ਦਸਵੀਂ ਤੇ ਬਾਰ੍ਹਵੀਂ ਦੀਆਂ ਪ੍ਰੀਖਿਆ ਫੀਸਾਂ ਸਬੰਧੀ ਜੀਟੀਯੂ ਦਾ ਵਫ਼ਦ ਬੋਰਡ ਦੇ ਚੇਅਰਮੈਨ ਨੂੰ ਮਿਲਿਆ

ਜੀਟੀਯੂ ਨੇ ਬੋਰਡ ਮੁਖੀ ਨੂੰ ਪ੍ਰੀਖਿਆ ਫੀਸਾਂ ਮੁਆਫ਼ ਕਰਨ ਦੀ ਲਗਾਈ ਗੁਹਾਰ

ਅਧਿਆਪਕਾਂ ਨੂੰ ਫੀਸਾਂ ਇਕੱਠੀਆਂ ਕਰਨ ਵਿੱਚ ਆ ਰਹੀਆਂ ਭਾਰੀ ਦਿੱਕਤ ਬਾਰੇ ਦੱਸਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਦਸੰਬਰ:
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਲਈਆਂ ਜਾਣ ਵਾਲੀਆਂ ਦਸਵੀਂ ਅਤੇ ਬਾਰ੍ਹਵੀਂ ਸ਼ੇ੍ਰਣੀ ਦੀਆਂ ਪ੍ਰੀਖਿਆਵਾਂ ਸਬੰਧੀ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਪ੍ਰੀਖਿਆ ਫੀਸਾਂ ਨੂੰ ਲੈ ਕੇ ਅੱਜ ਗੌਰਮਿੰਟ ਟੀਚਰਜ਼ ਯੂਨੀਅਨ (ਜੀਟੀਯੂ) ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਦੀ ਅਗਵਾਈ ਹੇਠ ਇਕ ਵਿਸ਼ੇਸ਼ ਵਫ਼ਦ ਨੇ ਸਿੱਖਿਆ ਬੋਰਡ ਦੇ ਚੇਅਰਮੈਨ ਪ੍ਰੋ. ਯੋਗਰਾਜ ਨਾਲ ਮੁਲਾਕਾਤ ਕੀਤੀ। ਯੂਨੀਅਨ ਆਗੂਆਂ ਨੇ ਕਿਹਾ ਕਿ ਕਰੋਨਾ ਮਹਾਮਾਰੀ ਕਾਰਨ ਵਿਦਿਆਰਥੀਆਂ ਤੋਂ ਵਸੂਲੀਆਂ ਜਾ ਰਹੀਆਂ ਸਾਲਾਨਾ ਪ੍ਰੀਖਿਆ ਫੀਸਾਂ ਮੁਆਫ਼ ਕੀਤੀਆਂ ਜਾਣ।
ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਦੌੜਕਾ ਅਤੇ ਸੁਰਜੀਤ ਸਿੰਘ ਮੁਹਾਲੀ ਨੇ ਦੱਸਿਆ ਕਿ ਇਸ ਮੁਲਾਕਾਤ ਦੌਰਾਨ ਬੋਰਡ ਮੁਖੀ ਦੇ ਧਿਆਨ ਵਿੱਚ ਲਿਆਂਦਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ-19 ਦੇ ਮੱਦੇਨਜ਼ਰ ਕਾਰਨ ਸਕੂਲੀ ਬੱਚਿਆਂ ਦੀਆਂ ਫੀਸਾਂ ਮੁਆਫ਼ ਕਰਨ ਦਾ ਐਲਾਨ ਕੀਤਾ ਹੋਇਆ ਹੈ ਪ੍ਰੰਤੂ ਹੁਣ ਸਕੂਲ ਬੋਰਡ ਵੱਲੋਂ ਵਸੂਲੀਆਂ ਜਾ ਰਹੀਆਂ ਪ੍ਰੀਖਿਆਵਾਂ ਫੀਸਾਂ ਕਾਰਨ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵਿੱਚ ਖਲਬਲੀ ਮੱਚੀ ਹੋਈ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਫੀਸਾਂ ਇਕੱਠੀਆਂ ਕਰਨ ਵਿੱਚ ਭਾਰੀ ਦਿੱਕਤ ਆ ਰਹੀ ਹੈ। ਜਥੇਬੰਦੀ ਵੱਲੋਂ ਚੁੱਕੇ ਫੀਸਾਂ ਦੇ ਮੁੱਦੇ ਸਬੰਧੀ ਚੇਅਰਮੈਨ ਪ੍ਰੋ. ਯੋਗਰਾਜ ਨੇ ਭਰੋਸਾ ਦਿੱਤਾ ਕਿ ਪ੍ਰੀਖਿਆ ਫੀਸ ਮੁਆਫ਼ ਕਰਨ ਬਾਰੇ ਪੰਜਾਬ ਸਰਕਾਰ ਨੂੰ ਪੱਤਰ ਲਿਖਿਆ ਜਾਵੇਗਾ। ਉਂਜ ਉਨ੍ਹਾਂ ਕਿਹਾ ਕਿ ਫਿਲਹਾਲ ਪ੍ਰੀਖਿਆ ਫੀਸਾਂ ਵਸੂਲਣ ਦੀ ਅੰਤਿਮ ਮਿਤੀ ਵਿੱਚ 15 ਦਿਨ ਦਾ ਹੋਰ ਵਾਧਾ ਕੀਤਾ ਜਾਵੇਗਾ। ਜਥੇਬੰਦੀ ਨੇ ਖ਼ਦਸ਼ਾ ਜਾਹਰ ਕੀਤਾ ਕਿ ਜੇਕਰ ਪ੍ਰੀਖਿਆ ਫੀਸਾਂ ਮੁਆਫ਼ ਨਹੀਂ ਕੀਤੀਆਂ ਗਈਆਂ ਤਾਂ ਬਹੁਤ ਸਾਰੇ ਵਿਦਿਆਰਥੀ ਸਾਲਾਨਾ ਪ੍ਰੀਖਿਆ ਦੇਣ ਤੋਂ ਵਾਂਝੇ ਰਹਿ ਸਕਦੇ ਹਨ। ਇਸ ਮੌਕੇ ਰਣਜੀਤ ਸਿੰਘ ਮਾਨ, ਪ੍ਰਿੰਸੀਪਲ ਅਮਨਦੀਪ ਸ਼ਰਮਾ, ਬਲਵਿੰਦਰ ਸਿੰਘ ਭੁੱਟੋ, ਫਕੀਰ ਸਿੰਘ ਟਿੱਬਾ, ਨੀਰਜ ਯਾਦਵ, ਪਰਮਜੀਤ ਸਿੰਘ, ਬੱਗਾ ਸਿੰਘ, ਦੇਵੀ ਦਿਆਲ ਅਤੇ ਗੁਰਪ੍ਰੀਤ ਸਿੰਘ ਪਟਿਆਲਾ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …