ਗੰਨੇ ਦਾ ਭਾਅ ਵਧਾਉਣ ਦੀ ਮੰਗ: ਪੰਜਾਬ ਦੇ ਕਿਸਾਨਾਂ ਵੱਲੋਂ ਨੰਗੇ ਧੜ ਹੋ ਕੇ ਕੈਪਟਨ ਸਰਕਾਰ ਦਾ ਪਿੱਟ ਸਿਆਪਾ

ਕਿਸਾਨ ਯੂਨੀਅਨ (ਲੱਖੋਵਾਲ) ਸਮੇਤ ਹੋਰ ਕਈ ਜਥੇਬੰਦੀਆਂ ਨੇ ਵੀ ਕੀਤੀ ਕਿਸਾਨੀ ਸੰਘਰਸ਼ ਦੀ ਹਮਾਇਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਨਵੰਬਰ:
ਪੰਜਾਬ ਸਰਕਾਰ ਵੱਲੋਂ ਗੰਨੇ ਦਾ ਉਚਿੱਤ ਭਾਅ ਨਾ ਵਧਾਉਣ ਤੋਂ ਖ਼ਫ਼ਾ ਹੋਏ ਸੂਬੇ ਦੇ ਕਿਸਾਨਾਂ ਨੇ ਸੋਮਵਾਰ ਨੂੰ ਵੱਡੀ ਗਿਣਤੀ ਵਿੱਚ ਨੰਗੇ ਧੜ ਹੋ ਕੇ ਹੁਕਮਰਾਨਾਂ ਦਾ ਜ਼ਬਰਦਸਤ ਪਿੱਟ ਸਿਆਪਾ ਕੀਤਾ। ਇਸ ਮੌਕੇ ਬੋਲਦਿਆਂ ਬਲਦੇਵ ਸਿੰਘ ਸਿਰਸਾ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਕਿਸਾਨਾਂ ਨਾਲ ਧੱਕੇਸ਼ਾਹੀ ਤੇ ਬੇਇਨਸਾਫ਼ੀ ਕਰ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਖੰਡ ਮਿੱਲਾਂ ਨੂੰ ਲਾਭ ਪਹੁੰਚਾਉਣ ਦੀ ਮਨਸ਼ਾ ਨਾਲ ਕਿਸਾਨਾਂ ਦੇ ਹਿੱਤਾਂ ਨੂੰ ਕੁਚਲਿਆਂ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੰਡੀ ਵਿੱਚ ਖੰਡ ਦਾ ਭਾਅ ਹੁਣ ਘੱਟ ਨਹੀਂ ਹੈ। ਉਨ੍ਹਾਂ ਕਿਹਾ ਕਿ ਗੰਨੇ ਦੀ ਪਿੜਾਈ ਦਾ ਸੀਜ਼ਨ ਸ਼ੁਰੂ ਹੋ ਚੁੱਕਾ ਹੈ, ਪਰ ਅਜੇ ਵੀ 45 ਕਰੋੜ ਰੁਪਏ ਮਿੱਲਾਂ ਵੱਲ ਬਕਾਇਆ ਖੜ੍ਹੇ ਹਨ। ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਨੂੰ ਗੰਨੇ ਦਾ ਉਚਿੱਤ ਭਾਅ ਪ੍ਰਤੀ ਕੁਇੰਟਲ 350 ਰੁਪਏ ਅਤੇ ਬਕਾਇਆ ਰਾਸ਼ੀ ਦਾ ਤੁਰੰਤ ਭੁਗਤਾਨ ਕੀਤਾ ਜਾਵੇ।
ਮੁਹਾਲੀ ਦੇ ਐਸਡੀਐਮ ਡਾ. ਆਰ.ਪੀ. ਸਿੰਘ ਨੇ ਧਰਨੇ ਵਾਲੀ ਥਾਂ ’ਤੇ ਪਹੁੰਚ ਕੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੁੱਖ ਮੰਤਰੀ ਦੇ ਨਾਂ ਲਿਖਿਆ ਮੰਗ ਪੱਤਰ ਹਾਸਲ ਕੀਤਾ। ਉਨ੍ਹਾਂ ਕਿਸਾਨਾਂ ਨੂੰ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਅੱਜ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਸਰਕਾਰ ਨੇ ਸਾਲ 2017-18 ਦੇ ਪਿੜਾਈ ਸੀਜ਼ਨ ਲਈ ਗੰਨੇ ਦੇ ਭਾਅ ਵਿੱਚ 10 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਨ ਦਾ ਫੈਸਲਾ ਕੀਤਾ ਹੈ। ਐਸਡੀਐਮ ਨੇ ਕਿਸਾਨਾਂ ਨੂੰ ਕਿਹਾ ਕਿ ਜੇ ਉਹ ਉਨ੍ਹਾਂ ਦੀ ਰਿਕਾਰਡਿੰਗ ਕਰਨਾ ਹੁੰਦੇ ਹਨ ਜਾਂ ਲਿਖਤੀ ਰੂਪ ਵਿੱਚ ਭਰੋਸਾ ਲੈਣਾ ਚਾਹੁੰਦੇ ਹਨ ਤਾਂ ਉਹ ਤਿਆਰ ਹਨ। ਕਿਸਾਨਾਂ ਨੇ ਅਧਿਕਾਰੀ ਦੀ ਗੱਲ ਮੰਨਦਿਆਂ ਸ਼ਾਮੀ 4 ਵਜੇ ਆਪਣਾ ਧਰਨਾ ਖ਼ਤਮ ਕਰਨ ਦਾ ਐਲਾਨ ਕੀਤਾ। ਉਂਜ ਕਿਸਾਨਾਂ ਨੇ ਗੰਨੇ ਦਾ ਭਾਅ 350 ਰੁਪਏ ਪ੍ਰਤੀ ਕੁਇੰਟਲ ਦੇਣ ਦੀ ਮੰਗ ਕਰਦਿਆਂ ਸਰਕਾਰ ਨੂੰ ਹਫ਼ਤੇ ਦਾ ਅਲਟੀਮੇਟਮ ਦਿੰਦਿਆਂ ਕਿਹਾ ਕਿ ਅਗਲੇ ਸੰਘਰਸ਼ ਦੀ ਰੂਪ ਰੇਖਾ ਜਲਦੀ ਉਲੀਕੀ ਜਾਵੇਗੀ।
ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਸਾਢੇ 10 ਵਜੇ ਹੀ ਪੰਜਾਬ ਦੇ ਵੱਖ ਵੱਖ ਹਿੱਸਿਆਂ ’ਚੋਂ ਕਿਸਾਨ ਮੁਹਾਲੀ ਆਉਣੇ ਸ਼ੁਰੂ ਹੋ ਗਏ ਸੀ ਜਦੋਂ ਕਿ ਬਾਰਡਰ ਏਰੀਆ ਦੇ ਪਿੰਡਾਂ ਦੇ ਕੁੱਝ ਕਿਸਾਨ ਐਤਵਾਰ ਦੇਰ ਸ਼ਾਮ ਹੀ ਇੱਥੇ ਪਹੁੰਚ ਗਏ ਸੀ। ਦੁਪਹਿਰ 12 ਵਜੇ ਤੱਕ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਦੇ ਬਾਹਰ ਕਿਸਾਨਾਂ ਦੀ ਵੱਡੀ ਭੀੜ ਇਕੱਠੀ ਹੋ ਗਈ। ਜਿੱਥੇ ਖੁੱਲ੍ਹੇ ਪੰਡਾਲ ਵਿੱਚ ਕਿਸਾਨਾਂ ਦੇ ਸਿਰ ਚੜ੍ਹੇ ਕਰਜ਼ੇ ਅਤੇ ਹੋਰ ਭਖਦੇ ਮੁੱਦਿਆਂ ’ਤੇ ਚਰਚਾ ਕਰਨ ਮਗਰੋਂ ਵਾਹਿਗੁਰੂ ਦੇ ਚਰਨਾਂ ਵਿੱਚ ਅਰਦਾਸ ਕਰਕੇ ਵੱਡੇ ਕਾਫ਼ਲੇ ਦੇ ਰੂਪ ਵਿੱਚ ਮੁਹਾਲੀ ਦੀਆਂ ਸੜਕਾਂ ’ਤੇ ਰੋਸ ਮਾਰਚ ਕਰਦਿਆਂ ਕਿਸਾਨਾਂ ਨੇ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨ ਲਈ ਕੂਚ ਕੀਤਾ ਲੇਕਿਨ ਪੁਲੀਸ ਨੇ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ’ਤੇ ਬੈਰੀਕੇਟ ਲਗਾ ਕੇ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕ ਲਿਆ। ਜਿਸ ਕਾਰਨ ਕਿਸਾਨ ਸੜਕ ’ਤੇ ਧਰਨਾ ਲਗਾ ਕੇ ਬੈਠ ਗਏ।
ਇਸ ਰੋਸ ਮੁਜ਼ਾਹਰੇ ਦੀ ਅਗਵਾਈ ਲੋਕ ਭਲਾਈ ਇਨਸਾਫ਼ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਬਲਦੇਵ ਸਿੰਘ ਸਿਰਸਾ, ਦੋਆਬਾ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਮਨਜੀਤ ਸਿੰਘ ਰਾਏ ਅਤੇ ਮਾਲਵੇ ਖੇਤਰ ਦੇ ਪ੍ਰਧਾਨ ਹਰਿੰਦਰ ਸਿੰਘ ਨੇ ਕੀਤੀ। ਉਧਰ, ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਸਮੇਤ ਕਈ ਹੋਰਨਾਂ ਜਥੇਬੰਦੀਆਂ ਨੇ ਵੀ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਕੀਤੀ। ਜਥੇਬੰਦੀ ਦੇ ਆਗੂ ਹਰਿੰਦਰ ਸਿੰਘ ਲੱਖੋਵਾਲ, ਨਛੱਤਰ ਸਿੰਘ ਬੈਦਵਾਨ ਅਤੇ ਜਸਪਾਲ ਸਿੰਘ ਨਿਆਮੀਆਂ ਨੇ ਸ਼ਿਰਕਤ ਕੀਤੀ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…