Share on Facebook Share on Twitter Share on Google+ Share on Pinterest Share on Linkedin ਨਾਜਾਇਜ਼ ਕਬਜ਼ਿਆਂ ਬਾਰੇ ਅਧਿਕਾਰੀਆਂ ਦੀ ਢਿੱਲੀ ਕਾਰਗੁਜ਼ਾਰੀ ਖ਼ਿਲਾਫ਼ ਵਫ਼ਦ ਡੀਸੀ ਨੂੰ ਮਿਲਿਆ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਤੇ ਪੀੜਤ ਲੋਕਾਂ ਵੱਲੋਂ 15 ਅਗਸਤ ਨੂੰ ਮੰਤਰੀ ਨੂੰ ਕਾਲੇ ਝੰਡੇ ਦਿਖਾਉਣ ਦਾ ਐਲਾਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਅਗਸਤ: ਸਰਕਾਰੀ ਅੱਤਿਆਚਾਰ ਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ, ਡੈਮੋਕ੍ਰੇਟਿਕ ਸਵਰਾਜ ਪਾਰਟੀ ਪੰਜਾਬ ਅਤੇ ਪੰਚਾਇਤ ਯੂਨੀਅਨ ਦੇ ਮੋਹਰੀ ਆਗੂਆਂ ਪ੍ਰੋ. ਮਨਜੀਤ ਸਿੰਘ, ਹਰਮਿੰਦਰ ਸਿੰਘ ਮਾਵੀ ਅਤੇ ਬਲਵਿੰਦਰ ਸਿੰਘ ਕੁੰਭੜਾ ਦੀ ਸਾਂਝੀ ਅਗਵਾਈ ਹੇਠ ਮੁਹਾਲੀ ਨਗਰ ਨਿਗਮ ਅਧੀਨ ਆਉਂਦੇ ਪਿੰਡ ਕੁੰਭੜਾ ਸਮੇਤ ਹੋਰ ਵੱਖ ਵੱਖ ਪਿੰਡਾਂ ਵਿੱਚ ਸਰਕਾਰੀ ਜ਼ਮੀਨਾਂ ’ਤੇ ਹੋ ਰਹੇ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਪੀੜਤ ਲੋਕਾਂ ਦਾ ਇਕ ਉੱਚ ਪੱਧਰੀ ਵਫ਼ਦ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੂੰ ਮਿਲਿਆ। ਕਾਫੀ ਦੇਰ ਤੱਕ ਚੱਲੀ ਇਸ ਮੀਟਿੰਗ ਵਿੱਚ ਆਗੂਆਂ ਨੇ ਡੀਸੀ ਦੇ ਧਿਆਨ ਵਿੱਚ ਲਿਆਂਦਾ ਕਿ ਉਹ ਪਿਛਲੇ ਕਰੀਬ ਡੇਢ ਦਹਾਕੇ ਤੋਂ ਸ਼ਾਮਲਾਤ ਜ਼ਮੀਨਾਂ ’ਤੇ ਹੋਏ ਨਾਜਾਇਜ਼ ਕਬਜ਼ੇ ਛੁਡਾਉਣ ਲਈ ਪੈਰਵੀ ਕਰ ਰਹੇ ਹਨ ਲੇਕਿਨ ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਡੀਸੀ ਨੂੰ ਦੱਸਿਆ ਕਿ ਮੁੱਖ ਮੰਤਰੀ ਨੇ 25 ਜਨਵਰੀ 2018 ਨੂੰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਪੱਤਰ ਭੇਜ ਕੇ ਸ਼ਿਕਾਇਤਾਂ ਦਾ ਨਿਬੇੜਾ ਕਰਕੇ ਸਰਕਾਰ ਨੂੰ ਰਿਪੋਰਟ ਭੇਜਣ ਲਈ ਕਿਹਾ ਸੀ। ਇੰਝ ਹੀ ਡੀਸੀ ਨੇ ਬੀਤੀ 19 ਜੁਲਾਈ ਨੂੰ ਡੀਡੀਪੀਓ ਅਤੇ ਬੀਡੀਪੀਓ ਨੂੰ ਪੱਤਰ ਲਿਖ ਕੇ ਧਰਮਗੜ੍ਹ ਵਿੱਚ ਨਾਜਾਇਜ਼ ਕਬਜ਼ਾ ਹਟਾ ਕੇ ਉਨ੍ਹਾਂ (ਡੀਸੀ) ਨੂੰ ਰਿਪੋਰਟ ਦੇਣ ਲਈ ਆਖਿਆ ਸੀ ਲੇਕਿਨ ਹੁਣ ਤੱਕ ਅਧਿਕਾਰੀਆਂ ਨੇ ਬਣਦੀ ਕਾਰਵਾਈ ਨਹੀਂ ਕੀਤੀ। ਡੈਮੋਕ੍ਰੇਟਿਕ ਸਵਰਾਜ ਪਾਰਟੀ ਦੇ ਸੂਬਾ ਪ੍ਰਧਾਨ ਪ੍ਰੋ. ਮਨਜੀਤ ਸਿੰਘ ਨੇ ਕਿਹਾ ਕਿ ਇਸ ਸਬੰਧੀ ਉਕਤ ਜਥੇਬੰਦੀਆਂ ਅਤੇ ਪੀੜਤ ਲੋਕਾਂ ਵੱਲੋਂ ਸਾਂਝੇ ਤੌਰ ’ਤੇ ਰੋਸ ਮੁਜ਼ਾਹਰੇ, ਧਰਨੇ ਅਤੇ ਰੋਸ ਮਾਰਚ ਕੀਤੇ ਜਾ ਚੁੱਕੇ ਹਨ ਲੇਕਿਨ ਸਬੰਧਤ ਅਧਿਕਾਰੀਆਂ ਦੇ ਕੰਨ ’ਤੇ ਜੂੰ ਤੱਕ ਨਹੀਂ ਸਰਕੀ। ਪੰਚਾਇਤ ਯੂਨੀਅਨ ਦੇ ਸੂਬਾ ਪ੍ਰਧਾਨ ਹਰਮਿੰਦਰ ਸਿੰਘ ਮਾਵੀ ਨੇ ਵੀ ਧਰਨੇ ਵਿੱਚ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਅਫ਼ਸਰਸ਼ਾਹੀ ਅਤੇ ਸਿਆਸੀ ਆਗੂਆਂ ਦੀ ਮਿਲੀਭੁਗਤ ਸਰਕਾਰੀ ਜ਼ਮੀਨਾਂ ਉੱਤੇ ਨਾਜਾਇਜ਼ ਕਬਜ਼ੇ ਹੋ ਰਹੇ ਹਨ। ਜਿਸ ਕਾਰਨ ਸ਼ਿਕਾਇਤਾਂ ਦੇਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਹੋ ਰਹੀ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਕਰੀਬ 33 ਏਕੜ ਬਹੁ ਕੀਮਤੀ ਜ਼ਮੀਨ ਨਾਜਾਇਜ਼ ਕਬਜ਼ੇ ਹੇਠ ਹੈ। ਮੁਹਾਲੀ, ਖਰੜ, ਜ਼ੀਰਕਪੁਰ ਅਤੇ ਡੇਰਾਬੱਸੀ ਵਿੱਚ ਪ੍ਰਾਈਵੇਟ ਬਿਲਡਰਾਂ ਨੇ ਸਰਕਾਰੀ ਰਸਤਿਆਂ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਉਸਾਰੀਆਂ ਕਰ ਦਿੱਤੀਆਂ ਹਨ। ਕਈ ਥਾਵਾਂ ’ਤੇ ਖੇਤਾਂ ਨੂੰ ਜਾਂਦੇ ਰਸਤਿਆਂ ਦੀ ਹੋਂਦ ਹੀ ਮਿਟਾ ਦਿੱਤੀ ਗਈ ਹੈ। ਸ੍ਰੀ ਬਲਵਿੰਦਰ ਕੁੰਭੜਾ ਨੇ ਕਿਹਾ ਕਿ ਪਿੰਡ ਕੁੰਭੜਾ ਸਮੇਤ ਪਿੰਡ ਧਰਮਗੜ੍ਹ, ਪਿੰਡ ਮੱਕੜਿਆਂ, ਪਿੰਡ ਜੌਲੀ, ਪਿੰਡ ਧੜਾਕ, ਮਾਣਕਪੁਰ ਕੱਲਰ ਸਮੇਤ ਹੋਰਨਾਂ ਥਾਵਾਂ ’ਤੇ ਸਰਕਾਰੀ ਜ਼ਮੀਨਾਂ ਉੱਤੇ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ। ਇਸ ਸਬੰਧੀ ਪਿਛਲੇ ਲੰਮੇ ਸਮੇਂ ਤੋਂ ਉੱਚ ਅਧਿਕਾਰੀਆਂ ਨੂੰ ਸ਼ਿਕਾਇਤਾਂ ਵੀ ਦਿੱਤੀਆਂ ਜਾ ਚੁੱਕੀਆਂ ਹਨ ਲੇਕਿਨ ਹੁਣ ਤੱਕ ਅਰਬਾਂ ਰੁਪਏ ਦੀਆਂ ਜ਼ਮੀਨਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਨਹੀਂ ਕਰਵਾਇਆ ਗਿਆ। ਪਹਿਲਾਂ ਅਕਾਲੀ ਸਰਕਾਰ ਸਮੇਤ ਹੁਣ ਕੈਪਟਨ ਸਰਕਾਰ ਨਾਜਾਇਜ਼ ਕਬਜ਼ੇ ਛੁਡਾਉਣ ਲਈ ਸਰੂਖਵਾਨਾਂ ਖ਼ਿਲਾਫ਼ ਕਾਰਵਾਈ ਤੋਂ ਪੱਲਾ ਝਾੜ ਰਹੀ ਹੈ। ਜਦੋਂਕਿ ਇਨ੍ਹਾਂ ਜ਼ਮੀਨਾਂ ਤੋਂ ਹੋਣ ਵਾਲੀ ਆਮਦਨ ਨਾਲ ਵੱਡੇ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਜਾ ਸਕਦੇ ਹਨ। ਆਗੂਆਂ ਨੇ ਹਫ਼ਤੇ ਦਾ ਅਲਟੀਮੇਟਮ ਦਿੰਦੇ ਹੋਏ ਕਿਹਾ ਕਿ ਜੇਕਰ ਇਸ ਦੌਰਾਨ ਸ਼ਿਕਾਇਤਾਂ ਦਾ ਨਿਬੇੜਾ ਨਹੀਂ ਕੀਤਾ ਗਿਆ ਤਾਂ 15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਮੰਤਰੀ ਨੂੰ ਕਾਲੇ ਝੰਡੇ ਦਿਖਾ ਕੇ ਰੋਸ ਵਿਖਾਵਾ ਕੀਤਾ ਜਾਵੇਗਾ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਵਰਿੰਦਰ ਸਿੰਘ, ਮੀਤ ਪ੍ਰਧਾਨ ਬਲਵਿੰਦਰ ਸਿੰਘ ਮਾਣਕਪੁਰ ਕੱਲਰ, ਨਰਿੰਦਰ ਸਿੰਘ ਜੌਲੀ ਸਰਪੰਚ, ਲਖਵੀਰ ਸਿੰਘ ਬਡਾਲਾ, ਮਨਜੀਤ ਸਿੰਘ, ਰੁਪਿੰਦਰ ਕੌਰ ਤੇ ਗੁਰਮੀਤ ਕੌਰ ਧਰਮਗੜ੍ਹ, ਵਰਿੰਦਰ ਸਿੰਘ ਸਾਬਕਾ ਸਰਪੰਚ ਚੋਟਲਾ, ਵਰਿੰਦਰ ਸਿੰਘ ਬਿੱਟੂ, ਪ੍ਰੇਮ ਸਿੰਘ ਝਿਊਰਹੇੜੀ ਸਾਬਕਾ ਸਰਪੰਚ, ਓਮ ਪ੍ਰਕਾਸ਼ ਮੱਕੜਿਆਂ, ਮੇਜਰ ਸਿੰਘ ਅਕਾਲਗੜ੍ਹ, ਸੁਖਪਾਲ ਸਿੰਘ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ