Share on Facebook Share on Twitter Share on Google+ Share on Pinterest Share on Linkedin ਨਾਜਾਇਜ਼ ਉਸਾਰੀਆਂ ਢਾਹੇ ਜਾਣ ਦਾ ਮਾਮਲਾ: ਐਸਪੀ ਵਿਰਕ ਤੇ ਸਾਹੀ ਇਮਾਮ ਨੇ ਲਿਆ ਮੌਕੇ ਦਾ ਜਾਇਜ਼ਾ ਪਿੰਡ ਝਾਮਪੁਰ ਵਿੱਚ ਮਸਜਿਦ ਦੀ ਕੰਧ ਤੋੜੇ ਜਾਣ ਦਾ ਮਾਮਲਾ ਭਖਿਆ, ਮੁੱਖ ਮੰਤਰੀ ਤੋਂ ਨਿੱਜੀ ਦਖ਼ਲ ਦੇਣ ਦੀ ਮੰਗ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਸਤੰਬਰ: ਗਰੇਟਰ ਮੁਹਾਲੀ ਏਰੀਆ ਵਿਕਾਸ ਅਥਾਰਟੀ (ਗਮਾਡਾ) ਵੱਲੋਂ ਹਾਈ ਕੋਰਟ ਦੇ ਹੁਕਮਾਂ ’ਤੇ ਪਿੰਡ ਝਾਮਪੁਰ ਵਿੱਚ ਅਣਅਧਿਕਾਰਤ ਉਸਾਰੀਆਂ ਢਾਹੇ ਜਾਣ ਦੌਰਾਨ ਉੱਥੇ ਨੇੜੇ ਹੀ ਉਸਾਰੀ ਅਧੀਨ ਮਸਜਿਦ ਦੀਆਂ ਕੰਧ ਨੂੰ ਨੁਕਸਾਨ ਪਹੁੰਚਣ ਦਾ ਮਾਮਲਾ ਕਾਫ਼ੀ ਭਖ ਗਿਆ ਹੈ। ਅੱਜ ਮੁਹਾਲੀ ਦੇ ਐਸਪੀ ਨਵਰੀਤ ਸਿੰਘ ਵਿਰਕ, ਬਲੌਂਗੀ ਥਾਣਾ ਦੇ ਐਸਐਚਓ ਪੀਐਸ ਗਰੇਵਾਲ ਅਤੇ ਸਾਹੀ ਇਮਾਮ ਨੇ ਮੌਕੇ ’ਤੇ ਪਹੁੰਚ ਕੇ ਮੌਜੂਦਾ ਹਾਲਾਤਾਂ ਦਾ ਜਾਇਜ਼ਾ ਲਿਆ ਅਤੇ ਮੁਸਲਿਮ ਭਾਈਚਾਰੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਹਾਲਾਂਕਿ ਕੁੱਝ ਲੋਕ ਗਮਾਡਾ ਦੀ ਉਕਤ ਕਾਰਵਾਈ ਦਾ ਸਖ਼ਤ ਵਿਰੋਧ ਕਰ ਰਹੇ ਹਨ ਪ੍ਰੰਤੂ ਗਮਾਡਾ ਅਧਿਕਾਰੀਆਂ ਦਾ ਕਹਿਣਾ ਹੈ ਇਹ ਸਾਰੀ ਕਾਰਵਾਈ ਹਾਈ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਮੁਹਾਲੀ ਨੇੜਲੇ ਪਿੰਡਾਂ ਵਿੱਚ ਕੁੱਝ ਛੋਟੇ ਬਿਲਡਰਾਂ ਵੱਲੋਂ ਸਰਕਾਰੀ ਨੇਮਾਂ ਨੂੰ ਛਿੱਕੇ ’ਤੇ ਟੰਗ ਕੇ ਖੇਤਾਂ ਵਿੱਚ ਕਲੋਨੀਆਂ ਅਤੇ ਰਿਹਾਇਸ਼ੀ ਪਲਾਟ ਅਤੇ ਦੁਕਾਨਾਂ ਕੱਟ ਕੇ ਵੇਚੇ ਜਾ ਰਹੇ ਹਨ। ਹਾਲਾਂਕਿ ਮੌਜੂਦਾ ਸਮੇਂ ਵਿੱਚ ਨਵੀਆਂ ਰਜਿਸਟਰੀਆਂ ਅਤੇ ਉਸਾਰੀਆਂ ’ਤੇ ਰੋਕ ਲੱਗੀ ਹੋਈ ਹੈ। ਇਸ ਦੇ ਬਾਵਜੂਦ ਕੁੱਝ ਲੋਕ ਉਸਾਰੀਆਂ ਕਰਨ ਵਿੱਚ ਲੱਗੇ ਹੋਏ ਹਨ। ਪਿੰਡ ਝਾਮਪੁਰ ਵਿੱਚ ਮੁਸਲਿਮ ਭਾਈਚਾਰੇ ਦੇ ਲੋਕਾਂ ਦੀ ਸ਼ਿਕਾਇਤ ’ਤੇ ਪਹੁੰਚੇ ਸਾਹੀ ਇਮਾਮ ਨੇ ਕਿਹਾ ਕਿ ਹਾਲ ਹੀ ਵਿੱਚ ਇੱਥੇ ਮਸਜਿਦ ਦੀ ਉਸਾਰੀ ਬਾਬਤ ਨੀਂਹ ਪੱਥਰ ਰੱਖਿਆ ਗਿਆ ਸੀ ਪ੍ਰੰਤੂ ਗਮਾਡਾ ਦੀ ਟੀਮ ਨੇ ਅਣਅਧਿਕਾਰਤ ਉਸਾਰੀਆਂ ਨੂੰ ਢਾਹੁਣ ਸਮੇਂ ਮਸਜਿਦ ਦੀ ਕੰਧ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਨਿੱਜੀ ਦਖ਼ਲ ਦੇਣ ਦੀ ਮੰਗ ਕਰਦਿਆਂ ਗਮਾਡਾ ਦੇ ਸਬੰਧਤ ਅਫ਼ਸਰਾਂ ਖ਼ਿਲਾਫ਼ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ। ਉਂਜ ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਉਕਤ ਉਸਾਰੀ ਅਣਅਧਿਕਾਰਤ ਹੈ ਤਾਂ ਇਸ ਸਬੰਧੀ ਗਮਾਡਾ ਨੂੰ ਨੋਟਿਸ ਦਿੱਤਾ ਜਾਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀ ਮੰਗ ਨੂੰ ਨਜ਼ਰ-ਅੰਦਾਜ਼ ਕਰਨ ਦੀ ਕੋਸ਼ਿਸ਼ ਕੀਤੀ ਤਾਂ ਮੁਸਲਿਮ ਭਾਈਚਾਰੇ ਵੱਲੋਂ ਐਕਸ਼ਨ ਲਿਆ ਜਾਵੇਗਾ। ਉਧਰ, ਇਸ ਸਬੰਧੀ ਐਸਪੀ ਨਵਰੀਤ ਸਿੰਘ ਵਿਰਕ ਨੇ ਕਿਹਾ ਕਿ ਅੱਜ ਪੁਲੀਸ ਅਤੇ ਸਾਹੀ ਇਮਾਮ ਨੇ ਝਾਮਪੁਰ ਵਿੱਚ ਮੌਜੂਦਾ ਹਾਲਾਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਝਾਮਪੁਰ ਵਿੱਚ ਲਾਅ ਐਂਡ ਆਰਡਰ ਦੀ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ। ਉਨ੍ਹਾਂ ਦੱਸਿਆ ਕਿ ਗਮਾਡਾ ਵੱਲੋਂ ਉੱਚ ਅਦਾਲਤ ਦੇ ਹੁਕਮਾਂ ’ਤੇ ਅਣਅਧਿਕਾਰਤ ਉਸਾਰੀਆਂ ਢਾਹੀਆਂ ਗਈਆਂ ਹਨ ਅਤੇ ਇਸ ਖੇਤਰ ਵਿੱਚ ਨਵੀਆਂ ਰਜਿਸਟਰੀਆਂ ਅਤੇ ਉਸਾਰੀਆਂ ’ਤੇ ਪੂਰਨ ਰੋਕ ਲੱਗੀ ਹੋਈ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ