nabaz-e-punjab.com

ਮੁਹਾਲੀ ਸ਼ਹਿਰ ਵਿੱਚ ਮੱਛਰ ਮਾਰ ਦਵਾਈ ਦਾ ਛਿੜਕਾਅ ਕਰਨ ਦੀ ਮੰਗ

ਆਰਟੀਆਈ ਕਾਰਕੁਨ ਤੇ ਕੌਂਸਲਰ ਕੁਲਜੀਤ ਸਿੰਘ ਬੇਦੀ ਨੇ ਮੁਹਾਲੀ ਨਿਗਮ ਦੇ ਕਮਿਸ਼ਨਰ ਨੂੰ ਲਿਖਿਆ ਪੱਤਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਅਪਰੈਲ:
ਆਈਟੀਆਈ ਕਾਰਕੁਨ ਅਤੇ ਮੁਹਾਲੀ ਨਗਰ ਨਿਗਮ ਦੇ ਕੌਂਸਲਰ ਕੁਲਜੀਤ ਸਿੰਘ ਬੇਦੀ ਨੇ ਸ਼ਹਿਰ ਵਿੱਚ ਮੱਛਰ ਮਾਰ ਦਵਾਈ ਦਾ ਛਿੜਕਾਅ ਕਰਨ ਦੀ ਮੰਗ ਕੀਤੀ ਹੈ। ਇਸ ਸਬੰਧੀ ਉਨ੍ਹਾਂ ਨੇ ਮੁਹਾਲੀ ਨਿਗਮ ਦੇ ਕਮਿਸ਼ਨਰ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਸ਼ਹਿਰ ਵਿੱਚ ਮੱਛਰ ਮਾਰ ਦਵਾਈ ਦਾ ਛਿੜਕਾਅ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੌਸਮ ਬਦਲਣ ਨਾਲ ਸ਼ਹਿਰ ਵਿੱਚ ਮੱਛਰਾਂ ਦੀ ਭਰਮਾਰ ਹੋ ਗਈ ਹੈ। ਜਿਸ ਕਾਰਨ ਬਿਮਾਰੀਆਂ ਫੈਲਣ ਦਾ ਖਤਰਾ ਬਣ ਗਿਆ ਹੈ ਅਤੇ ਸ਼ਹਿਰ ਵਾਸੀਆਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਮੱਛਰ ਮਾਰ ਦਵਾਈ ਦਾ ਤੁਰੰਤ ਛਿੜਕਾਓ ਕਰਨ ਦੀ ਲੋੜ ਹੈ।
ਸ੍ਰੀ ਬੇਦੀ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਦੌਰਾਨ ਸ਼ਹਿਰ ਵਿੱਚ ਗਰਮੀਆਂ ਅਤੇ ਬਰਸਾਤ ਦੇ ਮੌਸਮ ਵਿੱਚ ਡੇਂਗੂ ਅਤੇ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਫੈਲ ਜਾਂਦੀਆਂ ਹਨ। ਜਿਸ ਕਾਰਨ ਸ਼ਹਿਰ ਵਾਸੀਆਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਵੀ ਸ਼ਹਿਰ ਵਿੱਚ ਡੇਂਗੂ ਅਤੇ ਮਲੇਰੀਆ ਫੈਲਣ ਤੋਂ ਬਾਅਦ ਵਿੱਚ ਨਗਰ ਨਿਗਮ ਅਤੇ ਸਿਹਤ ਵਿਭਾਗ ਹਰਕਤ ਵਿੱਚ ਆਇਆ ਸੀ। ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਹਰ ਪਾਸੇ ਗੰਦਗੀ ਦੀ ਭਰਮਾਰ ਹੈ ਅਤੇ ਇਸ ਗੰਦਗੀ ਉਪਰ ਬਹੁਤ ਵੱਡੀ ਗਿਣਤੀ ਵਿੱਚ ਮੱਛਰ ਪੈਦਾ ਹੋ ਰਿਹਾ ਹੈ ਜੋ ਸ਼ਹਿਰ ਵਾਸੀਆਂ ਲਈ ਵੱਡੀ ਸਮੱਸਿਆ ਬਣ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸ਼ਹਿਰ ਦੇ ਕਿਸੇ ਨਾ ਕਿਸੇ ਇਲਾਕੇ ਵਿੱਚ ਸੀਵਰੇਜ ਜਾਂ ਪੀਣ ਵਾਲੇ ਪਾਣੀ ਦੀ ਲੀਕੇਜ ਹੁੰਦੀ ਰਹਿੰਦੀ ਹੈ, ਜਿਸ ਕਾਰਨ ਸੜਕਾਂ ਉਪਰ ਗੰਦਾ ਪਾਣੀ ਖੜਾ ਹੋ ਜਾਂਦਾ ਹੈ ਅਤੇ ਇਸ ਪਾਣੀ ਵਿੱਚ ਮੱਛਰ ਪੈਦਾ ਹੋ ਜਾਂਦਾ ਹੈ ਜੋ ਕਿ ਲੋਕਾਂ ਲਈ ਵੱਡੀ ਸਮੱਸਿਆ ਬਣ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਮੱਛਰਾਂ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਜ਼ਰੂਰੀ ਹੈ ਕਿ ਹਰ ਪਾਸੇ ਮੱਛਰ ਮਾਰ ਦਵਾਈ ਦਾ ਛਿੜਕਾਓ ਕੀਤਾ ਜਾਵੇ ਤਾਂ ਕਿ ਮੱਛਰ ਪੈਦਾ ਨਾ ਹੋ ਸਕੇ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਉਹ ਸ਼ਹਿਰ ਵਿੱਚ ਸਾਫ਼ ਸਫ਼ਾਈ ਦੇ ਸਹੀ ਪ੍ਰਬੰਧ ਕਰੇ ਤਾਂ ਕਿ ਗੰਦਗੀ ਨਾ ਫੈਲੇ ਅਤੇ ਗੰਦਗੀ ਕਾਰਨ ਮੱਛਰ ਪੈਦਾ ਨਾ ਹੋ ਸਕੇ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਨਾਲ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਡੇੱਗੂ ਅਤੇ ਮਲੇਰੀਆਂ ਦੀਆਂ ਬਿਮਾਰੀਆਂ ਬਾਰੇ ਜਾਗਰੂਕ ਕੀਤਾ ਜਾਣਾ ਚਾਹੀਦਾ ਹੈ ਅਤੇ ਲੋਕਾਂ ਨੂੰ ਜਾਣਕਾਰੀ ਦਿੱਤੀ ਜਾਣੀ ਚਾਹੀਦੀ ਹੈ ਕਿ ਕਿਸ ਤਰੀਕੇ ਨਾਲ ਮੱਛਰਾਂ ਨੂੰ ਪੈਦਾ ਹੋਣ ਤੋਂ ਰੋਕਿਆ ਜਾ ਸਕਦਾ ਹੈ। ਉਨ੍ਹਾਂ ਮੰਗ ਕੀਤੀ ਕਿ ਪਾਰਕਾਂ ਅਤੇ ਹੋਰ ਥਾਵਾਂ ਤੇ ਮੱਛਰ ਮਾਰ ਦਵਾਈ ਦਾ ਤੁਰੰਤ ਛਿੜਕਾਅ ਕੀਤਾ ਜਾਵੇ ਤਾਂ ਕਿ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਇਆ ਜਾ ਸਕੇ।

Load More Related Articles
Load More By Nabaz-e-Punjab
Load More In General News

Check Also

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ ਸੀਨੀਅਰ ਸਹਾਇਕ-…