
ਡੇਂਗੂ ਤੇ ਚਿਕਨਗੁਨੀਆਂ ਨਾਲ ਸਖ਼ਤੀ ਨਾਲ ਨਜਿੱਠਣ ਦੀ ਲੋੜ: ਡੀਸੀ ਅਮਿਤ ਤਲਵਾੜ
ਸੰਵੇਦਨਸ਼ੀਲ ਖੇਤਰਾਂ ਵਿੱਚ ਵੱਧ ਤੋਂ ਵੱਧ ਚੈਕਿੰਗ, ਫੋਗਿੰਗ ਤੇ ਚਲਾਨ ਕਰਨ ਦੀਆਂ ਹਦਾਇਤਾਂ ਜਾਰੀ
ਲੋਕਾਂ ਨੂੰ ਡੇਂਗੂ ਤੇ ਚਿਕਨਗੁਨੀਆਂ ਦੇ ਖ਼ਾਤਮੇ ਲਈ ਪ੍ਰਸ਼ਾਸਨ ਨਾਲ ਮਿਲ ਕੇ ਸਾਂਝੇ ਯਤਨ ਕਰਨ ਦੀ ਅਪੀਲ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਅਕਤੂਬਰ:
ਮੁਹਾਲੀ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਅੱਜ ਸਿਹਤ ਵਿਭਾਗ, ਨਗਰ ਨਿਗਮ, ਸਮੂਹ ਨਗਰ ਕੌਂਸਲਾਂ ਅਤੇ ਪੇਂਡੂ ਖੇਤਰਾਂ ਨਾਲ ਸਬੰਧਤ ਬਲਾਕ ਪੰਚਾਇਤ ਅਫ਼ਸਰਾਂ ਨਾਲ ਮੀਟਿੰਗ ਕਰਕੇ ਮੁਹਾਲੀ ਜ਼ਿਲ੍ਹੇ ਵਿੱਚ ਲਗਾਤਾਰ ਵੱਧ ਰਹੇ ਡੇਂਗੂ ਅਤੇ ਚਿਕਨਗੁਨੀਆ ਦੇ ਕੇਸਾਂ ਬਾਰੇ ਚਰਚਾ ਕਰਦਿਆਂ ਇਸ ਦੀ ਰੋਕਥਾਮ ਲਈ ਠੋਸ ਕਦਮ ਚੁੱਕਣ ਦੀਆਂ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਨੇ ਸਿਹਤ ਵਿਭਾਗ ਕੋਲੋਂ ਜ਼ਿਲ੍ਹੇ ਅੰਦਰ ਡੇਂਗੂ ਦੇ ਵੱਧ ਰਹੇ ਕੇਸਾਂ ਬਾਰੇ ਜਾਣਕਾਰੀ ਹਾਸਲ ਕੀਤੀ।
ਇਸ ਮੌਕੇ ਡੀਸੀ ਅਮਿਤ ਤਲਵਾੜ ਨੇ ਡੇਂਗੂ ਅਤੇ ਚਿਕੁਨਗੁਨੀਆਂ ਦੀ ਰੋਕਥਾਮ ਲਈ ਸਿਹਤ ਵਿਭਾਗ ਨੂੰ ਪੇਂਡੂ ਵਿਕਾਸ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਸਹਿਯੋਗ ਨਾਲ ਵੱਧ ਤੋਂ ਵੱਧ ਫੋਗਿੰਗ ਅਤੇ ਚਲਾਨ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਮੂਹ ਕਾਰਜਸਾਧਕ ਅਫ਼ਸਰਾਂ ਨੂੰ ਸ਼ਹਿਰੀ ਖੇਤਰ ਵਿੱਚ ਜਿਨ੍ਹਾਂ ਥਾਵਾਂ ’ਤੇ ਡੇਂਗੂ ਦੇ ਵੱਧ ਕੇਸ ਸਾਹਮਣੇ ਆ ਰਹੇ ਹਨ, ਉਨ੍ਹਾਂ ਖੇਤਰਾਂ ਵਿੱਚ ਘਰ-ਘਰ ਜਾ ਕੇ ਸਰਵੇ ਅਤੇ ਜਾਂਚ ਕੀਤੀ ਜਾਵੇ ਅਤੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਅਤੇ ਰੋਕਥਾਮ ਲਈ ਜਾਗਰੂਕ ਕਰਨ ’ਤੇ ਜ਼ੋਰ ਦਿੱਤਾ।
ਡਿਪਟੀ ਕਮਿਸ਼ਨਰ ਨੇ ਸ਼ਹਿਰਾਂ ਦੇ ਮੁਕਾਬਲੇ ਪਿੰਡਾਂ ਵਿੱਚ ਡੇਂਗੂ ਦੇ ਕੇਸ ਵਧਣ ਦੇ ਮੱਦੇਨਜ਼ਰ ਸਮੂਹ ਐਸਐਮਓਜ਼ ਅਤੇ ਬਲਾਕ ਪੰਚਾਇਤ ਅਫ਼ਸਰਾਂ ਨੂੰ ਸਬੰਧਤ ਖੇਤਰ ਵਿੱਚ ਸਪੈਸ਼ਲ ਚੈਕਿੰਗ, ਡੇਂਗੂ ਦਾ ਲਾਰਵਾ ਚੈੱਕ ਕਰਨ ਦੀਆਂ ਹਦਾਇਤਾਂ ਦਿੱਤੀਆਂ। ਜੇਕਰ ਕਿਸੇ ਥਾਂ ਡੇਂਗੂ ਦਾ ਲਾਰਵਾ ਮਿਲਦਾ ਹੈ ਤਾਂ ਸਬੰਧਤ ਦਾ ਚਲਾਨ ਕੀਤਾ ਜਾਵੇ। ਡੀਸੀ ਨੇ ਨਗਰ ਨਿਗਮ, ਨਗਰ ਕੌਂਸਲ ਅਤੇ ਪੇਂਡੂ ਵਿਕਾਸ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡੇਂਗੂ ਦੀ ਰੋਕਥਾਮ ਲਈ ਵੱਧ ਤੋਂ ਵੱਧ ਫੋਗਿੰਗ ਕੀਤੀ ਜਾਵੇ। ਡੀਸੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆਂ ਦੇ ਖ਼ਾਤਮੇ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਨੂੰ ਸਹਿਯੋਗ ਦੇਣ।
ਮੀਟਿੰਗ ਵਿੱਚ ਏਡੀਸੀ (ਜ) ਸ੍ਰੀਮਤੀ ਅਮਨਿੰਦਰ ਕੌਰ ਬਰਾੜ, ਏਡੀਸੀ (ਸ਼ਹਿਰੀ ਵਿਕਾਸ) ਸ੍ਰੀਮਤੀ ਪੂਜਾ ਐਸ.ਗਰੇਵਾਲ, ਏਡੀਸੀ (ਪੇਂਡੂ ਵਿਕਾਸ) ਸ੍ਰੀਮਤੀ ਅਵਨੀਤ ਕੌਰ, ਐਸਡੀਐਮ ਖਰੜ ਰਵਿੰਦਰ ਸਿੰਘ, ਐਸਡੀਐਮ ਡੇਰਾਬੱਸੀ ਹਿਮਾਂਸੂ ਗੁਪਤਾ, ਸਿਵਲ ਸਰਜਨ ਡਾ.ਆਦਰਸ਼ਪਾਲ ਕੌਰ, ਤੋਂ ਇਲਾਵਾ ਐਸਐਮਓਜ਼, ਬੀਡੀਪੀਓਜ਼ ਅਤੇ ਕਾਰਜਸਾਧਕ ਅਫ਼ਸਰਾਂ ਸਮੇਤ ਹੋਰ ਵੱਖ-ਵੱਖ ਵਿਭਾਗਾਂ ਅਧਿਕਾਰੀ ਹਾਜ਼ਰ ਸਨ।