nabaz-e-punjab.com

ਸਨਅਤੀ ਏਰੀਆ ਤੇ ਫੇਜ਼-5 ਡਿਵਾਈਡਿੰਗ ਸੜਕ ’ਤੇ ਕਾਜਵੇ ਬਣਾਉਣ ਤੇ ਨੁਕਸਾਨ ਦਾ ਮੁਆਵਜ਼ਾ ਦੇਣ ਦੀ ਮੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਅਗਸਤ:
ਭਾਜਪਾ ਦੇ ਕੌਂਸਲਰ ਅਰੁਣ ਸ਼ਰਮਾ ਅਤੇ ਅਸ਼ੋਕ ਝਾਅ ਦੀ ਅਗਵਾਈ ਹੇਠ ਅੱਜ ਇੱਥੋਂ ਦੇ ਫੇਜ਼-5 ਦੇ ਵਸਨੀਕਾਂ ਦਾ ਵਫ਼ਦ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਨੂੰ ਮਿਲਿਆ ਅਤੇ ਇੱਕ ਮੰਗ ਪੱਤਰ ਸੌਂਪਿਆ। ਭਾਜਪਾ ਆਗੂ ਅਰੁਣ ਸ਼ਰਮਾ ਨੇ ਬਰਸਾਤੀ ਪਾਣੀ ਦੀ ਨਿਕਾਸੀ ਦਾ ਯੋਗ ਪ੍ਰਬੰਧ ਕਰਨ ਦੀ ਮੰਗ ਕਰਦਿਆਂ ਬੀਤੇ ਦਿਨੀਂ ਮੀਂਹ ਦੇ ਪਾਣੀ ਕਾਰਨ ਹੋਏ ਨੁਕਸਾਨ ਬਾਰੇ ਦੱਸਿਆ। ਉਨ੍ਹਾਂ ਸਨਅਤੀ ਏਰੀਆ ਫੇਜ਼-7 ਅਤੇ ਫੇਜ਼-5 ਦੀ ਡਿਵਾਈਡਿੰਗ ਸੜਕ ’ਤੇ ਕਾਜਵੇ ਬਣਾਉਣ ਅਤੇ ਲੋਕਾਂ ਦੇ ਹੋਏ ਨੁਕਸਾਨ ਲਈ ਤੁਰੰਤ ਮੁਆਵਜ਼ਾ ਦੇਣ ਦੀ ਮੰਗ ਕੀਤੀ। ਉਨ੍ਹਾਂ ਡੀਸੀ ਦੇ ਧਿਆਨ ਵਿੱਚ ਲਿਆਂਦਾ ਕਿ ਹਰੇਕ ਸਾਲ ਬਰਸਾਤ ਦੇ ਮੌਸਮ ਵਿੱਚ ਲੋਕਾਂ ਨੂੰ ਬੇਸੁਮਾਰ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਪ੍ਰੰਤੂ ਅਧਿਕਾਰੀ ਮਹਿਜ ਖਾਨਾਪੂਰਤੀ ਕਰਕੇ ਡੰਗ ਟਪਾ ਲੈਂਦੇ ਹਨ। ਉਨ੍ਹਾਂ ਕਿਹਾ ਕਿ ਜਲ ਨਿਕਾਸੀ ਨਾਲਿਆਂ ਦੀ ਸਫ਼ਾਈ ਵੱਲ ਬਿਲਕੁਲ ਧਿਆਨ ਨਹੀਂ ਦਿੱਤਾ ਜਾਂਦਾ ਹੈ। ਇਨ੍ਹਾਂ ਲਾਂਘਿਆਂ ਵਿੱਚ ਕੂੜਾ ਕਰਕਟ ਅਤੇ ਪਲਾਸਟਿਕ ਤੇ ਕੰਚ ਦੀਆਂ ਬੋਤਲਾਂ ਅਤੇ ਲਿਫ਼ਾਫ਼ੇ ਫਸੇ ਹੋਏ ਪਏ ਹਨ।
ਬੀਐਸਐਨਐਲ ਦੇ ਸੇਵਾਮੁਕਤ ਅਧਿਕਾਰੀ ਬਲਬੀਰ ਸਿੰਘ ਨੇ ਦੱਸਿਆ ਕਿ ਫੇਜ਼-5 ਦੇ ਲੋਕ ਸ਼ੁਰੂ ਤੋਂ ਇਸ ਸਮੱਸਿਆ ਨਾਲ ਜੂਝ ਰਹੇ ਹਨ। ਪਿਛਲੇ ਸਾਲ ਬਾਰਸ਼ ਦੇ ਪਾਣੀ ਦੇ ਤੇਜ਼ ਵਹਾਅ ਕਾਰਨ ਉਨ੍ਹਾਂ ਦੇ ਮਕਾਨ ਧਸ ਗਿਆ ਸੀ। ਮੌਕਾ ਦੇਖਣ ਤੋਂ ਬਾਅਦ ਨਗਰ ਨਿਗਮ ਦੇ ਅਧਿਕਾਰੀਆਂ ਨੇ ਨੁਕਸਾਨ ਦੀ ਭਰਪਾਈ ਕਰਨ ਦੀ ਹਾਮੀ ਭਰੀ ਸੀ ਲੇਕਿਨ ਬਾਅਦ ਵਿੱਚ ਕਿਸੇ ਅਧਿਕਾਰੀ ਨੇ ਉਨ੍ਹਾਂ ਦੀ ਗੱਲ ਤੱਕ ਨਹੀਂ ਸੁਣੀ। ਜਿਸ ਕਾਰਨ ਉਨ੍ਹਾਂ ਨੂੰ ਆਪਣੇ ਪੱਲਿਓਂ 2 ਤੋਂ 3 ਲੱਖ ਰੁਪਏ ਖ਼ਰਚ ਕਰਕੇ ਆਪਣੇ ਮਕਾਨ ਦੀ ਮੁਰੰਮਤ ਕਰਵਾਉਣੀ ਪਈ ਸੀ। ਵਫ਼ਦ ਅਨੁਸਾਰ ਡੀਸੀ ਸ੍ਰੀਮਤੀ ਸਪਰਾ ਨੇ ਭਰੋਸਾ ਦਿੱਤਾ ਕਿ ਬਾਰਸ਼ ਦੇ ਪਾਣੀ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਸਮੁੱਚੇ ਸ਼ਹਿਰ ਦਾ ਸਰਵੇ ਕਰਵਾਇਆ ਜਾਵੇਗਾ ਅਤੇ ਲੋਕਾਂ ਨੂੰ ਰਾਹਤ ਦੇਣ ਲਈ ਸਰਕਾਰ ਨੂੰ ਰਿਪੋਰਟ ਤਿਆਰ ਕਰਕੇ ਭੇਜੀ ਜਾਵੇਗੀ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…