ਦਿੱਲੀ ਮੋਰਚਾ ਫਤਿਹ: ਝਾੜੂ ਦਾ ਤੀਲਾ-ਤੀਲਾ ਕਰਕੇ ਭਾਜਪਾ ਨੇ ਜਸ਼ਨ ਮਨਾਇਆ
ਦਿੱਲੀ ਜਿੱਤ ਨੇ ਭਾਜਪਾ ਲਈ ਪੰਜਾਬ ਵਿੱਚ ਸਰਕਾਰ ਬਣਾਉਣ ਦਾ ਰਾਹ ਪੱਧਰਾ ਕੀਤਾ: ਵਸ਼ਿਸ਼ਟ
ਨਬਜ਼-ਏ-ਪੰਜਾਬ, ਮੁਹਾਲੀ, 8 ਫਰਵਰੀ:
ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਸ਼ਾਨਦਾਰ ਜਿੱਤ ਹਾਸਲ ਕਰਨ ਤੋਂ ਬਾਅਦ ਭਾਜਪਾ ਵਰਕਰਾਂ ਵਿੱਚ ਖ਼ੁਸ਼ੀ ਦਾ ਮਾਹੌਲ ਹੈ। ਭਾਜਪਾ ਵਰਕਰਾਂ ਨੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਦੀ ਅਗਵਾਈ ਹੇਠ ਅੱਜ ਸ਼ਹਿਰ ਵਿੱਚ ਜਸ਼ਨ ਮਨਾਇਆ ਅਤੇ ਆਮ ਆਦਮੀ ਪਾਰਟੀ ਦਾ ਚੋਣ ਨਿਸ਼ਾਨ ਝਾੜੂ ਦਾ ਤੀਲਾ-ਤੀਲਾ ਕਰਕੇ ਢੋਲ ਵਜਾਇਆ ਅਤੇ ਲੱਡੂ ਵੰਡੇ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਨੇ ਕਿਹਾ ਕਿ ਦਿੱਲੀ ਵਾਸੀਆ ਨੇ ਆਮ ਆਦਮੀ ਪਾਰਟੀ (ਆਪ) ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੀ ਜਿੱਤ ਨੇ ਭਾਜਪਾ ਲਈ ਪੰਜਾਬ ਵਿੱਚ ਸਰਕਾਰ ਬਣਾਉਣ ਦਾ ਰਾਹ ਪੱਧਰਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਨੇ ਦਿੱਲੀ ਦੀ ਕੇਜਰੀਵਾਲ ਸਰਕਾਰ ਦੀਆਂ ਉਦਾਹਰਨਾਂ ਦੇ ਕੇ ਪੰਜਾਬ ਵਿੱਚ ਸੱਤਾ ਹਾਸਲ ਕੀਤੀ ਸੀ ਪਰ ਹੁਣ ਦਿੱਲੀ ਦੇ ਲੋਕਾਂ ਨੇ ਵਿਅਕਤੀ ਵਿਸ਼ੇਸ਼ ਦੀ ਥਾਂ ਦੇਸ਼ ਦੇ ਵਿਕਾਸ ਨੂੰ ਤਰਜ਼ੀਹ ਦਿੰਦੇ ਹੋਏ ਭਾਜਪਾ ਦੇ ਹੱਕ ਵਿੱਚ ਫ਼ਤਵਾ ਦਿੱਤਾ ਹੈ।
ਸ੍ਰੀ ਵਸ਼ਿਸ਼ਟ ਨੇ ਕਿਹਾ ਕਿ ਦਿੱਲੀ ਦੇ ਵਸਨੀਕ ਹੁਣ ਕੇਜਰੀਵਾਲ ਦੇ ਝੂਠੇ ਲਾਰਿਆਂ ਤੋਂ ਅੱਕ ਚੁੱਕੇ ਸਨ ਅਤੇ ਘਪਲੇ ਵੀ ਉਜਾਗਰ ਹੋਣੇ ਸ਼ੁਰੂ ਹੋ ਗਏ ਸੀ। ਉਨ੍ਹਾਂ ਕਿਹਾ ਕਿ ਦੇਸ਼ ਦੇ ਵਿਕਾਸ ਲਈ ਭਾਜਪਾ ਦੇ ਡਬਲ ਇੰਜਨ ਦੀ ਸਰਕਾਰ ਦੀ ਸਖ਼ਤ ਲੋੜ ਸੀ।