ਮੁੱਖ ਮੰਤਰੀ ਵੱਲੋਂ ਫਤਹਿਗੜ੍ਹ ਸਾਹਿਬ ਦੇ ਵਿਕਾਸ ਤੇ ਸੁੰਦਰੀਕਰਨ ਲਈ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦੀਆਂ ਮੁੱਖ ਮੰਗਾਂ ਪ੍ਰਵਾਨ

ਬੱਸੀ ਪਠਾਣਾ ਸਬ-ਜੇਲ੍ਹ ਵਿੱਚ ਯਾਦਗਾਰ ਸਥਾਪਤ ਕਰਨ ਲਈ ਸੈਰ ਸਪਾਟਾ ਵਿਭਾਗ ਦੇ ਡਾਇਰੈਕਟਰ ਨੂੰ ਤਜਵੀਜ਼ ਸੌਂਪਣ ਲਈ ਕਿਹਾ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 27 ਦਸੰਬਰ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਤਿਹਾਸਕ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਅਤੇ ਮੈਨੇਜਰ ਵੱਲੋਂ ਰੱਖੀਆਂ ਮੰਗਾਂ ਨੂੰ ਤੁਰੰਤ ਪ੍ਰਵਾਨ ਕਰਦਿਆਂ ਸੱਭਿਆਚਾਰਕ ਮਾਮਲਿਆਂ ਤੇ ਸੈਰ ਸਪਾਟਾ ਵਿਭਾਗ ਦੇ ਡਾਇਰੈਕਟਰ ਨੂੰ ਬੱਸੀ ਪਠਾਣਾ ਦੀ ਸਬ-ਜੇਲ੍ਹ ਵਿੱਚ ਯਾਦਗਾਰ ਸਥਾਪਤ ਕਰਨ ਲਈ ਵਿਸਥਾਰਤ ਤਜਵੀਜ਼ ਤਿਆਰ ਕਰਨ ਦੀ ਹਦਾਇਤ ਕੀਤੀ। ਇਸ ਜੇਲ੍ਹ ਵਿੱਚ ਸਿੱਖਾਂ ਦੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਉਸ ਵੇਲੇ ਦੀ ਮੁਗਲ ਹਕੂਮਤ ਵੱਲੋਂ ਤਿੰਨ ਮਹੀਨਿਆਂ ਤੋਂ ਵੱਧ ਸਮਾਂ ਕੈਦ ਰੱਖਿਆ ਗਿਆ ਸੀ।
ਮੁੱਖ ਮੰਤਰੀ ਨੇ ਬੀਤੇ ਦਿਨ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਚੰਡੀਗੜ੍ਹ ਪਰਤਦਿਆਂ ਹੀ ਆਪਣੀ ਸਰਕਾਰੀ ਰਿਹਾਇਸ਼ ’ਤੇ ਇਕ ਉੱਚ ਪੱਧਰੀ ਮੀਟਿੰਗ ਬੁਲਾਈ ਜਿਸ ਵਿੱਚ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਅਤੇ ਮੈਨੇਜਰ ਜਸਬੀਰ ਸਿੰਘ ਵੱਲੋਂ ਯਾਦ ਪੱਤਰ ਰਾਹੀਂ ਰੱਖੀਆਂ ਮੰਗਾਂ ਨੂੰ ਪ੍ਰਵਾਨ ਕਰ ਲਿਆ। ਇਨ੍ਹਾਂ ਮੰਗਾਂ ਵਿੱਚ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ 10 ਕਿਲੋਮੀਟਰ ਦੇ ਘੇਰੇ ਵਿੱਚ ਪੈਂਦੀਆਂ ਸੜਕਾਂ ਨੂੰ ਚੌੜਾ ਤੇ ਮਜ਼ਬੂਤ ਕਰਨ ਦੇ ਨਾਲ-ਨਾਲ ਬਾਬਾ ਮੋਤੀ ਰਾਮ ਮਹਿਰਾ ਗੇਟ (ਨੇੜੇ ਤਲਾਣੀਆਂ) ਤੋਂ ਬਾਬਾ ਬੰਦਾ ਸਿੰਘ ਬਹਾਦਰ ਗੇਟ ਤੱਕ ਸੜਕ ਜੋ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਅਤੇ ਗੁਰਦੁਆਰਾ ਜੋਤੀ ਸਰੂਪ ਕੋਲੋਂ ਗੁਜ਼ਰਦੀ ਹੈ, ਦਾ ਸੁੰਦਰੀਕਰਨ ਕੀਤਾ ਜਾਣਾ ਸ਼ਾਮਲ ਹੈ। ਮੁੱਖ ਮੰਤਰੀ ਨੇ ਲੋਕ ਨਿਰਮਾਣ ਵਿਭਾਗ ਦੇ ਸਕੱਤਰ ਨੂੰ ਇਨ੍ਹਾਂ ਪ੍ਰੋਜੈਕਟਾਂ ਨੂੰ ਛੇਤੀ ਤੋਂ ਛੇਤੀ ਅਮਲ ਵਿੱਚ ਲਿਆਉਣ ਲਈ ਵਿਸਥਾਰਤ ਤਜਵੀਜ਼ ਤਿਆਰ ਕਰਨ ਤੇ ਅਨੁਮਾਨ ਲਾਉਣ ਦੇ ਹੁਕਮ ਦਿੱਤੇ।
ਕੈਪਟਨ ਅਮਰਿੰਦਰ ਸਿੰਘ ਨੇ ਜ਼ਿਲ੍ਹਾ ਰੋਪੜ ਵਿੱਚ ਪੈਂਦੇ ਇਤਿਹਾਸਕ ਗੁਰਦੁਆਰਾ ਕੁੰਮਾ ਮਾਸਕੀ ਤੋਂ ਰੋਪੜ ਹੈੱਡਵਰਕਸ ਤੱਕ ਸੜਕ ਨੂੰ ਚੌੜਾ ਤੇ ਮਜ਼ਬੂਤ ਕਰਨ ਤੋਂ ਇਲਾਵਾ ਇਸ ਸੜਕ ’ਤੇ ਚਾਰ ਪੁਲਾਂ ਦੀ ਉਸਾਰੀ ਦਾ ਚੱਲ ਰਿਹਾ ਕੰਮ ਨਿਪਟਾਉਣ ਲਈ ਪੰਜ ਕਰੋੜ ਦੀ ਰਾਸ਼ੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਮੀਟਿੰਗ ਦੌਰਾਨ ਮੁੱਖ ਮੰਤਰੀ ਨੂੰ ਦੱਸਿਆ ਗਿਆ ਕਿ ਹੁਣ ਤੱਕ ਇਸ ਪ੍ਰੋਜੈਕਟ 6.69 ਕਰੋੜ ਰੁਪਏ ਖਰਚੇ ਜਾ ਚੁੱਕੇ ਹਨ ਅਤੇ ਬਾਕੀ ਪੰਜ ਕਰੋੜ ਰੁਪਏ ਵੀ ਛੇਤੀ ਜਾਰੀ ਕਰ ਦਿੱਤੇ ਜਾਣਗੇ ਤਾਂ ਕਿ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਆਉਂਦੀ ਸੰਗਤ ਦੀ ਸਹੂਲਤ ਲਈ ਇਸ ਪ੍ਰੋਜੈਕਟ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾ ਸਕੇ।
ਕੈਪਟਨ ਅਮਰਿੰਦਰ ਸਿੰਘ ਜੋ ਬੀਤੇ ਦਿਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਗਏ ਸਨ, ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸ਼ਹਿਰ ਦੇ ਸੁੰਦਰੀਕਰਨ ਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਲੋੜੀਂਦੇ ਕਦਮ ਚੁੱਕਣ ਦੀ ਹਦਾਇਤ ਕੀਤੀ ਤਾਂ ਕਿ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਵੱਡੀ ਗਿਣਤੀ ਵਿੱਚ ਆਉਂਦੀ ਸੰਗਤ ਨੂੰ ਕੋਈ ਦਿੱਕਤ ਪੇਸ਼ ਨਾ ਆਵੇ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਸ਼ਹੀਦੀ ਸਭਾ ਮੌਕੇ ਵੱਡੀ ਗਿਣਤੀ ’ਚ ਜੁੜਦੀ ਸੰਗਤ ਦੀ ਸਹੂਲਤ ਲਈ ਫਤਹਿਗੜ੍ਹ ਸਾਹਿਬ ਦੇ ਨਾਲ ਲਗਦੇ ਖੇਤਰ ਵਿੱਚ ਖੁੱਲ੍ਹੇ-ਡੁੱਲ੍ਹੇ 10 ਬਾਥਰੂਮ ਬਣਾਉਣ ਦੀ ਪ੍ਰਵਾਨਗੀ ਦਿੰਦਿਆਂ ਜਨ ਸਿਹਤ ਮਹਿਕਮੇ ਦੇ ਸਕੱਤਰ ਪਾਸੋਂ ਇਸ ਸਬੰਧੀ ਰਿਪੋਰਟ ਮੰਗੀ ਹੈ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…