Nabaz-e-punjab.com

ਕਿਸਾਨ ਯੂਨੀਅਨ ਦਾ ਵਫ਼ਦ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਨੂੰ ਮਿਲਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਜਨਵਰੀ:
ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਇਕ ਵਫ਼ਦ ਨੇ ਅੱਜ ਯੂਨੀਅਨ ਦੇ ਸੂਬਾਈ ਮੀਤ ਪ੍ਰਧਾਨ ਮੇਹਰ ਸਿੰਘ ਥੇੜੀ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਪੰਜਾਬ ਦੇ ਡਾਇਰੈਕਟਰ ਨਾਲ ਮੁਲਾਕਾਤ ਕੀਤੀ ਅਤੇ ਕਿਸਾਨਾਂ ਖ਼ਿਲਾਫ਼ ਪਰਾਲੀ ਸਾੜਨ ਸਬੰਧੀ ਕੀਤੇ ਗਏ ਕੇਸ ਅਤੇ ਜੁਰਮਾਨੇ ਦੇ ਨੋਟਿਸ ਭੇਜਣ ਦੀ ਕਾਰਵਾਈ ’ਤੇ ਤੁਰੰਤ ਰੋਕ ਲਗਾਈ ਜਾਵੇ। ਇਸ ਸਬੰਧੀ ਵਫ਼ਦ ਨੇ ਅਧਿਕਾਰੀ ਨੂੰ ਕਿਸਾਨੀ ਮੰਗਾਂ ਸਬੰਧੀ ਮੰਗ ਪੱਤਰ ਵੀ ਦਿੱਤਾ।
ਕਿਸਾਨ ਆਗੂਆਂ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਜੁਰਮਾਨੇ ਸਬੰਧੀ ਨੋਟਿਸ ਭੇਜੇ ਜਾ ਰਹੇ ਹਨ। ਜਿਸ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਕਰਜ਼ੇ ਦੇ ਬੋਝ ਥੱਲੇ ਕਿਸਾਨਾਂ ਨੂੰ ਹੁਣ ਦੋਹਰੀ ਮਾਰ ਝੱਲਣੀ ਪੈ ਰਹੀ ਹੈ। ਸਰਕਾਰ ਦੀ ਇਸ ਕਾਰਵਾਈ ਦੇ ਚੱਲਦਿਆਂ ਪੀੜਤ ਕਿਸਾਨ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਹਨ। ਪੱਤਰ ਵਿੱਚ ਕਿਹਾ ਗਿਆ ਹੈ ਕਿ ਜੈਤੋ ਮੰਡੀ ਵਿੱਚ ਕਿਸਾਨ ਅੰਦੋਲਨ ਦੌਰਾਨ ਇਕ ਪੀੜਤ ਕਿਸਾਨ ਵੱਲੋਂ ਜੁਰਮਾਨੇ ਦੀ ਕਾਰਵਾਈ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਈ ਸੀ। ਇਸ ਅੰਦੋਲਨ ਤੋਂ ਬਾਅਦ ਸਰਕਾਰ ਦੇ ਨੁਮਾਇੰਦਿਆਂ ਅਤੇ ਹੋਰ ਅਧਿਕਾਰੀਆਂ ਨੇ ਇਹ ਭਰੋਸਾ ਦਿੱਤਾ ਸੀ ਕਿ ਕਿਸੇ ਨੂੰ ਕਿਸਾਨ ਨੂੰ ਪਰਾਲੀ ਸਾੜਨ ਸਬੰਧੀ ਤੰਗ ਪ੍ਰੇਸ਼ਾਨ ਨਹੀਂ ਕੀਤਾ ਜਾਵੇਗਾ ਪ੍ਰੰਤੂ ਇਸ ਦੇ ਬਾਵਜੂਦ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਜੁਰਮਾਨੇ ਅਤੇ ਕੇਸਾਂ ਸਬੰਧੀ ਨੋਟਿਸ ਭੇਜੇ ਜਾ ਰਹੇ ਹਨ।
ਕਿਸਾਨ ਆਗੂਆਂ ਨੇ ਕਿਹਾ ਕਿ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਫਾਰਮ ਭਰਵਾ ਕੇ 2500 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦਾ ਭਰੋਸਾ ਦਿੱਤਾ ਗਿਆ ਸੀ ਪ੍ਰੰਤੂ ਹੁਣ ਤੱਕ ਕਿਸੇ ਵੀ ਕਿਸਾਨ ਮੁਆਵਜ਼ਾ ਨਹੀਂ ਦਿੱਤਾ ਗਿਆ ਹੈ। ਜਿਨ੍ਹਾਂ ਕਿਸਾਨਾਂ ਨੇ ਸਰਕਾਰ ਦੇ ਕਹਿਣ ’ਤੇ ਖੇਤਾਂ ਵਿੱਚ ਪਰਾਲੀ ਦੀ ਵਾਹੀ ਕੀਤੀ ਗਈ ਸੀ, ਉਨ੍ਹਾਂ ਕਿਸਾਨਾਂ ’ਚੋਂ ਕਈ ਕਿਸਾਨਾਂ ਦੇ ਖੇਤਾਂ ਵਿੱਚ ਕਣਕ ਦੀਆਂ ਜੜਾਂ ਨੂੰ ਸੁੰਡੀ ਲੱਗਣ ਕਾਰਨ ਕਾਫ਼ੀ ਨੁਕਸਾਨ ਪੁੱਜਾ ਹੈ। ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਨੂੰ ਭੇਜੇ ਜਾਣ ਵਾਲੇ ਨੋਟਿਸ ਤੁਰੰਤ ਬੰਦ ਕੀਤੇ ਜਾਣ, ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਦਿੱਤਾ ਜਾਵੇ ਅਤੇ ਖੇਤਾਂ ਵਿੱਚ ਪਰਾਲੀ ਵਾਹੁਣ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ ਵੀ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ।
ਇਸ ਮੌਕੇ ਯੂਨੀਅਨ ਦੇ ਵਿੱਤ ਸਕੱਤਰ ਮਾਨ ਸਿੰਘ ਰਾਜਪੁਰਾ, ਬਹਾਦਰ ਸਿੰਘ ਨਿਆਮੀਆਂ ਜਨਰਲ ਸਕੱਤਰ ਜ਼ਿਲ੍ਹਾ ਮੁਹਾਲੀ, ਜਸਵੰਤ ਸਿੰਘ ਭੁਖੜੀ ਸਕੱਤਰ ਮੁਹਾਲੀ, ਜਸਵੰਤ ਸਿੰਘ ਨੰਡਿਆਲੀ ਜਨਰਲ ਸਕੱਤਰ ਜ਼ਿਲ੍ਹਾ ਪਟਿਆਲਾ, ਤਰਲੋਚਨ ਸਿੰਘ ਨੰਡਿਆਲੀ, ਕੁਲਵਿੰਦਰ ਸਿੰਘ ਉਧਮਪੁਰ ਜ਼ਿਲ੍ਹਾ ਪ੍ਰਧਾਨ ਰੂਪਨਗਰ ਅਤੇ ਹਰਜੀਤ ਸਿੰਘ ਟਹਿਲਪੁਰਾ ਕਮੇਟੀ ਮੈਂਬਰ ਸ਼ਾਮਲ ਸਨ।

Load More Related Articles
Load More By Nabaz-e-Punjab
Load More In General News

Check Also

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, 14 ਜਨਵ…