Nabaz-e-punjab.com

ਬਲੌਂਗੀ, ਚੱਪੜਚਿੜੀ, ਲਖਨੌਰ, ਟੀਡੀਆਈ, ਐਰੋਸਿਟੀ ਤੇ ਨਵੇਂ ਸੈਕਟਰਾਂ ਨੂੰ ਨਗਰ ਨਿਗਮ ’ਚ ਸ਼ਾਮਲ ਕਰਨ ਦੀ ਮੰਗ ਉੱਠੀ

ਆਰਟੀਆਈ ਕਾਰਕੁਨ ਤੇ ਕੌਂਸਲਰ ਕੁਲਜੀਤ ਬੇਦੀ ਨੇ ਨਵਜੋਤ ਸਿੰਘ ਸਿੱਧੂ ਨੂੰ ਲਿਖਿਆ ਪੱਤਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਜੂਨ:
ਮੁਹਾਲੀ ਨਗਰ ਨਿਗਮ ਦੀਆਂ ਅਗਲੇ ਸਾਲ ਹੋਣ ਵਾਲੀਆਂ ਆਮ ਚੋਣਾਂ ਤੋਂ ਪਹਿਲਾਂ ਮੁਹਾਲੀ ਦੀ ਜੂਹ ਵਿੱਚ ਵਸਦੇ ਪਿੰਡਾਂ ਚੱਪੜਚਿੜੀ, ਬਲੌਂਗੀ, ਬੱਲੋਮਾਜਰਾ, ਲਖਨੌਰ, ਟੀਡੀਆਈ, ਐਰੋਸਿਟੀ ਅਤੇ ਨਵੇਂ ਸੈਕਟਰਾਂ ਨਗਰ ਨਿਗਮ ਦੀ ਹੱਦ ਵਿੱਚ ਸ਼ਾਮਲ ਕਰਨ ਦੀ ਮੰਗ ਨੇ ਜ਼ੋਰ ਫੜ ਲਿਆ ਹੈ। ਇਸ ਤੋਂ ਪਹਿਲਾਂ ਵੀ ਨਵੇਂ ਸੈਕਟਰਾਂ ਸਮੇਤ ਚੱਪੜਚਿੜੀ ਅਤੇ ਬਲੌਂਗੀ ਨੂੰ ਨਿਗਮ ਅਧੀਨ ਲੈਣ ਦੀ ਮੰਗ ਉੱਠੀ ਸੀ ਲੇਕਿਨ ਉਦੋਂ ਕਿਸੇ ਨੇ ਲੋਕਾਂ ਦੀ ਇਸ ਮੰਗ ਨੂੰ ਬਹੁਤੀ ਤਵੱਜੋ ਨਹੀਂ ਦਿੱਤੀ।
ਉਧਰ, ਹੁਣ ਇਸ ਸਬੰਧੀ ਆਰਟੀਆਈ ਕਾਰਕੁਨ ਤੇ ਕੌਂਸਲਰ ਕੁਲਜੀਤ ਸਿੰਘ ਬੇਦੀ ਨੇ ਪਹਿਲਕਦਮੀ ਕਰਦਿਆਂ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਉਕਤ ਖੇਤਰ ਨੂੰ ਨਿਗਮ ਚੋਣਾਂ ਤੋਂ ਪਹਿਲਾਂ ਨਗਰ ਨਿਗਮ ਦੀ ਹੱਦ ਵਿੱਚ ਸ਼ਾਮਲ ਕਰਕੇ ਨਵੇਂ ਸਿਰਿਓਂ ਵਾਰਡਬੰਦੀ ਕੀਤੀ ਜਾਵੇ। ਉਨ੍ਹਾਂ ਇਸ ਪੱਤਰ ਦੀ ਇਕ ਕਾਪੀ ਪਸ਼ੂ ਪਾਲਣ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਮੇਅਰ ਕੁਲਵੰਤ ਸਿੰਘ ਨੂੰ ਵੀ ਭੇਜੀ ਹੈ। ਉਨ੍ਹਾਂ ਕਿਹਾ ਕਿ ਪਿੰਡ ਬਲੌਂਗੀ, ਬੱਲੋਮਾਜਰਾ, ਲਖਨੌਰ, ਟੀਡੀਆਈ ਸਮੇਤ ਸੈਕਟਰ-82, ਸੈਕਟਰ-88 ਤੋਂ 91 ਅਤੇ ਐਰੋਸਿਟੀ ਨੂੰ ਨਗਮ ਨਿਗਮ ਵਿੱਚ ਸ਼ਾਮਲ ਕੀਤਾ ਜਾਵੇ ਤਾਂ ਜੋ ਇਨ੍ਹਾਂ ਖੇਤਰਾਂ ਦੇ ਮੁੱਢਲੇ ਢਾਂਚੇ ਦੇ ਵਿਕਾਸ ਅਤੇ ਰੱਖ ਰਖਾਓ ਦਾ ਕੰਮ ਨਿਗਮ ਅਧੀਨ ਆ ਸਕੇ ਅਤੇ ਇਸ ਇਲਾਕਿਆਂ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮਿਲ ਸਕਣ। ਇਨ੍ਹਾਂ ਖੇਤਰਾਂ ਨੂੰ ਨਿਗਮ ਵਿੱਚ ਸ਼ਾਮਲ ਕਰਨ ਨਾਲ ਨਿਗਮ ਦੀ ਆਮਦਨ ਵਿੱਚ ਵਾਧਾ ਹੋਵੇਗਾ।
ਸ੍ਰੀ ਬੇਦੀ ਨੇ ਕਿਹਾ ਕਿ 10 ਸਾਲ ਪਹਿਲਾਂ ਮੁਹਾਲੀ ਨੂੰ ਨਗਰ ਨਿਗਮ ਦਾ ਦਰਜਾ ਮਿਲਿਆ ਸੀ ਅਤੇ ਕਾਫੀ ਸਮੇਂ ਬਾਅਦ ਪਿੰਡ ਕੁੰਭੜਾ ਅਤੇ ਸੋਹਾਣਾ ਪਿੰਡ ਨੂੰ ਹੀ ਸ਼ਾਮਲ ਕੀਤਾ ਗਿਆ ਸੀ, ਪ੍ਰੰਤੂ ਇਸ ਤੋਂ ਬਾਅਦ ਨਗਰ ਨਿਗਮ ਦਾ ਖੇਤਰਫਲ ਨਹੀਂ ਵਧਾਇਆ ਗਿਆ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਮੁਹਾਲੀ ਦੀ ਆਬਾਦੀ ਵਿੱਚ ਕਾਫ਼ੀ ਵਾਧਾ ਹੋਇਆ ਹੈ। ਜਿਸ ਕਰਕੇ ਹੁਣ ਨੇੜਲੇ ਪਿੰਡਾਂ ਅਤੇ ਨਵੇਂ ਸੈਕਟਰਾਂ ਨੂੰ ਨਗਰ ਨਿਗਮ ਦੀ ਹੱਦ ਵਿੱਚ ਸ਼ਾਮਲ ਕਰਨ ਦੀ ਸਖ਼ਤ ਲੋੜ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਨੂੰ ਨਿਗਮ ਦੀ ਹੱਦ ਵਿੱਚ ਸ਼ਾਮਲ ਕਰਨ ਨਾਲ ਜਿੱਥੇ ਇਨ੍ਹਾਂ ਪਿੰਡਾਂ ਦਾ ਬਹੁਪੱਖੀ ਵਿਕਾਸ ਹੋਵੇਗਾ, ਉੱਥੇ ਇਨ੍ਹਾਂ ਪਿੰਡਾਂ ਦੀ ਸ਼ਾਮਲਾਤ ਜ਼ਮੀਨ ਵੀ ਨਿਗਮ ਨੂੰ ਮਿਲ ਜਾਵੇਗੀ ਅਤੇ ਭਵਿੱਖ ਵਿੱਚ ਇਸ ਜ਼ਮੀਨ ਦੀ ਸੁਚੱਜੀ ਵਰਤੋਂ ਕਰਨ ਦਾ ਲੋਕਾਂ ਨੂੰ ਫਾਇਦਾ ਹੋਵੇਗਾ। ਉਨ੍ਹਾਂ ਮੇਅਰ ਸਮੇਤ ਦੋਵੇਂ ਕੈਬਨਿਟ ਮੰਤਰੀਆਂ ਨੂੰ ਅਪੀਲ ਕੀਤੀ ਕਿ ਉਹ ਨਗਰ ਨਿਗਮ ਦੀ ਹੱਦ ਵਧਾਉਣ ਲਈ ਯੋਗ ਪੈਰਵੀ ਕੀਤੀ ਜਾਵੇ।
ਕੌਂਸਲਰ ਕੁਲਜੀਤ ਬੇਦੀ ਨੇ ਕਿਹਾ ਕਿ ਨੇੜਲੇ ਪਿੰਡ ਚੱਪੜਚਿੜੀ ਦਾ ਸਿੱਖ ਇਤਿਹਾਸ ਵਿੱਚ ਮਹੱਤਵ ਪੂਰਨ ਸਥਾਨ ਹੈ। ਇੱਥੇ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਨੇ ਸੂਬਾ ਸਰਹਿੰਦ ਨੂੰ ਮੌਤ ਦੇ ਘਾਟ ਉਤਾਰ ਕੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਦੀ ਸ਼ਹਾਦਤ ਦਾ ਬਦਲਾ ਲਿਆ ਸੀ ਅਤੇ ਪਹਿਲੇ ਸਿੱਖ ਰਾਜ ਦੀ ਸਥਾਪਨਾ ਕਰਕੇ ਬੇਜ਼ਮੀਨੇ ਲੋਕਾਂ ਨੂੰ ਜ਼ਮੀਨਾਂ ਦੀ ਮਾਲਕੀ ਦੇ ਹੱਕ ਦਿੱਤੇ ਸੀ। ਚੱਪੜਚਿੜੀ ਜੰਗੀ ਯਾਦਗਾਰ ਬਣਨ ਤੋਂ ਬਾਅਦ ਇੱਥੇ ਵੱਡੀ ਗਿਣਤੀ ਵਿੱਚ ਸੈਲਾਨੀ ਫਤਿਹ ਬੁਰਜ ਨੂੰ ਦੇਖਣ ਆਉਂਦੇ ਹਨ। ਉਨ੍ਹਾਂ ਕਿਹਾ ਕਿ ਚੱਪੜਚਿੜੀ ਦੇ ਵਿਕਾਸ ਅਤੇ ਇਤਿਹਾਸ ਨੂੰ ਸੰਭਾਲਣ ਲਈ ਇਸ ਖੇਤਰ ਨੂੰ ਨਿਗਮ ਵਿੱਚ ਸ਼ਾਮਲ ਕੀਤਾ ਜਾਵੇ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਸਰਕਾਰ, ਮੁਹਾਲੀ ਵਿੱਚ ਬਣਾਏਗੀ ਅਤਿ-ਆਧੁਨਿਕ ਵਰਕਿੰਗ ਵਿਮੈਨ ਹੋਸਟਲ, ਮਨਜ਼ੂਰੀ ਤੇ ਫ਼ੰਡ ਵੀ ਮਿਲੇ

ਪੰਜਾਬ ਸਰਕਾਰ, ਮੁਹਾਲੀ ਵਿੱਚ ਬਣਾਏਗੀ ਅਤਿ-ਆਧੁਨਿਕ ਵਰਕਿੰਗ ਵਿਮੈਨ ਹੋਸਟਲ, ਮਨਜ਼ੂਰੀ ਤੇ ਫ਼ੰਡ ਵੀ ਮਿਲੇ ਮੁੱਖ …