ਡੇਲੀਵੇਜ ਮੁਲਾਜ਼ਮਾਂ ਨੇ ਹੱਕੀ ਮੰਗਾਂ ਨੂੰ ਲੈ ਕੇ ਸਕੱਤਰ ਨਾਲ ਕੀਤੀ ਮੀਟਿੰਗ
ਸਕੱਤਰ ਨੇ ਅਮਲਾ ਸ਼ਾਖਾ ਦੇ ਅਧਿਕਾਰੀਆਂ ਨੂੰ ਨੋਟੀਫ਼ਿਕੇਸ਼ਨਾਂ ਨੂੰ ਮੁੜ ਘੋਖਣ ਲਈ ਕਿਹਾ
ਨਬਜ਼-ਏ-ਪੰਜਾਬ, ਮੁਹਾਲੀ, 14 ਫਰਵਰੀ:
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਡੇਲੀਵੇਜ ਕਰਮਚਾਰੀਆਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਜਥੇਬੰਦੀ ਦੇ ਮੋਹਰੀ ਆਗੂਆਂ ਨੇ ਸਕੱਤਰ ਸ੍ਰੀਮਤੀ ਪਰਲੀਨ ਕੌਰ ਬਰਾੜ ਨਾਲ ਮੀਟਿੰਗ ਕੀਤੀ ਅਤੇ ਸਕੱਤਰ ਨੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਸਰਕਾਰ ਪੱਧਰ ’ਤੇ ਡਿਸਕਸ ਕਰਕੇ ਹੱਲ ਕਰਨ ਦਾ ਭਰੋਸਾ ਦਿੱਤਾ। ਜਿਸ ਵਿੱਚ ਸਿੱਖਿਆ ਬੋਰਡ ਦੇ ਉਪ ਸਕੱਤਰ ਗੁਰਤੇਜ ਸਿੰਘ, ਸਹਾਇਕ ਸਕੱਤਰ ਬਲਵਿੰਦਰ ਸਿੰਘ, ਨਿੱਜੀ ਸਕੱਤਰ ਮਨਦੀਪ ਕੌਰ, ਸੁਪਰਡੈਂਟ ਸੁਖਵਿੰਦਰ ਸਿੰਘ, ਸੀਨੀਅਰ ਸਹਾਇਕ (ਲੇਖਾ) ਦਰਸ਼ਨ ਰਾਮ ਅਤੇ ਰਿਟੇਨਰ ਸਮੇਤ ਜਥੇਬੰਦੀ ਦੇ ਪ੍ਰਧਾਨ ਰਾਜ ਕੁਮਾਰ, ਜਨਰਲ ਸਕੱਤਰ ਇੰਦਰਜੀਤ ਸਿੰਘ, ਕੈਸ਼ੀਅਰ ਬੂਟਾ ਸਿੰਘ, ਗੁਰਪ੍ਰੀਤ ਸਿੰਘ, ਭਗਵੰਤ ਸਿੰਘ, ਪੈੱ੍ਰਸ ਸਕੱਤਰ ਤੇਜਿੰਦਰ ਸਿੰਘ, ਸੁਖਵਿੰਦਰ ਕੌਰ ਅਤੇ ਗੁਰਮੀਤ ਕੌਰ ਵੀ ਹਾਜ਼ਰ ਸਨ।
ਜਥੇਬੰਦੀ ਦੇ ਪ੍ਰਧਾਨ ਰਾਜ ਕੁਮਾਰ ਨੇ ਦੱਸਿਆ ਕਿ ਮੀਟਿੰਗ ਬੜੇ ਸੁਖਾਵੇਂ ਮਾਹੌਲ ਵਿੱਚ ਹੋਈ ਅਤੇ ਸਿੱਖਿਆ ਬੋਰਡ ਦੀ ਸਕੱਤਰ ਸ੍ਰੀਮਤੀ ਪਰਲੀਨ ਕੌਰ ਬਰਾੜ ਨੇ ਡੇਲੀਵੇਜ ਕਰਮਚਾਰੀਆਂ ਦੀਆਂ ਮੰਗਾਂ ਬੜੀ ਗੌਰ ਨਾਲ ਸੁਣੀਆਂ ਅਤੇ ਕੁਝ ਮੰਗਾਂ ਦੇ ਨੋਟੀਫਿਕੇਸ਼ਨਾਂ ਨੂੰ ਅਮਲਾ ਸ਼ਾਖਾ ਦੇ ਅਧਿਕਾਰੀਆਂ ਨੂੰ ਮੁੜ ਘੋਖਣ ਲਈ ਕਿਹਾ ਗਿਆ। ਉਨ੍ਹਾਂ ਦੱਸਿਆ ਕਿ ਮੁੱਖ ਦਫ਼ਤਰ ਸਮੇਤ ਜ਼ਿਲ੍ਹਾ ਪੱਧਰੀ ਖੇਤਰੀ ਦਫ਼ਤਰਾਂ ਅਤੇ ਆਦਰਸ਼ ਸਕੂਲਾਂ ਵਿਚ ਕੰਮ ਕਰਦੇ ਡੇਲੀਵੇਜ ਕਰਮਚਾਰੀਆਂ ਦੀਆਂ ਸੂਚੀਆਂ ਤਿਆਰ ਕਰਕੇ ਬੋਰਡ ਦੇ ਚੇਅਰਮੈਨ ਅਤੇ ਸਕੱਤਰ ਪਹਿਲਾਂ ਵੀ ਮੀਟਿੰਗ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਕੱਤਰ ਨੇ ਆਉਣ ਵਾਲੇ ਦਿਨਾਂ ਵਿਚ ਪੰਜਾਬ ਸਰਕਾਰ ਨਾਲ ਪੈਨਲ ਮੀਟਿੰਗ ਕਰਕੇ ਸਾਰੇ ਡੇਲੀਵੇਜ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ।