ਸਿਹਤ ਸਹੂਲਤਾਂ ਦੇਣ ਵਿੱਚ ਅਸਫਲ ਰਹਿਣ ’ਤੇ ਮੰਤਰੀ ਬਲਬੀਰ ਸਿੱਧੂ ਤੋਂ ਅਸਤੀਫ਼ਾ ਮੰਗਿਆ

ਆਪ ਵਾਲੰਟੀਅਰ ਐਤਵਾਰ ਨੂੰ ਕਰਨਗੇ ਮੰਤਰੀ ਸਿੱਧੂ ਦੀ ਕੋਠੀ ਬਾਹਰ ਰੋਸ ਮੁਜ਼ਾਹਰਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਜੂਨ:
ਮੁਹਾਲੀ ਦੇ ਸਾਬਕਾ ਮੇਅਰ ਅਤੇ ਆਜ਼ਾਦ ਗਰੁੱਪ ਦੇ ਮੁਖੀ ਕੁਲਵੰਤ ਸਿੰਘ ਨੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਕੋਲੋਂ ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਅਸਫਲ ਰਹਿਣ ਅਤੇ ਪੰਜਾਬ ਦੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਦਾ ਦੋਸ਼ ਲਗਾਉਂਦਿਆਂ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਮੰਗ ਕੀਤੀ ਹੈ। ਉਧਰ, ਆਮ ਆਦਮੀ ਪਾਰਟੀ (ਆਪ) ਦੇ ਵਲੰਟੀਅਰ ਭਲਕੇ ਐਤਵਾਰ ਨੂੰ ਦੁਪਹਿਰ 1 ਵਜੇ ਇੱਥੋਂ ਦੇ ਫੇਜ਼-7 ਸਥਿਤ ਸਿਹਤ ਮੰਤਰੀ ਦੀ ਜ਼ੱਦੀ ਰਿਹਾਇਸ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਹ ਜਾਣਕਾਰੀ ਆਪ ਆਗੂ ਵਿਨੀਤ ਵਰਮਾ ਨੇ ਦਿੱਤੀ। ਇਸ ਮੌਕੇ ਸਿੱਧੂ ਦਾ ਪੁਤਲਾ ਸਾੜਿਆ ਜਾਵੇਗਾ।
ਅੱਜ ਇੱਥੇ ਮੀਡੀਆ ਨਾਲ ਗੱਲਬਾਤ ਦੌਰਾਨ ਕੁਲਵੰਤ ਸਿੰਘ ਨੇ ਦੋਸ਼ ਲਾਇਆ ਕਿ ਸ੍ਰੀ ਸਿੱਧੂ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੇ ਹਨ। ਉਨ੍ਹਾਂ ਕਿਹਾ ਕਿ ਇੱਕ ਪਾਸੇ ਲੋਕ ਸਿਹਤ ਸਹੂਲਤਾਂ ਦੀ ਘਾਟ ਨਾਲ ਜੂਝ ਰਹੇ ਹਨ, ਉੱਥੇ ਦੂਜੇ ਪਾਸੇ ਸਿਹਤ ਮੰਤਰੀ ਨਿੱਜੀ ਹਸਪਤਾਲਾਂ ਨੂੰ ਮੁਨਾਫ਼ਾ ਦੇਣ ਵਿੱਚ ਲੱਗੇ ਹੋਏ ਹਨ।
ਸਾਬਕਾ ਮੇਅਰ ਨੇ ਕਿਹਾ ਕਿ ਕਰੋਨਾ ਦੀ ਮਹਾਮਾਰੀ ਦੌਰਾਨ ਲੋਕਾਂ ਨੂੰ ਵੈਕਸੀਨ ਸਮੇਤ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਵਾਉਣਾ ਸਿਹਤ ਮੰਤਰੀ ਦੀ ਜ਼ਿੰਮੇਵਾਰੀ ਹੈ, ਪ੍ਰੰਤੂ ਬਲਬੀਰ ਸਿੱਧੂ ਨੇ ਕੇਂਦਰ ਵੱਲੋਂ ਕਰੋਨਾ ਤੋਂ ਬਚਾਅ ਲਈ 400 ਰੁਪਏ ਪ੍ਰਤੀ ਡੋਜ਼ ਦੇ ਹਿਸਾਬ ਨਾਲ ਕੋ-ਵੈਕਸੀਨ ਦੀਆਂ ਭੇਜੀਆਂ 1 ਲੱਖ 40 ਹਜ਼ਾਰ ਖੁਰਾਕਾਂ ਲੋਕਾਂ ਨੂੰ ਮੁਫ਼ਤ ਵਿੱਚ ਮੁਹੱਈਆ ਕਰਵਾਉਣ ਦੀ ਬਜਾਏ 42 ਹਜ਼ਾਰ ਖੁਰਾਕਾਂ, 20 ਨਿੱਜੀ ਹਸਪਤਾਲਾਂ ਨੂੰ 1060 ਪ੍ਰਤੀ ਡੋਜ਼ ਦੇ ਹਿਸਾਬ ਨਾਲ ਵੇਚ ਦਿੱਤੀਆਂ ਤਾਂ ਜੋ ਨਿੱਜੀ ਹਸਪਤਾਲਾਂ ਵਾਲੇ ਹੋਰ ਮੁਨਾਫ਼ਾ ਕਮਾ ਸਕਣ। ਉਨ੍ਹਾਂ ਕਿਹਾ ਕਿ ਸਿਹਤ ਮੰਤਰੀ ਨੇ ਲੋਕਾਂ ਨਾਲ ਧ੍ਰੋਹ ਕਮਾਇਆ ਹੈ, ਜਿਸ ਲਈ ਉਨ੍ਹਾਂ ਨੂੰ ਨੈਤਿਕਤਾ ਦੇ ਅਧਾਰ ’ਤੇ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਹੈ।
ਕੁਲਵੰਤ ਸਿੰਘ ਨੇ ਕਿਹਾ ਕਿ ਜਦੋਂ ਪਿਛਲੇ ਸਾਲ ਕਰੋਨਾ ਮਹਾਮਾਰੀ ਆਈ ਸੀ ਤਾਂ ਉਸ ਵੇਲੇ ਮਾਹਰਾਂ ਨੇ ਚਿਤਾਵਨੀ ਦਿੱਤੀ ਸੀ ਕਿ ਕਰੋਨਾ ਦੀ ਦੂਜੀ ਲਹਿਰ ਵੀ ਆ ਸਕਦੀ ਹੈ, ਪ੍ਰੰਤੂ ਇਸਦੇ ਬਾਵਜੂਦ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਦੀਆਂ ਜਾਨਾਂ ਬਚਾਉਣ ਲਈ ਅਗਾਊਂ ਠੋਸ ਪ੍ਰਬੰਧ ਨਹੀਂ ਕੀਤੇ ਗਏ, ਜਿਸਦੇ ਨਤੀਜੇ ਵਜੋਂ ਪੰਜਾਬ ਵਿੱਚ ਆਕਸੀਜ਼ਨ ਦੀ ਸਮੱਸਿਆ ਪੈਦਾ ਹੋ ਗਈ ਅਤੇ ਹਜ਼ਾਰਾਂ ਦੀ ਗਿਣਤੀ ਵਿੱਚ ਕਰੋਨਾ ਪੀੜਤਾਂ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਸਿਹਤ ਮੰਤਰੀ ਨੂੰ ਲੋਕਾਂ ਨਾਲੋਂ ਨਿੱਜੀ ਹਸਪਤਾਲਾਂ ਦੀ ਜ਼ਿਆਦਾ ਫ਼ਿਕਰ ਹੈ। ਇਸ ਲਈ ਉਹ ਨਿੱਜੀ ਹਸਪਤਾਲਾਂ ਨੂੰ ਵੈਂਟੀਲੇਟਰ ਦਿੰਦੇ ਹਨ ਅਤੇ ਕਦੇ ਵੈਕਸੀਨ ਨਿੱਜੀ ਹਸਪਤਾਲਾਂ ਦੇ ਹਵਾਲੇ ਕਰ ਦਿੰਦੇ ਹਨ। ਉਨ੍ਹਾਂ ਕਿਹਾ ਕਿ ਹੁਣ ਇਹ ਸਾਬਤ ਹੋ ਗਿਆ ਹੈ ਕਿ ਇਹ ਕਾਰਵਾਈ ਗਲਤ ਹੈ ਅਤੇ ਸਰਕਾਰ ਨੇ ਆਪਣੀ ਗਲਤੀ ਵੀ ਮੰਨ ਲਈ ਹੈ ਇਸ ਲਈ ਇਸ ਦੀ ਜ਼ਿੰਮੇਵਾਰੀ ਲੈਂਦਿਆਂ ਸਿਹਤ ਮੰਤਰੀ ਨੂੰ ਆਪਣੇ ਅਹੁਦੇ ਤੋਂ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਹੈ।

Load More Related Articles
Load More By Nabaz-e-Punjab
Load More In General News

Check Also

Sixteen law schools participated in Leiden Sarin International Air Law Moot Court competition

Sixteen law schools participated in Leiden Sarin International Air Law Moot Court competit…