nabaz-e-punjab.com

ਦਿੱਲੀ ਪੁਲੀਸ ਵੱਲੋਂ ਧਰਨਾਕਾਰੀ ਪਹਿਲਵਾਨਾਂ ਦੀ ਕੀਤੀ ਖਿੱਚ-ਧੂਹ ਦੀ ਸਖ਼ਤ ਨਿਖੇਧੀ

ਜ਼ਿੰਮੇਵਾਰ ਅਫ਼ਸਰਾਂ ਅਤੇ ਕਰਮਚਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ: ਕੁਲਜੀਤ ਬੇਦੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਮਈ:
ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਦਿੱਲੀ ਵਿੱਚ ਜੰਤਰ-ਮੰਤਰ ’ਤੇ ਲੜੀਵਾਰ ਧਰਨੇ ’ਤੇ ਬੈਠੇ ਪਹਿਲਵਾਨਾਂ ਨਾਲ ਦਿੱਲੀ ਪੁਲੀਸ ਵੱਲੋਂ ਕੀਤੇ ਗਏ ਦੁਰਵਿਵਹਾਰ ਅਤੇ ਖਿੱਚ-ਧੂਹ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਬੇਟੀਆਂ, ਮਹਿਲਾ ਪਹਿਲਵਾਨਾਂ ਨਾਲ ਜੋ ਵਿਵਹਾਰ ਦਿੱਲੀ ਪੁਲੀਸ ਨੇ ਕੀਤਾ ਹੈ, ਉਹ ਬਰਦਾਸ਼ਤ ਯੋਗ ਨਹੀਂ ਹੈ।
ਅੱਜ ਇੱਥੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਬਰਸਾਤ ਪੈਣ ਤੋਂ ਬਾਅਦ ਪਹਿਲਵਾਨਾਂ ਦੇ ਗੱਦੇ, ਬਿਸਤਰੇ ਬੁਰੀ ਤਰ੍ਹਾਂ ਗਿੱਲੇ ਹੋ ਗਏ ਪਰ ਪਹਿਲਵਾਨਾਂ ਨੂੰ ਫੋਲਡਿੰਗ ਬੈੱਡ ਅੰਦਰ ਨਹੀਂ ਲਿਜਾਉਣ ਦਿੱਤੇ ਗਏ। ਉਲਟਾ ਦਿੱਲੀ ਪੁਲੀਸ ਨੇ ਪਹਿਲਵਾਨਾਂ ਅਤੇ ਖ਼ਾਸ ਤੌਰ ’ਤੇ ਮਹਿਲਾ ਪਹਿਲਵਾਨਾਂ ਨਾਲ ਖਿੱਚ ਧੂਹ ਕੀਤੀ ਗਈ। ਉਨ੍ਹਾਂ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਇਹ ਪੀੜਤ ਪਹਿਲਵਾਨ ਲਗਾਤਾਰ ਧਰਨੇ ’ਤੇ ਬੈਠੇ ਹਨ ਅਤੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ’ਤੇ ਜਿਨਸੀ ਸ਼ੋਸ਼ਣ ਦੇ ਗੰਭੀਰ ਦੋਸ਼ ਲਗਾਏ ਗਏ ਹਨ। ਉਸ ਦੇ ਖ਼ਿਲਾਫ਼ ਸੁਪਰੀਮ ਕੋਰਟ ਦੀਆਂ ਹਦਾਇਤਾਂ ਤੋਂ ਬਾਅਦ ਭਾਵੇਂ ਅਪਰਾਧਿਕ ਕੇਸ ਦਰਜ ਕਰ ਲਿਆ ਗਿਆ ਹੈ, ਪ੍ਰੰਤੂ ਅਜੇ ਤਾਈਂ ਉਸ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ।
ਡਿਪਟੀ ਮੇਅਰ ਨੇ ਮੰਗ ਕੀਤੀ ਕਿ ਮਹਿਲਾ ਪਹਿਲਵਾਨਾਂ ਦੀ ਖਿੱਚ-ਧੂਹ ਕਰਨ ਵਾਲੇ ਪੁਲੀਸ ਅਧਿਕਾਰੀਆਂ ਅਤੇ ਕਰਮਚਾਰੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਅਤੇ ਵਿਭਾਗੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਪਹਿਲਵਾਨਾਂ ਵੱਲੋਂ ਲਗਾਏ ਗਏ ਦੋਸ਼ਾਂ ਦੇ ਆਧਾਰ ’ਤੇ ਭਾਜਪਾ ਆਗੂ ਬ੍ਰਿਜ ਭੂਸ਼ਣ ਨੂੰ ਤੁਰੰਤ ਰੈਸਲਿੰਗ ਫੈਡਰੇਸ਼ਨ ਦੇ ਮੁਖੀ ਦੇ ਅਹੁਦੇ ਤੋਂ ਲਾਂਭੇ ਕਰਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਜਾਵੇ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …