Nabaz-e-punjab.com

ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ (ਫੀਮੇਲ) ਯੂਨੀਅਨ ਦਾ ਵਫ਼ਦ ਸਿਹਤ ਮੰਤਰੀ ਨੂੰ ਮਿਲਿਆ

ਸਿਹਤ ਮੰਤਰੀ ਸਿੱਧੂ ਨੇ ਸਿਹਤ ਕਰਮਚਾਰਨਾਂ ਦੀ 5 ਸਤੰਬਰ ਨੂੰ ਪੈਨਲ ਮੀਟਿੰਗ ਸੱਦੀ, ਜਾਇਜ਼ ਮੰਗਾਂ ਮੰਨਣ ਦਾ ਭਰੋਸਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਅਗਸਤ:
ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ (ਫੀਮੇਲ) ਯੂਨੀਅਨ ਪੰਜਾਬ ਦਾ ਵਫ਼ਦ ਇਕ ਉੱਚ ਪੱਧਰੀ ਵੀਰਵਾਰ ਨੂੰ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਮਿਲਿਆ ਅਤੇ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਅਤੇ ਹੋਰ ਹੱਕੀ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ। ਇਸ ਮੌਕੇ ਸਿਹਤ ਵਿਭਾਗ ਦੀ ਡਿਪਟੀ ਡਾਇਰੈਕਟਰ ਅਵਨੀਤ ਕੌਰ, ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਅਤੇ ਓਐਸਡੀ ਡਾ. ਬਲਵਿੰਦਰ ਸਿੰਘ, ਹਰਪ੍ਰੀਤ ਸਿੰਘ ਸੈਣੀ ਵੀ ਮੌਜੂਦ ਸਨ।
ਯੂਨੀਅਨ ਦੀ ਪ੍ਰਧਾਨ ਕਿਰਨਜੀਤ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਵਿੱਚ ਕੰਮ ਕਰਦੀਆਂ ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ (ਫੀਮੇਲ) ਵਿੱਚ ਸਰਕਾਰ ਦੀ ਅਣਦੇਖੀ ਕਾਰਨ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸਿਹਤ ਮੰਤਰੀ ਵੱਲੋਂ ਪੈਨਲ ਮੀਟਿੰਗ ਦਾ ਲਿਖਤੀ ਭਰੋਸਾ ਦੇਣ ਦੇ ਬਾਵਜੂਦ ਅਧਿਕਾਰੀ ਵਾਰ-ਵਾਰ ਮੀਟਿੰਗ ਦਾ ਸਮਾਂ ਅਤੇ ਤਰੀਕਾਂ ਬਦਲ ਕੇ ਮੰਗਾਂ ਮੰਨਣ ਤੋ ਟਾਲ-ਮਟੋਲ ਕਰ ਰਹੇ ਹਨ। ਪਹਿਲਾਂ ਉਨ੍ਹਾਂ ਨੂੰ 19 ਅਗਸਤ, ਫਿਰ 21 ਤੇ 22 ਅਗਸਤ ਨੂੰ ਮੀਟਿੰਗ ਦਾ ਸਮਾਂ ਦਿੱਤਾ ਗਿਆ ਸੀ ਪ੍ਰੰਤੂ ਅਧਿਕਾਰੀਆਂ ਨੇ ਅੱਜ ਵੀ ਸਿਹਤ ਮੰਤਰੀ ਦੇ ਜ਼ਰੂਰੀ ਰੁਝੇਵਿਆਂ ਦੀ ਦੁਹਾਈ ਦਿੰਦਿਆਂ ਮੀਟਿੰਗ ਮੁਲਤਵੀ ਕਰ ਦਿੱਤੀ।
ਯੂਨੀਅਨ ਆਗੂਆਂ ਨੇ ਦੱਸਿਆ ਕਿ ਉਹ ਪਿਛਲੇ 12 ਸਾਲਾਂ ਤੋਂ ਸਿਹਤ ਵਿਭਾਗ ਵਿੱਚ ਨਿਗੂਣੀਆਂ ਤਨਖ਼ਾਹਾਂ ’ਤੇ ਕੰਮ ਕਰ ਰਹੀਆਂ ਹਨ। ਅਕਾਲੀ ਸਰਕਾਰ ਨੇ ਸੂਬੇ ਦੇ ਵਿੱਤੀ ਹਾਲਾਤ ਮਾੜੇ ਦੱਸ ਕੇ ਸਿਹਤ ਸੇਵਾਵਾਂ ਵਿੱਚ ਸੁਧਾਰ ਕਰਨ ਲਈ ਉਨ੍ਹਾਂ ਨੂੰ ਠੇਕੇ ’ਤੇ ਭਰਤੀ ਕੀਤਾ ਸੀ। ਇਸ ਮਗਰੋਂ ਵਿਭਾਗ ਵਿੱਚ ਕੋਈ ਰੈਗੂਲਰ ਅਸਾਮੀ ਨਹੀਂ ਕੱਢੀ ਗਈ। ਉਨ੍ਹਾਂ ਦੱਸਿਆ ਕਿ ਕਾਫੀ ਮਹਿਲਾ ਮੁਲਾਜ਼ਮਾਂ ਦੀ ਉਮਰ ਬੀਤਦੀ ਜਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਰੈਗੂਲਰ ਕੀਤਾ ਜਾਵੇ ਅਤੇ ਪੂਰੀ ਤਨਖ਼ਾਹ ਦਿੱਤੀ ਜਾਵੇ। ਕਿਉਂਕਿ ਮੌਜੂਦਾ ਵਿੱਚ ਦਿੱਤੀ ਜਾ ਰਹੀ ਤਨਖ਼ਾਹ ਨਾਲ ਘਰ ਦਾ ਗੁਜ਼ਾਰਾ ਚਲਾਉਣਾ ਕਾਫੀ ਅੌਖਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤੱਕ ਰਿਪੋਰਟਾਂ ਦਾ ਬਾਈਕਾਟ ਜਾਰੀ ਰਹੇਗਾ। ਜੇਕਰ ਫਿਰ ਵੀ ਸਰਕਾਰ ਨੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨਹੀਂ ਮੰਨੀਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
ਇਸ ਮੌਕੇ ਅਮਰੀਕ ਸਿੰਘ ਧਾਲੀਵਾਲ, ਰਾਜਵਿੰਦਰ ਕੌਰ, ਬਲਜੀਤ ਕੌਰ, ਬਬੀਤਾ ਰਾਣੀ, ਪਰਨੀਤ ਕੌਰ, ਕਰਨਾ ਅੰਮ੍ਰਿਤਸਰ, ਪਰਮਜੀਤ ਕੌਰ, ਸਰਬਜੀਤ ਕੌਰ ਸੰਗਰੂਰ, ਪ੍ਰਭਦੀਪ ਤਰਨਤਾਰਨ, ਪਰਮਜੀਤ ਕੌਰ ਪਟਿਆਲਾ, ਬਲਵਿੰਦਰ ਕੌਰ ਬਰਨਾਲਾ ਅਤੇ ਹੋਰ ਕਰਮਚਾਰਨਾਂ ਹਾਜ਼ਰ ਸਨ।
(ਬਾਕਸ ਆਈਟਮ)
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਵਫ਼ਦ ਨੂੰ ਬੜੇ ਧਿਆਨ ਨਾਲ ਸੁਣਿਆ ਅਤੇ ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ (ਫੀਮੇਲ) ਦੀਆਂ ਜਾਇਜ਼ ਮੰਗਾਂ ਮੰਨਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ 5 ਸਤੰਬਰ ਨੂੰ ਯੂਨੀਅਨ ਦੇ ਮੋਹਰੀ ਆਗੂਆਂ ਅਤੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਪੈਨਲ ਮੀਟਿੰਗ ਸੱਦੀ ਜਾਵੇਗੀ। ਜਿਸ ਵਿੱਚ ਕਰਮਚਾਰਨਾਂ ਦੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਮੁਲਾਜ਼ਮਾਂ ਦੇ ਮਸਲਿਆਂ ਨੂੰ ਮੁੱਖ ਮੰਤਰੀ ਗੰਭੀਰਤਾ ਨਾਲ ਲੈ ਕੇ ਪੜਾਅਵਾਰ ਨਿਪਟਾਰਾ ਕਰ ਰਹੇ ਹਨ।

Load More Related Articles
Load More By Nabaz-e-Punjab
Load More In General News

Check Also

Punjab Police Averts Possible Target Killing With Arrest Of Six Members Of Kaushal Chaudhary Gang; Six Pistols Recovered

Punjab Police Averts Possible Target Killing With Arrest Of Six Members Of Kaushal Chaudha…