ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਅੰਗਰੇਜ਼ਾਂ ਵੇਲੇ ਸ਼ਹਿਰੀ ਕਾਨੂੰਨ ਪਿੰਡਾਂ ਵਿੱਚ ਲਾਗੂ ਕਰਨਾ ਸਰਾਸਰ ਧੱਕਾ: ਪਰਵਿੰਦਰ ਸੋਹਾਣਾ

ਪਿੰਡਾਂ ਦੇ ਲੋਕਾਂ ਤੇ ਕੌਂਸਲਰਾਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਾਂਝੀ ਲੜਾਈ ਲੜਨ ਦਾ ਸੱਦਾ

ਨਬਜ਼-ਏ-ਪੰਜਾਬ, ਮੁਹਾਲੀ, 3 ਜਨਵਰੀ:
ਮੁਹਾਲੀ ਨਗਰ ਨਿਗਮ ਅਧੀਨ ਛੇ ਪਿੰਡਾਂ ਸੋਹਾਣਾ, ਕੁੰਭੜਾ, ਮਟੌਰ, ਸ਼ਾਹੀਮਾਜਰਾ, ਮਦਨਪੁਰ ਅਤੇ ਮੁਹਾਲੀ ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਲੇ ਜ਼ੋਰ ਫੜ ਲਿਆ ਹੈ। ਸ਼੍ਰੋਮਣੀ ਅਕਾਲੀ ਦਲ, ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਨੇ ਇਹ ਮੁੱਦਾ ਚੁੱਕਦੇ ਹੋਏ ਪੰਜਾਬ ਸਰਕਾਰ ਅਤੇ ਨਿਗਮ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਵੱਡੇ ਸਵਾਲ ਚੁੱਕੇ ਹਨ। ਅੱਜ ਇੱਥੇ ਪਾਰਟੀ ਦਫ਼ਤਰ ਵਿਖੇ ਪੱਤਰਕਾਰ ਸੰਮੇਲਨ ਦੌਰਾਨ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਮੁਹਾਲੀ ਨੇੜਲੇ ਪਿੰਡਾਂ ਨੂੰ ਨਗਰ ਨਿਗਮ ਦੀ ਹੱਦ ਵਿੱਚ ਸ਼ਾਮਲ ਕਰਨ ਸਮੇਂ ਵੀ ਉਨ੍ਹਾਂ ਸਮੇਤ ਹੋਰਨਾਂ ਲੋਕਾਂ ਨੇ ਇਹ ਮੁੱਦਾ ਪੁਰੇ ਸ਼ੋਰਾਂ ਨਾਲ ਚੁੱਕਿਆ ਸੀ ਅਤੇ ਆਪਣੇ ਇਤਰਾਜ਼ ਵੀ ਦਰਜ ਕਰਵਾਏ ਗਏ ਸੀ।
ਅਕਾਲੀ ਆਗੂ ਨੇ ਕਿਹਾ ਕਿ ਇਹ ਪਿੰਡ ਲੰਮਾ ਅਰਸਾ ਪਹਿਲਾਂ ਦੇ ਵਸੇ ਹੋਏ ਹਨ। ਜਿੱਥੇ ਲੋਕ ਆਪਣੀ ਸੁਵਿਧਾ ਮੁਤਾਬਕ ਆਪਣੇ ਘਰ ਬਣਾ ਕੇ ਪਰਿਵਾਰਾਂ ਸਮੇਤ ਰਹਿ ਰਹੇ ਹਨ ਪ੍ਰੰਤੂ ਹੁਣ ਜੇ ਕੋਈ ਪਿੰਡ ਵਾਸੀ ਆਪਣੇ ਘਰ ਜਾਂ ਦੁਕਾਨ ਵਿੱਚ ਕੁੱਝ ਜ਼ਰੂਰੀ ਸੋਧ ਕਰਨੀ ਹੁੰਦੀ ਹੈ ਤਾਂ ਨਗਰ ਨਿਗਮ ਦੀ ਟੀਮ ਮੌਕੇ ’ਤੇ ਪਹੁੰਚ ਕੇ ਕੰਮ ਰੋਕ ਦਿੰਦੀ ਹੈ। ਜਿਸ ਕਾਰਨ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਇਨ੍ਹਾਂ ਪਿੰਡਾਂ ਨੂੰ ਨਿਗਮ ਅਧੀਨ ਲਿਆ ਗਿਆ ਸੀ, ਉਦੋਂ ਅਧਿਕਾਰੀ ਕੁੱਝ ਹੋਰ ਕਹਿੰਦੇ ਸੀ ਅਤੇ ਹੁਣ ਲੋਕਾਂ ਨੂੰ ਕਾਨੂੰਨ ਸਿਖਾਉਣ ਲੱਗ ਪਏ ਹਨ। ਇਨ੍ਹਾਂ ਪਿੰਡਾਂ ਦੀ ਕਰੋੜਾਂ ਅਰਬਾਂ ਦੀ ਜ਼ਮੀਨ ਵੀ ਨਿਗਮ ਅਧੀਨ ਆ ਗਈ ਹੈ ਅਤੇ ਲੋਕਾਂ ਤੋਂ ਪ੍ਰਾਪਰਟੀ ਟੈਕਸ ਵੀ ਵਸੂਲਿਆ ਜਾ ਰਿਹਾ ਹੈ, ਪ੍ਰੰਤੂ ਇਸ ਦੇ ਬਾਵਜੂਦ ਪਿੰਡਾਂ ਦੇ ਲੋਕ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਹਨ।
ਪਰਵਿੰਦਰ ਸੋਹਾਣਾ ਨੇ ਕਿਹਾ ਕਿ ਹਾਲੇ ਵੀ ਪਿੰਡ ਦਾ ਵਿਕਾਸ ਸ਼ਹਿਰ ਦੀ ਤਰਜ਼ ’ਤੇ ਨਹੀਂ ਹੋ ਸਕਿਆ। ਉਨ੍ਹਾਂ ਮੰਗ ਕੀਤੀ ਕਿ ਪਿੰਡਾਂ ਦੇ ਬਾਇਲਾਜ ਸ਼ਹਿਰਾਂ ਨਾਲੋਂ ਵੱਖਰੇ ਬਣਾਏ ਜਾਣ। ਕਿਉਂਕਿ ਮੌਜੂਦਾ ਬਾਇਲਾਜ ਅੰਗਰੇਜ਼ਾਂ ਦੇ ਜ਼ਮਾਨੇ ਦੇ ਬਣੇ ਹੋਏ ਹਨ ਜਦੋਂਕਿ ਪਿੰਡਾਂ ਨੂੰ ਕੁੱਝ ਵਰ੍ਹੇ ਪਹਿਲਾਂ ਹੀ ਨਗਰ ਨਿਗਮ ਦੀ ਹੱਦ ਵਿੱਚ ਸ਼ਾਮਲ ਕੀਤਾ ਗਿਆ ਹੈ। ਉਹ ਸ਼ੁਰੂ ਤੋਂ ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਕਰਦੇ ਆ ਰਹੇ ਹਨ ਪਰ ਸਰਕਾਰਾਂ ਦੇ ਕੰਨਾਂ ’ਤੇ ਜੂੰ ਤੱਕ ਨਹੀਂ ਸਰਕੀ। ਉਨ੍ਹਾਂ ਉਪਰੋਕਤ ਪਿੰਡਾਂ ਦੇ ਵਸਨੀਕਾਂ ਅਤੇ ਕੌਂਸਲਰਾਂ ਨੂੰ ਅਪੀਲ ਕੀਤੀ ਕਿ ਇਸ ਮਸਲੇ ਦੇ ਹੱਲ ਲਈ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਾਂਝੀ ਸਮਾਜਿਕ ਅਤੇ ਕਾਨੂੰਨੀ ਚਾਰਾਜੋਈ ਕੀਤੀ ਜਾਵੇ। ਇਸ ਮੌਕੇ ਹਰਪ੍ਰੀਤ ਸਿੰਘ ਸੋਹਾਣਾ, ਬਹਾਦਰ ਸਿੰਘ ਮਦਨਪੁਰ, ਸਰਬਜੀਤ ਸਿੰਘ ਕੁੰਭੜਾ, ਅਮਨ ਪੂਨੀਆ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਡੀਪੀਆਈ ਦਫ਼ਤਰ ਦੇ ਬਾਹਰ ਸੂਬਾ ਪੱਧਰੀ ਧਰਨਾ ਦੇਣਗੇ ਈਟੀਟੀ ਬੇਰੁਜ਼ਗਾਰ ਅਧਿਆਪਕ

ਡੀਪੀਆਈ ਦਫ਼ਤਰ ਦੇ ਬਾਹਰ ਸੂਬਾ ਪੱਧਰੀ ਧਰਨਾ ਦੇਣਗੇ ਈਟੀਟੀ ਬੇਰੁਜ਼ਗਾਰ ਅਧਿਆਪਕ ਪੰਜਾਬ ਦੀ ‘ਆਪ’ ਸਰਕਾਰ ਦੇ ਨਿੱ…