
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਆਮ ਆਦਮੀ ਕਲੀਨਿਕ ਦਾ ਲਿਆ ਜਾਇਜ਼ਾ
ਮਨੀਸ਼ ਸਿਸੋਦੀਆ ਨੇ ਇਲਾਜ ਲਈ ਪਹੁੰਚੇ ਲੋਕਾਂ ਨਾਲ ਵੀ ਕੀਤੀ ਗੱਲਬਾਤ, ਤਸੱਲੀ ਪ੍ਰਗਟਾਈ
ਆਮ ਆਦਮੀ ਕਲੀਨਿਕਾਂ ਦਾ ਪੰਜਾਬ ਵਾਸੀਆਂ ਨੂੰ ਮਿਲੇਗਾ ਵੱਡਾ ਫਾਇਦਾ: ਮਨੀਸ਼ ਸਿਸੋਦੀਆ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਅਗਸਤ:
ਆਮ ਆਦਮੀ ਪਾਰਟੀ (ਆਪ) ਦੇ ਕੌਮੀ ਆਗੂ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਤੇ ਮਨੀਸ਼ ਸਿਸੋਦੀਆ ਨੇ ਅੱਜ ਇੱਥੋਂ ਦੇ ਫੇਜ਼-5 ਸਥਿਤ ਸੁਵਿਧਾ ਕੇਂਦਰ ਵਿੱਚ ਖੋਲ੍ਹੇ ਗਏ ਆਮ ਆਦਮੀ ਕਲੀਨਿਕ ਦਾ ਅਚਾਨਕ ਦੌਰਾ ਕਰਕੇ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾਣ ਵਾਲੀਆ ਸਿਹਤ ਸੇਵਾਵਾਂ ਅਤੇ ਹੋਰ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨਾਲ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਆਪ ਦੀ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਕੌਰ, ਡਾ. ਸੰਨੀ ਆਹਲੂਵਾਲੀਆ ਹੋਰ ਵਲੰਟੀਅਰ ਮੌਜੂਦ ਸਨ।
ਸ੍ਰੀ ਸਿਸੋਦੀਆ ਨੇ ਕਲੀਨਿਕ ਵਿੱਚ ਤਾਇਨਾਤ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ਼ ਨਾਲ ਵੀ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਲੀਨਿਕ ਵਿੱਚ ਆਪਣਾ ਇਲਾਜ ਕਰਵਾਉਣ ਲਈ ਆਏ ਆਮ ਸ਼ਹਿਰੀਆਂ ਨਾਲ ਵੀ ਸਿੱਧੀ ਗੱਲ ਕੀਤੀ। ਸ਼ਹਿਰ ਵਾਸੀਆਂ ਨੇ ‘ਆਪ’ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਦਾ ਧੰਨਵਾਦ ਕੀਤਾ।
ਇਸ ਮੌਕੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸ੍ਰੀ ਸਿਸੋਦੀਆ ਨੂੰ ਆਮ ਆਦਮੀ ਕਲੀਨਿਕ ਵਿੱਚ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਲੋਕਾਂ ਤੋਂ ਫੀਡ-ਬੈਕ ਲੈ ਕੇ ਹੋਰ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ ਅਤੇ ਆਮ ਲੋਕਾਂ ਨੂੰ ਘਰਾਂ ਨੇੜੇ ਸਮੇਂ ਸਿਰ ਅਤੇ ਸਸਤੇ ਇਲਾਜ ਦੀ ਸੁਵਿਧਾ ਪ੍ਰਦਾਨ ਕੀਤੀ ਜਾਵੇਗੀ।

ਇਸ ਮੌਕੇ ਸ੍ਰੀ ਸਿਸੋਦੀਆ ਨੇ ਆਮ ਆਦਮੀ ਕਲੀਨਿਕ ਵਿੱਚ ਮਰੀਜ਼ਾਂ ਨੂੰ ਦਿੱਤੀਆਂ ਜਾਣ ਵਾਲੀਆਂ ਅਤੇ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ’ਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਆਮ ਆਦਮੀ ਕਲੀਨਿਕ ਦਾ ਬਹੁਤ ਵੱਡਾ ਫਾਇਦਾ ਹੋਵੇਗਾ। ਦਿੱਲੀ ਵਿੱਚ ਵੀ ਮੁਹੱਲਾ ਕਲੀਨਿਕ ਬਹੁਤ ਵਧੀਆ ਤਰੀਕੇ ਨਾਲ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਅਤੇ ਪੰਜਾਬ ਦੀ ਆਪ ਸਰਕਾਰ ਭ੍ਰਿਸ਼ਟਾਚਾਰ ਮੁਕਤ ਸਵੱਛ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ ਅਤੇ ਲੋਕਾਂ ਨਾਲ ਕੀਤੇ ਸਾਰੇ ਚੋਣ ਵਾਅਦੇ ਪੜਾਅਵਾਰ ਪੂਰੇ ਕੀਤੇ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਸਿਹਤ ਅਤੇ ਸਿੱਖਿਆ ਨੂੰ ਵਧੇਰੇ ਤਰਜ਼ੀਹ ਦਿੱਤੀ ਜਾ ਰਹੀ ਹੈ। ਇਸ ਤੋਂ ਬਾਅਦ ਉਹ ਹਿਮਾਚਲ ਪ੍ਰਦੇਸ਼ ਲਈ ਰਵਾਨਾ ਹੋ ਗਏ।