Nabaz-e-punjab.com

ਸੀਨੀਅਰ ਪੱਤਰਕਾਰ ਦਵਿੰਦਰ ਪਾਲ ਨਾਲ ਬਦਸਲੂਕੀ ਕਰਨ ਵਾਲੇ ਪੁਲੀਸ ਮੁਲਾਜ਼ਮਾਂ ਨੂੰ ਮੁਅੱਤਲ ਕਰਨ ਦੀ ਮੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਅਪਰੈਲ:
ਚੰਡੀਗੜ੍ਹ ਪੁਲੀਸ ਵੱਲੋਂ ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਤੇ ਬਿਊਰੋ ਪ੍ਰਮੁੱਖ ਦਵਿੰਦਰ ਪਾਲ ਨਾਲ ਕੀਤੇ ਗਏ ਮਾੜੇ ਵਿਵਹਾਰ ਦੀ ਜ਼ਿਲ੍ਹਾ ਪ੍ਰੈੱਸ ਕਲੱਬ ਐਸ.ਏ.ਐਸ. ਨਗਰ (ਮੁਹਾਲੀ) ਦੇ ਚੇਅਰਮੈਨ ਦਰਸ਼ਨ ਸਿੰਘ ਸੋਢੀ, ਵਾਈਸ ਚੇਅਰਮੈਨ ਮਹਿੰਦਰਪਾਲ ਕੌਸ਼ਿਕ ਅਤੇ ਜਨਰਲ ਸਕੱਤਰ ਕੁਲਦੀਪ ਸਿੰਘ ਅਤੇ ਹੋਰਨਾਂ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਪੰਜਾਬ ਦੇ ਰਾਜਪਾਲ ਅਤੇ ਮੁੱਖ ਮੰਤਰੀ ਅਤੇ ਡੀਜੀਪੀ ਤੋਂ ਮੰਗ ਕੀਤੀ ਕਿ ਇਸ ਮਾਮਲੇ ਵਿੱਚ ਨਿੱਜੀ ਦਖ਼ਲ ਦੇ ਕੇ ਸੀਨੀਅਰ ਪੱਤਰਕਾਰ ਨਾਲ ਮਾੜਾ ਵਿਵਹਾਰ ਕਰਨ ਵਾਲੇ ਯੂਟੀ ਪੁਲੀਸ ਦੇ ਜ਼ਿੰਮੇਵਾਰ ਅਫ਼ਸਰਾਂ ਅਤੇ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਨੂੰਨੀ ਅਤੇ ਵਿਭਾਗੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇ ਅਤੇ ਭਵਿੱਖ ਵਿੱਚ ਪੱਤਰਕਾਰਾਂ ਦੀ ਸੁਰੱਖਿਆ ਅਤੇ ਮਾਣ ਸਨਮਾਨ ਯਕੀਨੀ ਬਣਾਇਆ ਜਾਵੇ। ਉਨ੍ਹਾਂ ਮੰਗ ਕੀਤੀ ਕਿ ਯੂਟੀ ਪੁਲੀਸ ਮੁਲਾਜ਼ਮਾਂ ਨੂੰ ਮੁਅੱਤਲ ਕੀਤਾ ਜਾਵੇ।
ਇਸੇ ਤਰ੍ਹਾਂ ਪ੍ਰੈੱਸ ਕਲੱਬ ਐਸ.ਏ.ਐਸ. ਨਗਰ ਦੇ ਪ੍ਰਧਾਨ ਹਿਲੇਰੀ ਵਿਕਟਰ ਨੇ ਸੀਨੀਅਰ ਪੱਤਰਕਾਰ ਦਵਿੰਦਰ ਪਾਲ ਨਾਲ ਵਾਪਰੀ ਘਟਨਾ ਦੀ ਸਖ਼ਤ ਅਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਯੂਟੀ ਪੁਲੀਸ ਦੀ ਮੀਡੀਆ ਪ੍ਰਤੀ ਮਾੜੀ ਕਾਰਵਾਈ ਬੇਹੱਦ ਨਿੰਦਯੋਗ ਹੈ। ਇਸ ਦੀ ਜਿੰਨੀ ਵੀ ਨਿਖੇਧੀ ਕੀਤੀ ਜਾਵੇ, ਉਨੀਂ ਥੋੜ੍ਹੀ ਹੈ। ਉਨ੍ਹਾਂ ਨੇ ਵੀ ਮੁੱਖ ਮੰਤਰੀ ਅਤੇ ਡੀਜੀਪੀ ਤੋਂ ਨਿੱਜੀ ਦਖ਼ਲ ਦੇਣ ਦੀ ਮੰਗ ਕੀਤੀ ਹੈ।
ਉਧਰ, ਮੁਹਾਲੀ ਪ੍ਰੈੱਸ ਕਲੱਬ ਨੇ ਉਕਤ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਿਆਂ ਕਰਦਿਆਂ ਯੂਟੀ ਪੁਲੀਸ ਦੇ ਸਬੰਧਤ ਅਧਿਕਾਰੀਆਂ ਨੂੰ ਮੁਅੱਤਲ ਕਰਨ ਦੀ ਮੰਗ ਕੀਤੀ ਹੈ। ਪ੍ਰੈੱਸ ਕਲੱਬ ਦੇ ਪ੍ਰਧਾਨ ਗੁਰਜੀਤ ਸਿੰਘ ਬਿੱਲਾ, ਜਨਰਲ ਸਕੱਤਰ ਹਰਬੰਸ ਬਾਗੜੀ ਅਤੇ ਸਮੂਹ ਕਾਰਜਕਾਰਨੀ ਅਹੁਦੇਦਾਰਾਂ ਨੇ ਚੰਡੀਗੜ੍ਹ ਪੁਲੀਸ ਦੇ ਡੀਜੀਪੀ ਅਤੇ ਐਸਐਸਪੀ ਕੋਲੋਂ ਮੰਗ ਕੀਤੀ ਹੈ ਕਿ ਸੀਨੀਅਰ ਪੱਤਰਕਾਰ ਦਵਿੰਦਰਪਾਲ ਨਾਲ ਬਦਸਲੂਕੀ ਕਰਨ ਵਾਲੇ ਯੂਟੀ ਪੁਲੀਸ ਦੇ ਅਧਿਕਾਰੀ ਤੇ ਹੋਰ ਸਬੰਧਤ ਅਮਲੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਆਗੂਆਂ ਨੇ ਕਿਹਾ ਕਿ ਕਰੋਨਾ ਮਹਾਂਮਾਰੀ ਦੇ ਭਿਆਨਕ ਦੌਰ ਵਿੱਚ ਮੀਡੀਆ ਵੀ ਪ੍ਰਸ਼ਾਸਨ ਦੇ ਨਾਲ ਸਹਿਯੋਗ ਕਰਕੇ ਅਤੇ ਆਪਣੀ ਜਾਨ ਜੋਖ਼ਮ ਵਿੱਚ ਪਾ ਕੇ ਡਿਊਟੀ ਨਿਭਾ ਰਿਹਾ ਹੈ।ਪ੍ਰੰਤੂ ਅਜਿਹੇ ਹਾਲਾਤਾਂ ਵਿੱਚ ਪੁਲੀਸ ਦੀ ਇਸ ਹਰਕਤ ਨੂੰ ਪੱਤਰਕਾਰ ਭਾਈਚਾਰਾ ਹਰਗਿਜ਼ ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਮੰਗ ਕੀਤੀ ਕਿ ਚੰਡੀਗੜ੍ਹ ਪੁਲੀਸ ਦੇ ਡੀਜੀਪੀ ਇਸ ਮਾਮਲੇ ਵਿੱਚ ਤੁਰੰਤ ਦਖ਼ਲ ਦੇਣ ਤੇ ਸਬੰਧਤ ਅਧਿਕਾਰੀ ਵਿਰੁੱਧ ਕਾਰਵਾਈ ਕਰਨ। ਸੀਨੀਅਰ ਪੱਤਰਕਾਰ ਗੁਰਉਪਦੇਸ਼ ਭੁੱਲਰ ਨਾਲ ਵਾਪਰੀ ਲੁੱਟ ਦੀ ਘਟਨਾ ਨੂੰ ਮੰਦਭਾਗਾ ਦੱਸਦਿਆਂ ਮੁਹਾਲੀ ਪ੍ਰੈੱਸ ਕਲੱਬ ਦੇ ਮੈਂਬਰਾਂ ਨੇ ਐਸਐਸਪੀ ਕੋਲੋਂ ਮੰਗ ਕੀਤੀ ਕਿ ਕਰਫਿਊ ਦੌਰਾਨ ਸੀਨੀਅਰ ਪੱਤਰਕਾਰ ਭੁੱਲਰ ਨਾਲ ਲੁੱਟ ਖੋਹ ਕਰਨ ਵਾਲੇ ਅਨਸਰਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…