ਭਲਾਈ ਸਕੀਮਾਂ ਦੇ ਕੁੱਲ 1259 ਕਰੋੜ ਰੁਪਏ ਦੇ ਕੇਂਦਰੀ ਹਿੱਸੇ ਦੀ ਰਾਸ਼ੀ ਤੁਰੰਤ ਜਾਰੀ ਕਰਨ ਦੀ ਮੰਗ

ਸਾਧੂ ਸਿੰਘ ਧਰਮਸੋਤ ਵੱਲੋਂ ਕੇਂਦਰੀ ਮੰਤਰੀ ਥਾਵਰ ਚੰਦ ਗਹਿਲੋਤ ਨਾਲ ਮੁਲਾਕਾਤ

ਕੇਂਦਰ ਵੱਲ ਬਕਾਇਆ 1259 ਕਰੋੜ ਦੀ ਰਾਸ਼ੀ ਤੁਰੰਤ ਜਾਰੀ ਕਰਨ ਦੀ ਮੰਗ, ਗਹਿਲੋਤ ਨੇ ਬਕਾਇਆ ਰਾਸ਼ੀ ਜਲਦ ਜਾਰੀ ਕਰਨ ਦਾ ਦਿੱਤਾ ਭਰੋਸਾ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 24 ਮਈ:
ਪੰਜਾਬ ਦੇ ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਭਾਰਤ ਸਰਕਾਰ ਨੂੰ ਪੰਜਾਬ ਸੂਬੇ ਨਾਲ ਸਬੰਧਤ ਵੱਖ-ਵੱਖ ਭਲਾਈ ਸਕੀਮਾਂ ਦੇ ਕੁੱਲ 1259 ਕਰੋੜ ਰੁਪਏ ਦੇ ਕੇਂਦਰੀ ਹਿੱਸੇ ਦੀ ਰਾਸ਼ੀ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਹੈ। ਅੱਜ ਨਵੀਂ ਦਿੱਲੀ ਦੇ ਸ਼ਾਸਤਰੀ ਭਵਨ ਵਿਖੇ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਤੇ ਸ਼ਸ਼ਕਤੀਕਰਨ ਮੰਤਰੀ ਸ੍ਰੀ ਥਾਵਰ ਚੰਦ ਗਹਿਲੋਤ ਨਾਲ ਮੀਟਿੰਗ ਮਗਰੋਂ ਸ. ਧਰਮਸੋਤ ਨੇ ਦੱਸਿਆ ਕਿ ਸੂਬੇ ਦੇ ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਵਿਕਾਸ ਲਈ ਚਲਾਈਆਂ ਜਾ ਰਹੀਆਂ ਵਿਭਿੰਨ ਭਲਾਈ ਸਕੀਮਾਂ ਦੇ ਕੇਂਦਰੀ ਹਿੱਸੇ ਦੇ 1259 ਕਰੋੜ ਰੁਪਏ ਕੇਂਦਰ ਸਰਕਾਰ ਵੱਲ ਬਕਾਇਆ ਹਨ, ਜਿਨ੍ਹਾਂ ਨੂੰ ਤੁਰੰਤ ਜਾਰੀ ਕੀਤੇ ਜਾਣ ਲਈ ਸ੍ਰੀ ਥਾਵਰ ਚੰਦ ਗਹਿਲੋਤ ਤੱਕ ਪਹੁੰਚ ਕੀਤੀ ਗਈ ਹੈ।
ਸ੍ਰੀ ਧਰਮਸੋਤ ਨੇ ਦੱਸਿਆ ਕਿ ਸਾਲ 2016-2017 ਤਹਿਤ ਪ੍ਰੀ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ. ਸਟੂਡੈਂਟਸ (9ਵੀਂ ਅਤੇ 10ਵੀਂ) ਦੇ 18 ਕਰੋੜ 42 ਲੱਖ, ਪ੍ਰੀ ਮੈਟ੍ਰਿਕ ਮਲੀਨ ਕਿੱਤਾ ਸਕੀਮ ਦੇ 48.71 ਲੱਖ ਰੁਪਏ ਕੇਂਦਰ ਵਲੋਂ ਜਾਰੀ ਕੀਤੇ ਜਾਣੇ ਹਨ। ਇਸੇ ਤਰ੍ਹਾਂ ਪ੍ਰੀ ਮੈਟ੍ਰਿਕ ਸਕਾਲਰਸ਼ਿਪ ਫਾਰ ਓ.ਬੀ.ਸੀ. ਸਟੂਡੈਂਟਸ ਸਕੀਮ ਦੇ ਸਾਲ 2011-12 ਤੋਂ ਸਾਲ 2016-17 ਦੇ 1036929 ਵਿਦਿਆਰਥੀਆਂ ਲਈ 25 ਕਰੋੜ 37 ਲੱਖ ਰੁਪਏ (ਸਾਲ 2011-12 ਦੇ 248.57 ਲੱਖ, 2012-13 ਦੇ 543.65 ਲੱਖ, 2013-14 ਦੇ 253.19 ਲੱਖ, 2014-15 ਦੇ 379.52 ਲੱਖ, 2015-16 ਦੇ 577.39 ਲੱਖ ਅਤੇ 2016-17 ਦੇ 534.38 ਲੱਖ ਰੁਪਏ) ਕੇਂਦਰ ਵੱਲ ਬਕਾਇਆ ਪਏ ਹਨ। ਭਲਾਈ ਮੰਤਰੀ ਨੇ ਅੱਗੇ ਦੱਸਿਆ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ. ਸਟੂਡੈਂਟਸ ਸਕੀਮ ਲਈ 1046 ਕਰੋੜ 47 ਲੱਖ (ਸਾਲ 2015-16 ਦੇ 328.71 ਕਰੋੜ ਅਤੇ 2016-17 ਦੇ 717.76 ਕਰੋੜ ਰੁਪਏ) ਅਤੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਓ.ਬੀ.ਸੀ. ਸਟੂਡੈਂਟਸ ਸਕੀਮ ਦੇ 86 ਕਰੋੜ 41 ਲੱਖ ਰੁਪਏ ਭਾਰਤ ਸਰਕਾਰ ਵੱਲ ਬਕਾਇਆ ਹਨ। ਉਨ੍ਹਾਂ ਦੱਸਿਆ ਕਿ ਬਾਬੂ ਜਗਜੀਵਨ ਰਾਮ ਛਾਤਰਾਵਾਸ ਯੋਜਨਾ ਦੇ 76.33 ਕਰੋੜ ਰੁਪਏ ਜਦਕਿ ਪ੍ਰਧਾਨ ਮੰਤਰੀ ਆਦਰਸ਼ ਗਰਾਮ ਯੋਜਨਾ ਤਹਿਤ 5 ਕਰੋੜ 60 ਲੱਖ ਰੁਪਏ ਜਾਰੀ ਕਰਨੇ ਬਕਾਇਆ ਹਨ।
ਸ੍ਰੀ ਧਰਮਸੋਤ ਨੇ ਦੱਸਿਆ ਕਿ ਸਾਡੀ ਸਰਕਾਰ ਸੂਬੇ ਦੇ ਐਸ.ਸੀ., ਬੀ.ਸੀ. ਅਤੇ ਘੱਟ ਗਿਣਤੀ ਵਰਗ ਨਾਲ ਸਬੰਧਤ ਲੋਕਾਂ ਨੂੰ ਭਲਾਈ ਸਕੀਮਾਂ ਦਾ ਲਾਭ ਸਮੇਂ ਸਿਰ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸੂਬੇ ਨਾਲ ਸਬੰਧਤ ਭਲਾਈ ਸਕੀਮਾਂ ਦੇ ਕੇਂਦਰ ਵਲੋਂ ਹੁਣ ਤੱਕ ਜਾਰੀ ਕੀਤੀ ਰਾਸ਼ੀ ਦੇ ਵਰਤੋ ਵਰਟੀਫਿਕੇਟ ਭਾਰਤ ਸਰਕਾਰ ਨੂੰ ਭੇਜੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਸ੍ਰੀ ਗਹਿਲੋਤ ਨੇ ਸੂਬੇ ਦੇ ਭਲਾਈ ਵਿਭਾਗ ਨਾਲ ਸਬੰਧਤ ਬਕਾਇਆ ਰਾਸ਼ੀ ਨੂੰ ਜਲਦ ਜਾਰੀ ਕਰ ਦੇਣ ਦਾ ਭਰੋਸਾ ਦਿੱਤਾ ਹੈ। ਸ. ਧਰਮਸੋਤ ਨੇ ਇਸ ਮੌਕੇ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਣ ਰਾਜ ਮੰਤਰੀ ਸ੍ਰੀ ਵਿਜੇ ਸਾਂਪਲਾ ਨਾਲ ਵੀ ਮੁਲਾਕਾਤ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਆਰ. ਵੈਂਕਟਰਤਨਮ, ਪ੍ਰਮੁੱਖ ਸਕੱਤਰ, ਭਲਾਈ ਵਿਭਾਗ, ਪੰਜਾਬ ਅਤੇ ਸ੍ਰੀ ਜਸਵਿੰਦਰ ਸਿੰਘ ਗਿੱਲ, ਡਿਪਟੀ ਡਾਇਰੈਕਟਰ, ਭਲਾਈ ਵਿਭਾਗ, ਪੰਜਾਬ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Uncategorized

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਨਬਜ਼-ਏ-ਪੰ…