
ਗੁਰਦੁਆਰਾ ਸਾਹਿਬ ਚੱਪੜਚਿੜੀ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜੀ ਮਨਾਇਆ
ਨੌਜਵਾਨਾਂ ਨੂੰ ਸਿੱਖ ਵਿਰਸੇ ਨਾਲ ਜੋੜਨ ਲਈ ਯੋਗ ਅਗਵਾਈ ਦੀ ਸਖ਼ਤ ਲੋੜ: ਬੀਬੀ ਲਾਂਡਰਾਂ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਜੂਨ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਫਤਿਹ-ਏ-ਜੰਗ ਸਾਹਿਬ ਚੱਪੜਚਿੜੀ ਕਲਾਂ ਵਿਖੇ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦਾਂ ਦਿਹਾੜਾ ਮਨਾਇਆ ਗਿਆ। ਅੱਜ ਦੇ ਦਿਨ ਬੰਦਾ ਸਿੰਘ ਬਹਾਦਰ ਅਤੇ ਉਨ੍ਹਾਂ ਦੇ ਸਪੁੱਤਰ ਨੂੰ ਤਸੀਹੇ ਦੇ ਕੇ ਸ਼ਹੀਦ ਕੀਤਾ ਗਿਆ ਸੀ। ਜਿਨ੍ਹਾਂ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦੇ ਹੋਏ ਅੱਜ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਸਾਰਾ ਦਿਨ ਗੁਰਮਤਿ ਸਮਾਗਮ ਦੌਰਾਨ ਗੁਰਬਾਣੀ ਕੀਰਤਨ ਚੱਲਿਆ।
ਇਸ ਮੌਕੇ ਹੈੱਡ ਗਰੰਥੀ ਭਾਈ ਜਸਪਾਲ ਸਿੰਘ, ਗਿਆਨੀ ਮੇਜਰ ਸਿੰਘ, ਗਿਆਨੀ ਹਰਜੋਤ ਸਿੰਘ ਢਾਡੀ ਜਥਾ, ਬੀਬੀ ਸੰਦੀਪ ਕੌਰ ਕਵੀਸ਼ਰੀ, ਗਿਆਨੀ ਜਸਮੇਰ ਸਿੰਘ ਖੇੜੀ, ਭਾਈ ਸੁਰਜੀਤ ਸਿੰਘ, ਭਾਈ ਗੁਰਵਿੰਦਰ ਸਿੰਘ ਅਤੇ ਭਾਈ ਜਤਿੰਦਰ ਸਿੰਘ ਆਦਿ ਜਥਿਆਂ ਨੇ ਢਾਡੀ ਵਾਰਾਂ ਅਤੇ ਗੁਰਬਾਣੀ ਕੀਰਤਨ ਰਾਹੀਂ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਅਤੇ ਸ਼ਹਾਦਤ ਬਾਰੇ ਸੰਗਤ ਨੂੰ ਜਾਣੂ ਕਰਵਾਇਆ।
ਇਸ ਮੌਕੇ ਬੋਲਦਿਆਂ ਸ਼੍ਰੋਮਣੀ ਕਮੇਟੀ ਦੀ ਮੈਂਬਰ ਪਰਮਜੀਤ ਕੌਰ ਲਾਂਡਰਾਂ ਨੇ ਕਿਹਾ ਕਿ ਬੰਦਾ ਸਿੰਘ ਬਹਾਦਰ ਨੇ ਮੁਗਲ ਫੌਜਾਂ ਦਾ ਖ਼ਾਤਮਾ ਕਰਕੇ ਅਸਲ ਵਿੱਚ ਚੱਪੜਚਿੜੀ ਦੇ ਮੈਦਾਨ ਤੋਂ ਦੇਸ਼ ਦੀ ਆਜ਼ਾਦੀ ਦੀ ਪਹਿਲੀ ਲੜਾਈ ਆਰੰਭੀ ਸੀ ਅਤੇ ਸੂਬਾ ਸਰਹਿੰਦ ਨੂੰ ਮੌਤ ਦੇ ਘਾਟ ਉਤਰਾ ਕੇ ਜਿੱਥੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਦਾ ਬਦਲਾ ਲਿਆ, ਉੱਥੇ 700 ਸਾਲਾਂ ਦੀ ਗੁਲਾਮੀ ਤੋਂ ਬਾਅਦ ਪਹਿਲੇ ਸਿੱਖ ਰਾਜ ਦੀ ਸਥਾਪਨਾ ਕਰਕੇ ਬੇਜ਼ਮੀਨੇ ਲੋਕਾਂ ਨੂੰ ਜ਼ਮੀਨਾਂ ਦੀ ਮਾਲਕੀ ਦੇ ਅਧਿਕਾਰ ਦਿੱਤੇ ਗਏ। ਬੀਬੀ ਲਾਂਡਰਾਂ ਨੇ ਕਿਹਾ ਕਿ ਨੌਜਵਾਨਾਂ ਨੂੰ ਸਿੱਖ ਵਿਰਸੇ ਨਾਲ ਜੋੜਨ ਲਈ ਸਿੱਖ ਲੀਡਰਸ਼ਿਪ ਦੀ ਯੋਗ ਅਗਵਾਈ ਦੀ ਸਖ਼ਤ ਲੋੜ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੀ ਲਾਸਾਨੀ ਕੁਰਬਾਨੀ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਸ਼ਹਿਰਾਂ ਅਤੇ ਪਿੰਡ ਪੱਧਰ ’ਤੇ ਵੱਖ-ਵੱਖ ਪ੍ਰੋਗਰਾਮ ਉਲੀਕੇ ਜਾਣੇ ਚਾਹੀਦੇ ਹਨ।
ਇਸ ਮੌਕੇ ਐਸਜੀਪੀਸੀ ਦੇ ਮੈਨੇਜਰ ਰਜਿੰਦਰ ਸਿੰਘ ਟੌਹੜਾ, ਭਾਈ ਸੁਖਦੇਵ ਸਿੰਘ, ਜਗਜੀਤ ਸਿੰਘ, ਜੁਗਰਾਜ ਸਿੰਘ, ਦਪਿੰਦਰ ਸਿੰਘ, ਕਥਾ ਵਾਚਕ ਇੰਦਰਜੀਤ ਸਿੰਘ, ਸਾਬਕਾ ਸਰਪੰਚ ਜੋਰਾ ਸਿੰਘ ਭੁੱਲਰ, ਬਲਜੀਤ ਸਿੰਘ ਖਾਲਸਾ ਅਤੇ ਹੋਰ ਉੱਘੀਆਂ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ। ਸਾਰਾ ਦਿਨ ਗੁਰੂ ਕਾ ਲੰਗਰ ਅਤੁੱਟ ਵਰਤਿਆ।