਗਰ ਕੀਰਤਨ ਸਜਾਇਆ ਗਿਆ। ਤੇਜ ਗਰਮੀ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਇਲਾਕੇ ਦੀ ਸੰਗਤ ਨੇ ਸ਼ਮੂਲੀਅਤ ਕਰਕੇ ਨਗਰ ਕੀਰਤਨ ਦੀ ਸੋਭਾ ਵਧਾਈ। ਅਰਦਾਸ ਉਪਰੰਤ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਦੀ ਗੂੰਜ ਵਿੱਚ ਪੰਜ ਪਿਆਰਿਆਂ ਦੀ ਅਗਵਾਈ ਹੇਠ ਇੱਥੋਂ ਦੇ ਗੁਰਦੁਆਰਾ ਸਾਹਿਬਵਾੜਾ ਪਾਤਸ਼ਾਹੀ ਨੌਵੀਂ ਫੇਜ਼-5 ਤੋਂ ਦੁਪਹਿਰ ਵੇਲੇ ਸ਼ੁਰੂ ਹੋਇਆ ਇਹ ਨਗਰ ਕੀਰਤਨ ਫੇਜ਼-5 ਦੀ ਮਾਰਕੀਟ, ਚੀਮਾ ਹਸਪਤਾਲ, ਬੋਗਨਵਿਲੀਆ ਪਾਰਕ, ਐਚਐਮ ਰਿਹਾਇਸ਼ੀ ਬਲਾਕ ਫੇਜ਼-4, ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ, ਮਦਨਪੁਰ ਚੌਂਕ, ਗੁਰਦੁਆਰਾ ਰਾਮਗੜ੍ਹੀਆ ਸਭਾ ਫੇਜ਼-3ਬੀ1, ਰੋਜ਼ ਗਾਰਡਨ, ਗੁਰਦੁਆਰਾ ਸਾਚਾ ਧਨ ਸਾਹਿਬ, ਫੇਜ਼-7 ਦੀ ਮਾਰਕੀਟ ਤੋਂ ਸੰਤ ਈਸ਼ਰ ਸਿੰਘ ਪਬਲਿਕ ਸਕੂਲ, ਪੈਰਾਗਾਨ ਸੀਨੀਅਰ ਸੈਕੰਡਰੀ ਸਕੂਲ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਸੈਕਟਰ-71 ਵਿੱਚ ਪਹੁੰਚ ਕੇ ਸੰਪੂਰਨ ਹੋਇਆ। ਜਿੱਥੇ ਗੁਰਦੁਆਰਾ ਕਮੇਟੀ ਅਤੇ ਇਲਾਕੇ ਦੀ ਸੰਗਤ ਨੇ ਨਗਰ ਕੀਰਤਨ ਦਾ ਸਵਾਗਤ ਕੀਤਾ ਅਤੇ ਪੰਜ ਪਿਆਰਿਆਂ ਨੂੰ ਸਿਰੋਪਾ ਦੇ ਕੇ ਸਨਮਾਨਿਤ ਕੀਤਾ। ਰਸਤੇ ਵਿੱਚ ਵੀ ਥਾਂ-ਥਾਂ ਸ਼ਰਧਾਲੂਆਂ ਨੇ ਨਗਰ ਕੀਰਤਨ ਦਾ ਸਵਾਗਤ ਕੀਤਾ ਅਤੇ ਸੁੱਕੇ ਮੇਵਿਆਂ ਸਮੇਤ ਹੋਰ ਵੱਖ-ਵੱਖ ਪਦਾਰਥਾਂ ਦੇ ਲੰਗਰ ਲਗਾਏ ਗਏ।
ਇਸ ਮੌਕੇ ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੋਂਧੀ, ਮਨਜੀਤ ਸਿੰਘ ਮਾਨ, ਕਰਮ ਸਿੰਘ ਬਬਰਾ, ਕਾਂਗਰਸ ਦੀ ਕੌਂਸਲਰ ਬਲਜੀਤ ਕੌਰ, ਪ੍ਰੀਤਮ ਸਿੰਘ ਫੇਜ਼-1, ਜਸਪਾਲ ਸਿੰਘ ਸੈਕਟਰ-71, ਭਜਨ ਸਿੰਘ, ਹਰਗਿਆਨ ਸਿੰਘ, ਗੁਰਚਰਨ ਸਿੰਘ ਨੰਨੜਾ ਅਤੇ ਹੋਰ ਪਤਵੰਤੇ ਹਾਜ਼ਰ ਸਨ।