ਦਿੱਲੀ ਲੀਡਰਸ਼ਿਪ ਨੂੰ ਪੰਜਾਬ ਦੇ ਮੰਤਰੀਆਂ ਅਤੇ ਆਗੂਆਂ ਦੀ ਕਾਬਲੀਅਤ ’ਤੇ ਸ਼ੱਕ: ਬੀਬੀ ਰਾਮੂਵਾਲੀਆ

ਨਬਜ਼-ਏ-ਪੰਜਾਬ, ਮੁਹਾਲੀ, 17 ਫਰਵਰੀ:
ਆਮ ਆਦਮੀ ਪਾਰਟੀ (ਆਪ) ਦੀ ਦਿੱਲੀ ਵਿੱਚ ਹੋਈ ਕਰਾਰੀ ਹਾਰ ਤੋਂ ਬਾਅਦ ਕੌਮੀ ਲੀਡਰਸ਼ਿਪ ਵੱਲੋਂ ਪੰਜਾਬ ਸਰਕਾਰ ਦੇ ਕੰਮਾਂ ਵਿੱਚ ਜ਼ਰੂਰਤ ਤੋਂ ਵੱਧ ਦਖ਼ਲ-ਅੰਦਾਜ਼ੀ ਕਰਨ ’ਤੇ ਟਿੱਪਣੀ ਕਰਦਿਆਂ ਭਾਜਪਾ ਕੇਂਦਰੀ ਕਮੇਟੀ ਦੀ ਸੀਨੀਅਰ ਮੈਂਬਰ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੀ ਸਾਬਕਾ ਚੇਅਰਪਰਸਨ ਅਮਨਜੋਤ ਕੌਰ ਰਾਮੂਵਾਲੀਆ ਨੇ ਕਿਹਾ ਕਿ ਦਿੱਲੀ ਵਾਲਿਆਂ ਨੂੰ ਪੰਜਾਬ ਦੇ ਮੰਤਰੀਆਂ ਅਤੇ ਆਗੂਆਂ ਦੀ ਕਾਬਲੀਅਤ ’ਤੇ ਸ਼ੱਕ ਹੈ। ਇਸ ਦਾ ਪ੍ਰਤੱਖ ਸਬੂਤ ਪਿਛਲੇ ਦਿਨੀਂ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਮੁਨੀਸ਼ ਸਿਸੋਦੀਆਂ ਵੱਲੋਂ ਮੁਹਾਲੀ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੀ ਕੀਤੀ ਚੈਕਿੰਗ ਤੋਂ ਮਿਲਦਾ ਹੈ। ਉਨ੍ਹਾਂ ਕਿਹਾ ਕਿ ਸਿਸੋਦੀਆਂ ਦੀ ਇਸ ਕਾਰਵਾਈ ਤੋਂ ਸਾਫ਼ ਜ਼ਾਹਰ ਹੋ ਗਿਆ ਹੈ ਕਿ ‘ਆਪ’ ਦੀ ਦਿੱਲੀ ਲੀਡਰਸ਼ਿਪ ਨੂੰ ਪੰਜਾਬ ਦੇ ਮੰਤਰੀਆਂ ਦੀ ਕਾਬਲੀਅਤ ’ਤੇ ਭਰੋਸਾ ਨਹੀਂ ਹੈ।
ਬੀਬੀ ਰਾਮੂਵਾਲੀਆ ਨੇ ਕਿਹਾ ਕਿ ਪੰਜਾਬ ਦਾ ਹਰੇਕ ਵਰਗ ਭਾਵੇਂ ਉਹ ਮੁਲਾਜ਼ਮ, ਕਿਸਾਨ, ਦੁਕਾਨਦਾਰ, ਵਪਾਰੀ, ਸਨਅਤਕਾਰ ਹੋਣ ‘ਆਪ’ ਸਰਕਾਰ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਨਹੀਂ ਹੈ। ਸਿੱਖਿਆ ਅਤੇ ਸਿਹਤ ਸੇਵਾਵਾਂ ਦਾ ਲਗਾਤਾਰ ਭੱਠਾ ਬੈਠਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਚੋਣਾਂ ਵਿੱਚ ਪੰਜਾਬ ਦਾ ਪੈਸਾ ਪਾਣੀ ਵਾਂਗ ਰੋੜ੍ਹਨ ਦੇ ਬਾਵਜੂਦ ‘ਆਪ’ ਦਿੱਲੀ ਦੇ ਲੋਕਾਂ ਦਾ ਦਿਲ ਜਿੱਤਣ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ ਅਤੇ ਹੁਣ ਦਿੱਲੀ ਵਾਲਿਆਂ ਨੇ ਪੰਜਾਬ ਵੱਲ ਵਹੀਰਾਂ ਘੱਤ ਲਈਆਂ ਹਨ। ਇਸ ਦੇ ਸਿੱਧੇ ਸਿੱਧੇ ਦੋ ਮਤਲਬ ਨਿਕਲ ਰਹੇ ਹਨ ਕਿ ਜਾਂ ਤਾਂ ਪੰਜਾਬ ਦੀ ‘ਆਪ’ ਲੀਡਰਸ਼ਿਪ ਨੂੰ ਕੰਮ ਕਰਨਾ ਨਹੀਂ ਆਉਂਦਾ ਜਾਂ ਕੌਮੀ ਆਗੂ ਦਿੱਲੀ ਹਾਰਨ ਤੋਂ ਬਾਅਦ ਹੁਣ ਪੰਜਾਬ ਵਿੱਚ ਆਪਣੇ ਪੈਰ ਜਮਾਉਣ ਲਈ ਜ਼ਮੀਨ ਤਲਾਸ਼ ਰਹੇ ਹਨ। ਇਹੀ ਨਹੀਂ ਪੰਜਾਬ ਵਿੱਚ ਗੇੜੇ ਮਾਰਨ ਵਾਲੇ ਆਗੂਆਂ ਦੀ ਮਹਿਮਾਨ ਨਿਵਾਜਗੀ ਲਈ ਸਰਕਾਰੀ ਪੈਸਾ ਰੋੜ੍ਹਿਆ ਜਾ ਰਿਹਾ ਹੈ, ਜੋ ਬਹੁਤ ਗੰਭੀਰ ਚਿੰਤਾ ਵਾਲੀ ਗੱਲ ਹੈ।

Load More Related Articles
Load More By Nabaz-e-Punjab
Load More In General News

Check Also

ਐਰੋਸਿਟੀ ਵਿੱਚ ਯੋਗਾ ਕੈਂਪ ਲਗਾਇਆ, ਅੌਰਤਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ

ਐਰੋਸਿਟੀ ਵਿੱਚ ਯੋਗਾ ਕੈਂਪ ਲਗਾਇਆ, ਅੌਰਤਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਨਬਜ਼-ਏ-ਪੰਜਾਬ, ਮੁਹਾਲੀ, 19 ਫਰਵਰੀ:…