Nabaz-e-punjab.com

ਸਿੱਖ ਦੰਗਾ ਪੀੜਤ ਪਰਿਵਾਰਾਂ ਦਾ ਵਫ਼ਦ ਮੁਹਾਲੀ ਵਿੱਚ ਡੀਸੀ ਗਿਰੀਸ਼ ਦਿਆਲਨ ਨੂੰ ਮਿਲਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਜੁਲਾਈ:
ਨਵੰਬਰ 1984 ਦੇ ਦੰਗਾ ਪੀੜਤ ਪਰਿਵਾਰਾਂ ਦਾ ਵਫ਼ਦ ਅੱਜ ਇੱਥੇ ਸਿੱਖ ਕਤਲੇਆਮ ਪੀੜਤ ਸੁਸਾਇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਭਾਟੀਆ ਦੀ ਅਗਵਾਈ ਹੇਠ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੂੰ ਮਿਲਿਆ ਅਤੇ ਉਨ੍ਹਾਂ ਨੂੰ ਇਕ ਮੰਗ ਪੱਤਰ ਸੌਂਪਦਿਆਂ ਮੰਗ ਕੀਤੀ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਫੈਸਲੇ ਅਤੇ ਪੰਜਾਬ ਸਰਕਾਰ ਦੀ ਨੀਤੀ ਅਨੁਸਾਰ ਮਕਾਨ ਅਤੇ ਬੂਥ ਹਾਸਲ ਕਰਨ ਵਾਲੇ 1984 ਦੇ ਸਿੱਖ ਦੰਗਾ ਪੀੜਤ ਪਰਿਵਾਰਾਂ ਨਾਲ ਹੋ ਰਹੀਆਂ ਵਧੀਕੀਆਂ ’ਤੇ ਰੋਕ ਲਗਾਈ ਜਾਵੇ ਅਤੇ ਪੀੜਤ ਪਰਿਵਾਰਾਂ ਦੀਆਂ ਸਮੱਸਿਆਵਾਂ ਦਾ ਸਥਾਈ ਹੱਲ ਕੀਤਾ ਜਾਵੇ।
ਵਫ਼ਦ ਨੇ ਡਿਪਟੀ ਕਮਿਸ਼ਨਰ (ਜੋ ਦੰਗਾ ਪੀੜਤ ਅਲਾਟਮੈਂਟ ਕਮੇਟੀ ਦੇ ਚੇਅਰਮੈਨ ਵੀ ਹਨ) ਨੂੰ ਦੱਸਿਆ ਕਿ ਪੰਜਾਬ ਸਰਕਾਰ ਨੇ 2008 ਦੀ ਕੈਬਨਿਟ ਵਿੱਚ ਪੁਰਾਣੀਆਂ ਨੀਤੀਆਂ ਨੂੰ ਲਾਗੂ ਕਰਨ ਦਾ ਫੈਸਲਾ ਕੀਤਾ ਸੀ। ਇਸ ਦੌਰਾਨ ਸਰਕਾਰ ਵੱਲੋਂ ਹਾਈ ਕੋਰਟ ਵਿੱਚ ਹਲਫ਼ੀਆ ਬਿਆਨ ਦਿੱਤਾ ਗਿਆ ਸੀ ਕਿ ਛੇ ਮਹੀਨਿਆਂ ਦੇ ਅੰਦਰ ਦੰਗਾ ਪੀੜਤਾਂ ਨੂੰ ਮਕਾਨ ਅਤੇ ਬੂਥ ਅਲਾਟ ਕੀਤੇ ਜਾਣਗੇ। ਉਨ੍ਹਾਂ ਡੀਸੀ ਨੂੰ ਦੱਸਿਆ ਕਿ ਸਰਕਾਰ ਵੱਲੋਂ ਦੰਗਾ ਪੀੜਤ ਪਰਿਵਾਰਾਂ ਨੂੰ ਸੈਕਟਰ-77 ਵਿੱਚ ਅਲਾਟਮੈਂਟ ਕੀਤੀ ਗਈ ਸੀ, ਜੋ ਕਿ ਨੀਤੀ ਤਹਿਤ ਨਹੀਂ ਸੀ ਅਤੇ ਪਿਛਲੇ 12 ਸਾਲਾਂ ਦੌਰਾਨ ਗਮਾਡਾ ਵੱਲੋਂ ਉੱਥੇ ਕੋਈ ਵੀ ਸੁਵਿਧਾ ਉਪਲਬਧ ਨਹੀਂ ਕਰਵਾਈ ਗਈ। ਜਿਸ ਕਾਰਨ ਪੀੜਤ ਪਰਿਵਾਰਾਂ ਨੂੰ ਦੋਹਰੀ ਮਾਰ ਝੱਲਣੀ ਪਈ ਹੈ। ਉਨ੍ਹਾਂ ਮੰਗ ਕੀਤੀ ਕਿ ਉਹ ਨਿੱਜੀ ਦਿਲਚਸਪੀ ਲੈ ਕੇ ਖ਼ੁਦ ਮੌਕਾ ਦੇਖਣ ਅਤੇ ਦੰਗਾ ਪੀੜਤਾਂ ਦੇ ਹੱਲ ਲਈ ਠੋਸ ਕਾਰਵਾਈ ਨੂੰ ਯਕੀਨੀ ਬਣਾਉਣ।
ਸ੍ਰੀ ਭਾਟੀਆ ਨੇ ਦੱਸਿਆ ਕਿ ਡੀਸੀ ਗਿਰੀਸ਼ ਦਿਆਲਨ ਨੇ ਦੰਗਾ ਪੀੜਤਾਂ ਦੇ ਵਫ਼ਦ ਨੂੰ ਬੜੇ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਉਹ ਖ਼ੁਦ ਮੌਕੇ ਦਾ ਜਾਇਜ਼ਾ ਲੈਣਗੇ ਅਤੇ ਦੰਗਾ ਪੀੜਤਾ ਦੀ ਭਲਾਈ ਲਈ ਠੋਸ ਕਾਰਵਾਈ ਕੀਤੀ ਜਾਵੇਗੀ। ਡੀਸੀ ਨੂੰ ਮਿਲੇ ਵਫ਼ਦ ਵਿੱਚ ਮਨਜੀਤ ਸਿੰਘ, ਮਨਜਿੰਦਰ ਸਿੰਘ, ਪਰਵੀਨ ਕੌਰ, ਕੁਲਦੀਪ ਕੌਰ, ਮਨਜੀਤ ਕੌਰ, ਹਰਮਿੰਦਰ ਸਿੰਘ, ਇੰਦਰਜੀਤ ਸਿੰਘ, ਬਲਵਿੰਦਰ ਸਿੰਘ, ਕਸ਼ਮੀਰ ਸਿੰਘ, ਪ੍ਰਿਤਪਾਲ ਸਿੰਘ ਵੀ ਸ਼ਾਮਲ ਸਨ।

Load More Related Articles

Check Also

ਜੌਗਰਫ਼ੀ ਟੀਚਰਜ਼ ਯੂਨੀਅਨ ਦਾ ਵਫ਼ਦ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਮਿਲਿਆ

ਜੌਗਰਫ਼ੀ ਟੀਚਰਜ਼ ਯੂਨੀਅਨ ਦਾ ਵਫ਼ਦ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਮਿਲਿਆ ਪੰਜਾਬ ਵਿੱਚ 2000 ’ਚੋਂ ਸਿਰਫ਼ 25…