nabaz-e-punjab.com

ਅਗਨੀ ਕਾਂਡ: ਫਾਇਰ ਬ੍ਰਿਗੇਡ ਅਧਿਕਾਰੀਆਂ ਤੇ ਮੁਲਾਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ

ਆਰਟੀਆਈ ਕਾਰਕੁਨ ਤੇ ਕੌਂਸਲਰ ਕੁਲਜੀਤ ਬੇਦੀ ਨੇ ਡਾਇਰੈਕਟਰ ਤੇ ਨਿਗਮ ਕਮਿਸ਼ਨਰ ਨੂੰ ਲਿਖਿਆ ਪੱਤਰ

ਮਕਾਨ ਮਾਲਕ ਨੂੰ ਹੋਏ ਨੁਕਸਾਨ ਦੀ ਭਰਪਾਈ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀ ਜੇਬ ’ਚੋਂ ਕੀਤੀ ਜਾਵੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਜੂਨ:
ਇੱਥੋਂ ਦੇ ਸੈਕਟਰ-70 ਵਿੱਚ ਸ਼ਾਰਟ ਸਰਕਟ ਨਾਲ ਭਿਆਨਕ ਅੱਗ ਲੱਗਣ ਦੀ ਸੂਚਨਾ ਮਿਲਣ ’ਤੇ ਮੁਹਾਲੀ ਫਾਇਰ ਬ੍ਰਿਗੇਡ ਦੀ ਟੀਮ ਦਾ ਮੌਕੇ ’ਤੇ ਨਾ ਪਹੁੰਚਣ ਦਾ ਆਰਟੀਆਈ ਕਾਰਕੁਨ ਅਤੇ ਕੌਂਸਲਰ ਕੁਲਜੀਤ ਸਿੰਘ ਬੇਦੀ ਨੇ ਗੰਭੀਰ ਨੋਟਿਸ ਲਿਆ ਹੈ। ਉਨ੍ਹਾਂ ਮੰਗ ਕੀਤੀ ਕਿ ਡਿਊਟੀ ਵਿੱਚ ਕੋਤਾਹੀ ਵਰਤਣ ਵਾਲੇ ਫਾਇਰ ਬ੍ਰਿਗੇਡ ਦੇ ਜ਼ਿੰਮੇਵਾਰ ਅਧਿਕਾਰੀਆਂ ਅਤੇ ਕਰਮਚਾਰੀਆਂ ਖ਼ਿਲਾਫ਼ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਸਬੰਧੀ ਉਨ੍ਹਾਂ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਅਤੇ ਨਗਰ ਨਿਗਮ ਦੇ ਕਮਿਸ਼ਨਰ ਨੂੰ ਪੱਤਰ ਲਿਖਿਆ ਹੈ।
ਸ੍ਰੀ ਬੇਦੀ ਨੇ ਪੱਤਰ ਵਿੱਚ ਕਿਹਾ ਕਿ 29 ਜੂਨ ਨੂੰ ਤੜਕੇ ਸਵੇਰੇ ਕਰੀਬ ਸਾਢੇ ਤਿੰਨ ਵਜੇ ਸੈਕਟਰ-70 ਦੀ ਕੋਠੀ ਨੰਬਰ-237 ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ ਸੀ। ਪੀੜਤ ਪਰਿਵਾਰ ਨੇ ਅੱਗ ਲੱਗਣ ਦੀ ਸੂਚਨਾ ਤੁਰੰਤ ਫਾਇਰ ਬ੍ਰਿਗੇਡ ਨੂੰ ਫੋਨ ’ਤੇ ਦਿੱਤੀ ਗਈ ਸੀ ਅਤੇ ਫਾਇਰ ਬ੍ਰਿਗੇਡ ਦੇ ਰੋਜ਼ਨਾਮਚਾ ਰਜਿਸਟਰ ਵਿੱਚ ਵੀ ਅੱਗ ਲੱਗਣ ਦੀ ਇਤਲਾਹ ਦਰਜ ਹੈ, ਪ੍ਰੰਤੂ ਹੈਰਾਨੀ ਦੀ ਗੱਲ ਹੈ ਕਿ ਪੂਰਾ ਦਿਨ ਫਾਇਰ ਬ੍ਰਿਗੇਡ ਉੱਥੇ ਅੱਗ ਬੁਝਾਉਣ ਲਈ ਨਹੀਂ ਪਹੁੰਚੀ। ਜਿਸ ਕਾਰਨ ਮਕਾਨ ਮਾਲਕ ਪਰਮਜੀਤ ਸਿੰਘ ਰੰਧਾਵਾ ਦੇ ਘਰ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ।
ਮੀਡੀਆ ਦੀਆਂ ਪ੍ਰਕਾਸ਼ਿਤ ਰਿਪੋਰਟਾਂ ਦਾ ਹਵਾਲਾ ਦਿੰਦਿਆਂ ਸ੍ਰੀ ਬੇਦੀ ਨੇ ਕਿਹਾ ਕਿ ਫਾਇਰ ਬ੍ਰਿਗੇਡ ਕਰਮਚਾਰੀਆਂ ਵੱਲੋਂ ਕੋਠੀ ਨੰਬਰ-237 ਨੂੰ ਲੱਭਣ ਦੀ ਕੋਸ਼ਿਸ਼ ਹੀ ਨਹੀਂ ਕੀਤੀ ਗਈ ਸਗੋਂ ਖਾਨਾ ਪੂਰਤੀ ਕਰਦਿਆਂ ਗੇੜਾ ਮਾਰ ਕੇ ਵਾਪਸ ਚਲੇ ਜਾਣਾ ਬਹੁਤ ਸ਼ਰਮਨਾਕ ਗੱਲ ਹੈ। ਜਦੋਂਕਿ ਤੜਕਸਾਰ ਪੂਰੇ ਸ਼ਹਿਰ ਦੀਆਂ ਸੜਕਾਂ ਭੀੜ ਭੜੱਕੇ ਤੋਂ ਬਿਲਕੁਲ ਖਾਲੀ ਹੁੰਦੀਆਂ ਹਨ। ਉਂਜ ਵੀ ਇਸ ਖੇਤਰ ਦੀਆਂ ਸਾਰੀਆਂ ਸੜਕਾਂ ਚੌੜੀਆਂ ਹਨ। ਮਕਾਨਾਂ ਨੂੰ ਨੰਬਰ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਜੇਕਰ ਪੀੜਤ ਮਕਾਨ ਮਾਲਕ ਦਾ ਪਾਲਤੂ ਕੁੱਤਾ ਨਾ ਭੌਂਕਦਾ ਤਾਂ ਉੱਥੇ ਵੱਡਾ ਦੁਖਾਂਤ ਵਾਪਰ ਸਕਦਾ ਸੀ। ਉਨ੍ਹਾਂ ਕਿਹਾ ਕਿ ਫਾਇਰ ਬ੍ਰਿਗੇਡ ਸਟਾਫ਼ ਦੀ ਇਹ ਬਜਰ ਗਲਤੀ ਸਾਧਾਰਨ ਮੁਆਫ਼ੀ ਦੇ ਯੋਗ ਨਹੀਂ ਹੈ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਮਕਾਨ ਮਾਲਕ ਨੂੰ ਹੋਏ ਨੁਕਸਾਨ ਦੀ ਭਰਪਾਈ ਫਾਇਰ ਬ੍ਰਿਗੇਡ ਦੇ ਜ਼ਿੰਮੇਵਾਰ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਜੇਬ ’ਚੋਂ ਕੀਤੀ ਜਾਵੇ।

Load More Related Articles
Load More By Nabaz-e-Punjab
Load More In Issues

Check Also

ਰਾਖਵਾਂਕਰਨ ਬਾਰੇ ਡਾ. ਅੰਬੇਦਕਰ ਵੈੱਲਫੇਅਰ ਮਿਸ਼ਨ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ

ਰਾਖਵਾਂਕਰਨ ਬਾਰੇ ਡਾ. ਅੰਬੇਦਕਰ ਵੈੱਲਫੇਅਰ ਮਿਸ਼ਨ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਨਬਜ਼-ਏ-ਪੰਜਾਬ …