
ਡੀਪੀਆਈ ਵਿਰੁੱਧ ਗਲੀ ਗਲੋਚ ਤੇ ਜਾਤੀ ਸੂਚਕ ਸ਼ਬਦ ਬੋਲਣ ਵਾਲੇ ਕਰਮਚਾਰੀ ਖ਼ਿਲਾਫ਼ ਕਾਰਵਾਈ ਦੀ ਮੰਗ
ਐਸਸੀ/ਐਸਟੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਐੱਸਐੱਸਪੀ ਨੂੰ ਕਾਰਵਾਈ ਕਰਨ ਦੇ ਆਦੇਸ਼
ਨਬਜ਼-ਏ-ਪੰਜਾਬ, ਮੁਹਾਲੀ, 2 ਅਪਰੈਲ:
ਸਿੱਖਿਆ ਵਿਭਾਗ ਪੰਜਾਬ ਦੇ ਐਸਸੀ/ਐਸਟੀ ਐਂਪਲਾਈਜ ਪ੍ਰਜੀਡੀਅਮ ਦੇ ਆਗੂ ਜਗਜੀਤ ਸਿੰਘ ਚੌਹਾਨ, ਪਰਮਿੰਦਰ ਸਿੰਘ, ਧਰਮਪਾਲ ਸਿੰਘ, ਜਸਵੰਤ ਸਿੰਘ ਗਿੱਲ ਅਤੇ ਪ੍ਰਿੰਸ ਦੀ ਅਗਵਾਈ ਹੇਠ ਵਫ਼ਦ ਨੇ ਅੱਜ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨਾਲ ਮੁਲਾਕਾਤ ਕੀਤੀ ਅਤੇ ਲਿਖਤੀ ਸ਼ਿਕਾਇਤ ਦੇ ਕੇ ਵਿਭਾਗ ਦੇ ਇੱਕ ਸੇਵਾਦਾਰ ਹਰਦੀਪ ਸਿੰਘ ਵੱਲੋਂ ਡੀਪੀਆਈ (ਸੈਕੰਡਰੀ) ਪਰਮਜੀਤ ਸਿੰਘ ਵਿਰੁੱਧ ਸੋਸ਼ਲ ਮੀਡੀਆ ’ਤੇ ਕੀਤੀ ਗਾਲੀ ਗਲੋਚ ਅਤੇ ਜਾਤੀ ਸੂਚਕ ਸਬੰਧੀ ਅਤਿ ਘਟੀਆ ਦਰਜੇ ਦੀ ਸ਼ਬਦਾਵਲੀ ਵਰਤਣ ਦਾ ਮਾਮਲਾ ਧਿਆਨ ਲਿਆਂਦਾ।
ਜਥੇਬੰਦੀ ਦੇ ਆਗੂਆਂ ਨੇ ਚੇਅਰਮੈਨ ਗੜ੍ਹੀ ਤੋਂ ਮੰਗ ਕੀਤੀ ਕਿ ਉਕਤ ਸੇਵਾਦਾਰ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਅਤੇ ਵਿਭਾਗੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਕਮਿਸ਼ਨ ਨੂੰ ਗਾਲੀ-ਗਲੋਚ ਅਤੇ ਜਾਤੀ ਸੂਚਕ ਸ਼ਬਦਾਵਲੀ ਦੀ ਵੀਡੀਓ ਕਲਿੱਪ ਸਬੂਤ ਵਜੋਂ ਪੈਨ ਡਰਾਈਵ ਪਾ ਕੇ ਦਿੱਤੀ ਗਈ।
ਇਸ ਮੌਕੇ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਸਿੱਖਿਆ ਵਿਭਾਗ ਦੇ ਵਫ਼ਦ ਨੂੰ ਬਣਦੀ ਕਾਰਵਾਈ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਕਿਸੇ ਗਜ਼ਟਿਡ ਅਫ਼ਸਰ ਨੂੰ ਜਾਤੀ ਸੂਚਕ ਸ਼ਬਦ ਬੋਲ ਕੇ ਜ਼ਲੀਲ ਕਰਨਾ ਬਹੁਤ ਗੰਭੀਰ ਮਾਮਲਾ ਹੈ। ਚੇਅਰਮੈਨ ਨੇ ਤੁਰੰਤ ਮੁਹਾਲੀ ਦੇ ਐੱਸਐੱਸਪੀ ਨੂੰ ਹਦਾਇਤ ਕੀਤੀ ਕਿ ਸਬੰਧਤ ਕਰਮਚਾਰੀ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਉਨ੍ਹਾਂ ਵਫ਼ਦ ਨੂੰ ਭਰੋਸਾ ਦਿੱਤਾ ਕਿ ਦੋਸ਼ੀ ਕਰਮਚਾਰੀ ਨੂੰ ਕਿਸੇ ਵੀ ਹਾਲਤ ਵਿੱਚ ਬਖ਼ਸ਼ਿਆਂ ਨਹੀਂ ਜਾਵੇਗਾ।