ਪਾਵਨ ਬੀੜਾਂ ਗਾਇਬ: ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਨਿੱਜੀ ਨਿਗਰਾਨੀ ਹੇਠ ਜਾਂਚ ਕਰਵਾਉਣ ਦੀ ਮੰਗ

ਜ਼ਿੰਮੇਵਾਰ ਵਿਅਕਤੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕਾਰਨ ਸਿੱਖ ਸੰਗਤ ਵਿੱਚ ਰੋਸ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਸਤੰਬਰ:
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਗਾਇਬ ਹੋਣ ਦੇ ਮਾਮਲੇ ਵਿੱਚ ਚਲ ਰਹੀ ਪੜਤਾਲ ’ਤੇ ਪ੍ਰਸ਼ਨ-ਚਿੰਨ੍ਹ ਲਗਾਉਂਦਿਆਂ ਟਰਾਈਸਿਟੀ ਦੀ ਗੁਰੂ ਨਾਨਕ ਨਾਮ ਲੇਵਾ ਸੰਗਤ ਅਤੇ ਸਿੱਖ ਆਗੂਆਂ ਨੇ ਅੱਜ ਇੱਥੇ ਪੱਤਰਕਾਰ ਸੰਮੇਲਨ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਮੰਗ ਕੀਤੀ ਹੈ ਕਿ ਉਹ ਨਿੱਜੀ ਦਖ਼ਲ ਦੇ ਕੇ ਇਸ ਸਮੁੱਚੇ ਮਾਮਲੇ ਦੀ ਆਪਣੀ ਨਿਗਰਾਨੀ ਹੇਠ ਨਿਰਪੱਖ, ਪਾਰਦਰਸ਼ੀ ਅਤੇ ਸਮਾਂਬੱਧ ਜਾਂਚ ਕਰਵਾਉਣ ਤਾਂ ਜੋ ਸਿੱਖਾਂ ਅਤੇ ਆਮ ਸੰਗਤ ਵਿੱਚ ਵਿਸ਼ਵਾਸ ਅਤੇ ਸ਼ਰਧਾ ਕਾਇਮ ਰਹਿ ਸਕੇ।
ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਗੁਰਪ੍ਰਤਾਪ ਸਿੰਘ ਰਿਆੜ, ਅਮਰਿੰਦਰ ਸਿੰਘ, ਸਾਬਕਾ ਡਿਪਟੀ ਮੇਅਰ ਮਨਜੀਤ ਸਿੰਘ ਸੇਠੀ, ਭਾਈ ਜਤਿੰਦਰਪਾਲ ਸਿੰਘ ਜੇਪੀ ਅਤੇ ਹੋਰਨਾਂ ਆਗੂਆਂ ਨੇ ਕਿਹਾ ਕਿ ਇਸ ਮਾਮਲੇ ਵਿੱਚ ਚੱਲ ਰਹੀ ਜਾਂਚ ਨਾਲ ਇਹ ਖ਼ਦਸ਼ਾ ਪੈਦਾ ਹੋ ਰਿਹਾ ਹੈ ਕਿ ਸਮੁੱਚੇ ਮਾਮਲੇ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਸ ਕਾਰਨ ਸਿੱਖ ਸੰਗਤ ਵਿੱਚ ਰੋਸ ਫੈਲ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਸਿੱਖ ਸੰਗਤਾਂ ਦੇ ਮਨਾਂ ਵਿੱਚ ਫੈਲ ਰਹੇ ਤੌਖਲਿਆਂ ਤੇ ਕਾਬੂ ਕਰਨ ਲਈ ਜ਼ਰੂਰੀ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਖ਼ੁਦ ਆਪਣੀ ਨਿਗਰਾਨੀ ਹੇਠ ਮਾਮਲੇ ਦੀ ਨਿਰਪੱਖ, ਪਾਰਦਰਸ਼ੀ ਅਤੇ ਸਮਾਂਬੱਧ ਜਾਂਚ ਕਰਵਾਈ ਜਾਵੇ ਅਤੇ ਜ਼ਿੰਮੇਵਾਰ ਲੋਕਾਂ ਨੂੰ ਬਖ਼ਸ਼ਿਆ ਨਾ ਜਾਵੇ। ਆਗੂਆਂ ਨੇ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਗੁਰੂ ਗ੍ਰੰਥ ਸਾਹਿਬ ਜੀ ਨੂੰ ਜੀਵਤ ਗੁਰੂ ਹੋਣ ਦਾ ਦਰਜਾ ਦਿੱਤਾ ਜਾ ਚੁੱਕਾ ਹੈ ਅਤੇ ਪਾਵਨ ਬੀੜਾਂ ਨੂੰ ਗਾਇਬ ਕਰਨ ਜਾਂ ਉਨ੍ਹਾਂ ਨੂੰ ਖ਼ਤਮ ਕਰਨ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ 302 ਦਾ ਕੇਸ ਦਰਜ ਕੀਤਾ ਜਾਵੇ।
ਇਸ ਮੌਕੇ ਚੰਡੀਗੜ੍ਹ ਦੇ ਸਾਬਕਾ ਡਿਪਟੀ ਮੇਅਰ ਮਹਿੰਦਰ ਸਿੰਘ, ਅਕਾਲੀ ਦਲ ਟਕਸਾਲੀ ਦੇ ਦਫ਼ਤਰ ਸਕੱਤਰ ਜਗਤਾਰ ਸਿੰਘ ਘੜੂੰਆਂ, ਹਰਪਾਲ ਸਿੰਘ ਸੋਢੀ, ਬਲਬੀਰ ਸਿੰਘ, ਯੂਥ ਆਗੂ ਜਸਰਾਜ ਸਿੰਘ ਸੋਨੂੰ, ਮਨਪ੍ਰੀਤ ਸਿੰਘ, ਅਵਤਾਰ ਸਿੰਘ ਰਾਮ ਦਰਬਾਰ, ਭਗਤ ਸਿੰਘ, ਕਰਮਿੰਦਰ ਸਿੰਘ, ਗੁਰਸ਼ਰਨ ਸਿੰਘ, ਜਸਵਿੰਦਰ ਸਿੰਘ ਜੱਸਲ, ਤਰਸੇਮ ਸਿੰਘ, ਗੁਰਦੀਪ ਸਿੰਘ, ਨਾਨਕ ਸਿੰਘ, ਜੀਐਸ ਮੁੰਦਰਾ, ਗੁਰਮੇਲ ਸਿੰਘ, ਪੂਰਨ ਸਿੰਘ, ਗੁਰਮੀਤ ਸਿੰਘ, ਅਮਨਦੀਪ ਸਿੰਘ, ਨਵਜੋਤ ਸਿੰਘ, ਭਾਈ ਪ੍ਰੇਮ ਸਿੰਘ, ਜੋਗਿੰਦਰ ਸਿੰਘ, ਰਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਆਰਪੀ ਸਿੰਘ, ਭੁਪਿੰਦਰ ਸਿੰਘ, ਨਾਦਰ ਸਿੰਘ, ਇੰਦਰਜੀਤ ਸਿੰਘ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…