
ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਤਾਰੀਖ ਬਦਲਣ ਦੀ ਮੰਗ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਨਵੰਬਰ:
ਗੁਰਦੁਆਰਾ ਤਾਲਮੇਲ ਕਮੇਟੀ ਐਸਏਐਸ ਨਗਰ ਅਤੇ ਸਮੂਹ ਗੁਰਦੁਆਰਾ ਪ੍ਰਬੰਧਕ ਸੰਗਠਨ ਚੰਡੀਗੜ੍ਹ ਦੇ ਇੱਕ ਵਫ਼ਦ ਨੇ ਤਾਲਮੇਲ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੋਂਧੀ ਦੀ ਅਗਵਾਈ ਵਿਚ ਪਟਿਆਲਾ ਵਿਖੇ ਗਿਆਨੀ ਰਘਬੀਰ ਸਿੰਘ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਨੂੰ ਇੱਕ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਤਾਰੀਖ (25 ਦਸੰਬਰ) ਤਬਦੀਲ ਕੀਤੀ ਜਾਵੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੋਂਧੀ ਅਤੇ ਜਨਰਲ ਸਕੱਤਰ ਬਲਵਿੰਦਰ ਸਿੰਘ ਟੌਹੜਾ ਨੇ ਦੱਸਿਆ ਕਿ ਪਟਿਆਲਾ ਵਿਖੇ ਇੱਕ ਸਮਾਗਮ ਵਿੱਚ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਸ਼ਾਮਲ ਹੋਣਾ ਸੀ ਪਰ ਜਥੇਦਾਰ ਸਾਹਿਬ ਦੇ ਵਿਦੇਸ਼ ਚਲੇ ਜਾਣ ਕਰਕੇ ਉਹ ਇਸ ਸਮਾਗਮ ਵਿੱਚ ਸ਼ਾਮਲ ਨਹੀਂ ਹੋਏ। ਇਸ ਲਈ ਇਹ ਮੰਗ ਪੱਤਰ ਉਸ ਸਮਾਗਮ ਵਿੱਚ ਪਹੁੰਚੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਦਿੱਤਾ ਗਿਆ।
ਉਹਨਾਂ ਕਿਹਾ ਕਿ ਸਿੱਖ ਜਗਤ ਵੱਲੋਂ 22 ਦਸੰਬਰ ਤੋਂ 28 ਦਸੰਬਰ ਤੱਕ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜਾਦਿਆਂ ਦੇ ਸ਼ਹੀਦੀ ਦਿਹਾੜੇ ਮਨਾਏ ਜਾਂਦੇ ਹਨ, ਇਸ ਸਾਲ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 25 ਦਸੰਬਰ ਨੂੰ ਮਨਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸ਼ਹੀਦੀ ਦਿਨਾਂ ਦੌਰਾਨ ਗੁਰੂ ਸਾਹਿਬ ਦਾ ਪ੍ਰਕਾਸ਼ ਦਿਵਸ ਮਨਾਉਣਾ ਅਤੇ ਨਗਰ ਕੀਰਤਨ ਸਜਾਉਣੇ ਮੁਸ਼ਕਿਲ ਹੋ ਜਾਣਗੇ। ਉਹਨਾਂ ਮੰਗ ਕੀਤੀ ਕਿ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਤਾਰੀਖ ਵਿੱਚ ਤਬਦੀਲੀ ਕੀਤੀ ਜਾਵੇ। ਵਫ਼ਦ ਵਿੱਚ ਗੁਰਦੁਆਰਾ ਸਾਚਾ ਧੰਨ ਸਾਹਿਬ ਦੇ ਪ੍ਰਧਾਨ ਪਰਮਜੀਤ ਸਿੰਘ ਗਿੱਲ, ਰਾਮਗੜ੍ਹੀਆ ਸਭਾ ਦੇ ਆਗੂ ਮਨਜੀਤ ਸਿੰਘ ਮਾਨ, ਮਹਿੰਦਰ ਸਿੰਘ ਕਾਨਪੁਰੀ, ਸਮੂਹ ਗੁਰਦੁਆਰਾ ਪ੍ਰਬੰਧਕ ਸੰਗਠਨ ਚੰਡੀਗੜ੍ਹ ਦੇ ਜਨਰਲ ਸਕੱਤਰ ਰਘਬੀਰ ਸਿੰਘ ਵੀ ਹਾਜ਼ਰ ਸਨ।