ਠੇਕਾ ਮੁਲਾਜ਼ਮਾਂ ਨੂੰ ਪੱਕੇ ਹੋਣ ਦੀ ਆਸ ਬੱਝੀ, ਸਿਹਤ ਮੰਤਰੀ ਸਿੱਧੂ ਨੇ ਮੁਲਾਜ਼ਮਾਂ ਦੇ ਵਫ਼ਦ ਨੂੰ ਦਿੱਤਾ ਭਰੋਸਾ

ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਜਾਰੀ, ਕਰੋਨਾ ਮਹਾਮਾਰੀ ਕਾਰਨ ਹੋ ਰਿਹਾ ਹੈ ਕੰਮ ਲੇਟ: ਸਿੱਧੂ

ਮਾਹੌਲ ਸੁਖਾਵਾਂ ਹੋਣ ’ਤੇ ਕੈਬਨਿਟ ਸਬ ਕਮੇਟੀ ਵੱਲੋਂ ਪਹਿਲ ਦੇ ਆਧਾਰ ’ਤੇ ਲਿਆ ਜਾਵੇਗਾ ਮੁਲਾਜ਼ਮ ਪੱਖੀ ਫੈਸਲਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਅਗਸਤ:
ਸਿਹਤ ਵਿਭਾਗ ਸਮੇਤ ਹੋਰਨਾਂ ਵਿਭਾਗਾਂ ਵਿੱਚ ਕੰਮ ਕਰਦੇ ਠੇਕਾ ਮੁਲਾਜ਼ਮਾਂ ਨੂੰ ਨੇੜ ਭਵਿੱਖ ਵਿੱਚ ਪੱਕੇ ਹੋਣ ਦੀ ਆਸ ਬੱਝ ਗਈ ਹੈ। ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਪੈਰਾ ਮੈਡੀਕਲ ਤੇ ਸਿਹਤ ਕਰਮਚਾਰੀ ਯੂਨੀਅਨ ਦੇ ਵਫ਼ਦ ਨੂੰ ਭਰੋਸਾ ਦਿੱਤਾ ਹੈ ਕਿ ਚੋਣ ਵਾਅਦੇ ਅਨੁਸਾਰ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ ਪ੍ਰੰਤੂ ਕਰੋਨਾ ਮਹਾਮਾਰੀ ਦੇ ਮੱਦੇਨਜ਼ਰ ਪੰਜਾਬ ਵਿੱਚ ਪੈਦਾ ਹੋਏ ਮੌਜੂਦਾ ਹਾਲਾਤਾਂ ਕਾਰਨ ਇਹ ਪਛੜਦਾ ਜਾ ਰਿਹਾ ਹੈ। ਸ੍ਰੀ ਸਿੱਧੂ ਨੇ ਕਿਹਾ ਕਿ ਸੂਬੇ ਵਿੱਚ ਮਾਹੌਲ ਸੁਖਾਵਾਂ ਉਪਰੰਤ ਪਹਿਲ ਦੇ ਆਧਾਰ ’ਤੇ ਕੈਬਨਿਟ ਸਬ ਕਮੇਟੀ ਵੱਲੋਂ ਮੁਲਾਜ਼ਮ ਪੱਖੀ ਫੈਸਲਾ ਲਿਆ ਜਾਵੇਗਾ।
ਜਾਣਕਾਰੀ ਅਨੁਸਾਰ ਪੈਰਾ ਮੈਡੀਕਲ ਤੇ ਸਿਹਤ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਮੰਗਵਾਲ, ਜਨਰਲ ਸਕੱਤਰ ਨਰਿੰਦਰ ਮੋਹਨ ਸ਼ਰਮਾ, ਸੰਯੁਕਤ ਸਕੱਤਰ ਕਰਨੈਲ ਸਿੰਘ ਸੱਲਣ ਦੀ ਅਗਵਾਈ ਵਿੱਚ ਵੀਰਵਾਰ ਨੂੰ ਇਕ ਵਫ਼ਦ ਨੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨਾਲ ਮੁਲਾਕਾਤ ਕੀਤੀ। ਇਹ ਜਾਣਕਾਰੀ ਦਿੰਦਿਆਂ ਸੰਯੁਕਤ ਸਕੱਤਰ ਕਰਨੈਲ ਸਿੰਘ ਸੱਲਣ ਨੇ ਦੱਸਿਆ ਕਿ ਕੋਵਿਡ-19 ਕਾਰਨ ਯੂਨੀਅਨ ਦੇ ਮੋਹਰੀ ਚਾਰ ਆਗੂ ਸਿਹਤ ਮੰਤਰੀ ਨੂੰ ਮਿਲੇ ਹਨ। ਇਸ ਤੋਂ ਪਹਿਲਾਂ ਉਕਤ ਆਗੂਆਂ ਨੇ ਬੀਤੀ 4 ਅਗਸਤ ਨੂੰ ਸਿੱਧੂ ਨਾਲ ਮੁਲਾਕਾਤ ਕੀਤੀ ਸੀ। ਉਦੋਂ ਮੰਤਰੀ ਨੇ ਕਿਹਾ ਸੀ ਕਿ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਸਬੰਧੀ ਦਸਤਾਵੇਜ਼ ਤਿਆਰ ਕਰਕੇ ਦਿੱਤਾ ਜਾਵੇ। ਇਸ ਤੋਂ ਬਾਅਦ ਉਹ ਸਪੈਸ਼ਲ ਕੇਸ ਤਿਆਰ ਕਰ ਕੇ ਸਰਕਾਰ ਨੂੰ ਅਗਲੀ ਕਾਰਵਾਈ ਲਈ ਭੇਜਣਗੇ।
ਯੂਨੀਅਨ ਆਗੂਆਂ ਦੀ ਜਾਣਕਾਰੀ ਅਨੁਸਾਰ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਦੇ ਸਮੇਂ ਚਾਰ ਸਿਹਤ ਕਰਮਚਾਰੀਆਂ ਦੀਆਂ ਮੌਤ ਹੋਣ ’ਤੇ ਉਨ੍ਹਾਂ ਨੂੰ ਸਿਹਤ ਬੀਮੇ ਦਾ ਲਾਭ ਅਤੇ ਹੋਰ ਬਣਦੇ ਲਾਭ ਦੇਣ ਲਈ ਮੌਕੇ ’ਤੇ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਤੁਰੰਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਗਏ ਅਤੇ ਪਰਖ ਕਾਲ ਅਧੀਨ ਮੁਲਾਜ਼ਮਾਂ ਦਾ ਪਰਖ ਅਧੀਨ ਸਮਾਂ ਘਟਾਉਣ ਲਈ ਕੇਸ ਵਿੱਤ ਵਿਭਾਗ ਕੋਲ ਭੇਜਿਆ ਜਾਵੇਗਾ। ਮੰਤਰੀ ਨੇ ਨਿਯਮਾਂ ਤਹਿਤ ਸਾਰੇ ਪੈਰਾ ਮੈਡੀਕਲ ਕਰਮਚਾਰੀਆਂ ਦੀਆਂ ਤਰੱਕੀਆਂ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਸਿਹਤ ਕਰਮਚਾਰੀਆਂ ਨੂੰ ਟੋਲ ਪਲਾਜ਼ਾ ’ਤੇ ਛੋਟ ਦੇਣ ਲਈ ਨੋਟ ਲਿਖ ਕੇ ਕਾਰਵਾਈ ਕਰਨ ਲਈ ਕਿਹਾ ਅਤੇ ਕਰੋਨਾ ਟੈੱਸਟ ਲਈ ਮੋਟੀਵੇਟ ਕਰਨ ਵਾਲੇ ਕਾਮਿਆਂ ਅਤੇ ਸੈਪਲਿੰਗ ਟੀਮਾਂ ਦੇ ਕੰਮ ਵਿੱਚ ਵਿਘਨ ਪਾਉਣ ਵਾਲਿਆਂ ਖ਼ਿਲਾਫ਼ ਮਲੋਦ ਕੇਸ ਵਾਂਗ ਸਖ਼ਤ ਕਾਰਵਾਈ ਕੀਤੀ ਜਾਵੇਗੀ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…