Share on Facebook Share on Twitter Share on Google+ Share on Pinterest Share on Linkedin ਸ੍ਰੀ ਗੁਰੂ ਅਰਜਨ ਦੇਵ ਦੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮੁਹਾਲੀ ਵਿੱਚ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਜੂਨ: ਗੁਰਦੁਆਰਾ ਤਾਲਮੇਲ ਕਮੇਟੀ ਐਸ.ਏ.ਐਸ. ਨਗਰ (ਮੁਹਾਲੀ) ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬੁੱਧਵਾਰ ਨੂੰ ਸ਼ਹਿਰ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇੱਥੋਂ ਦੇ ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਫੇਜ਼-6 ਤੋਂ ਅਰਦਾਸ ਉਪਰੰਤ ਅੱਜ ਬਾਅਦ ਦੁਪਹਿਰ ਵੇਲੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਆਰੰਭ ਹੋਇਆ ਨਗਰ ਕੀਰਤਨ ਸ਼ਿਵਾਲਿਕ ਸਕੂਲ ਦੇ ਸਾਹਮਣੇ ਤੋਂ ਹੁੰਦਾ ਹੋਇਆ, ਚੰਡੀਗੜ੍ਹ ਤੇ ਮੁਹਾਲੀ ਨੂੰ ਵੰਡਦੀ ਮੁੱਖ ਸੜਕ ਰਾਹੀਂ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਚੌਕ ਤੋਂ ਅੱਗੇ ਪਿੰਡ ਮੁਹਾਲੀ ਦੀ ਮਾਰਕੀਟ ਕੋਲੋਂ ਲੰਘਦਾ ਹੋਇਆ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼-1 ਪੁੱਜਾ। ਇਸ ਉਪਰੰਤ ਪੁਰਾਣਾ ਡੀਸੀ ਦਫ਼ਤਰ, ਫਰੈਂਕੋ ਹੋਟਲ ਮਾਰਕੀਟ, ਫੇਜ਼-2 ਅਤੇ ਫੇਜ਼-4 ਦੇ ਸਪਾਈਸ ਚੌਂਕ, ਮਦਨਪੁਰ ਚੌਂਕ, ਫੇਜ਼-3 ਅਤੇ ਫੇਜ਼-5 ਦੀਆਂ ਲਾਈਟਾਂ, ਗੁਰਦੁਆਰਾ ਸਾਚਾ ਧਨ ਸਾਹਿਬ ਫੇਜ਼-3ਬੀ1 ਅਤੇ ਫੇਜ਼-7 ਤੋਂ ਹੁੰਦਾ ਹੋਇਆ ਸ਼ਾਮ ਨੂੰ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਫੇਜ਼-8 ਵਿੱਚ ਪਹੁੰਚ ਕੇ ਸੰਪੂਰਨ ਹੋਇਆ। ਜਿੱਥੇ ਐਸਜੀਪੀਸੀ ਦੇ ਸਟਾਫ਼ ਅਤੇ ਸ਼ਹਿਰ ਦੀ ਸੰਗਤ ਵੱਲੋਂ ਨਗਰ ਕੀਰਤਨ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੇਅਰ ਧੜੇ ਦੇ ਕੌਂਸਲਰ ਆਰਪੀ ਸ਼ਰਮਾ, ਕਲਗੀਧਰ ਸੇਵਕ ਜਥਾ ਦੇ ਮੁਖੀ ਭਾਈ ਜਤਿੰਦਰਪਾਲ ਸਿੰਘ, ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੋਂਧੀ, ਗੁਰਦੁਆਰਾ ਫੇਜ਼-6 ਦੇ ਪ੍ਰਧਾਨ ਜਸਪਾਲ ਸਿੰਘ ਸੰਧੂ, ਜਨਰਲ ਸਕੱਤਰ ਭੁਪਿੰਦਰ ਸਿੰਘ, ਪਰਮਜੀਤ ਸਿੰਘ ਗਿੱਲ, ਮਨਜੀਤ ਸਿੰਘ ਮਾਨ, ਮਨਜੀਤ ਸਿੰਘ ਭੱਲਾ, ਸਪਿੰਦਰ ਸਿੰਘ ਰਾਣਾ, ਅਮਰਜੀਤ ਸਿੰਘ ਪਾਹਵਾ, ਸੁਖਦੀਪ ਸਿੰਘ ਨਵਾਂ ਸ਼ਹਿਰ ਸਮੇਤ ਹੋਰ ਗੁਰਦੁਆਰਾ ਕਮੇਟੀਆਂ ਦੇ ਨੁਮਾਇੰਦੇ ਅਤੇ ਸ਼ਹਿਰ ਦੇ ਪਤਵੰਤੇ ਹਾਜ਼ਰ ਸਨ। ਨਗਰ ਕੀਰਤਨ ਦਾ ਰਸਤੇ ਵਿੱਚ ਥਾਂ ਥਾਂ ’ਤੇ ਸਵਾਗਤ ਕੀਤਾ ਗਿਆ ਅਤੇ ਸੰਗਤ ਲਈ ਠੰਡੇ ਮਿੱਠੇ ਜਲ ਦੀ ਛਬੀਲਾਂ ਲਗਾਈਆਂ ਗਈਆਂ। ਇਸ ਦੌਰਾਨ ਕੁਝ ਥਾਵਾਂ ’ਤੇ ਛਬੀਲ ਦੇ ਨਾਲ ਨਾਲ ਪ੍ਰਸ਼ਾਦ ਦੇ ਰੂਪ ਵਿੱਚ ਪੌਦੇ ਵੀ ਵੰਡੇ ਗਏ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ