
ਡੇਂਗੂ ਦੀ ਰੋਕਥਾਮ: ਸਿਵਲ ਸਰਜਨ ਨੇ ਖ਼ੁਦ ਘਰਾਂ ਵਿੱਚ ਜਾ ਕੇ ਕੀਤੀ ਜਾਂਚ, 11 ਘਰਾਂ ’ਚ ਮਿਲਿਆ ਲਾਰਵਾ
ਸਿਹਤ ਵਿਭਾਗ ਡੇਂਗੂ ਦੇ ਫੈਲਾਅ ਨੂੰ ਰੋਕਣ ਲਈ ਪੂਰੀ ਵਾਹ ਲਾ ਰਿਹੈ, ਲੋਕ ਵੀ ਸਹਿਯੋਗ ਦੇਣ: ਸਿਵਲ ਸਰਜਨ
ਆਪਣੇ ਘਰ ਅਤੇ ਆਲੇ-ਦੁਆਲੇ ਕਿਤੇ ਵੀ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਅਕਤੂਬਰ:
ਡੇਂਗੂ ਬੁਖ਼ਾਰ ਦੇ ਵੱਧ ਰਹੇ ਕੇਸਾਂ ਕਾਰਨ ਜ਼ਿਲ੍ਹਾ ਸਿਹਤ ਵਿਭਾਗ ਨੇ ਸਰਵੇ, ਜਾਂਚ ਤੇ ਜਾਗਰੂਕਤਾ ਮੁਹਿੰਮ ਹੋਰ ਤੇਜ਼ ਕਰ ਦਿਤੀ ਹੈ। ਸਿਹਤ ਵਿਭਾਗ ਦੀਆਂ ਡੇਂਗੂ ਵਿਰੋਧੀ ਟੀਮਾਂ ਘਰ-ਘਰ ਜਾ ਕੇ ਸਰਵੇ ਕਰਨ ਦਾ ਕੰਮ ਮਾਰਚ ਮਹੀਨੇ ਤੋਂ ਲਗਾਤਾਰ ਕਰ ਰਹੀਆਂ ਹਨ। ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਵਿਕਰਾਂਤ ਨਾਗਰਾ ਨੇ ਅੱਜ ਖ਼ੁਦ ਮੁਹਾਲੀ ਦੇ ਫੇਜ਼-10, ਫੇਜ਼-11 ਅਤੇ ਪਿੰਡ ਫਤਿਹਉੱਲਾਪੁਰ ਵਿੱਚ ਜਾ ਕੇ ਸਰਵੇ ਮੁਹਿੰਮ ਦਾ ਨਿਰੀਖਣ ਕੀਤਾ ਅਤੇ ਟੀਮਾਂ ਨੂੰ ਜ਼ਰੂਰੀ ਹਦਾਇਤਾਂ ਦਿਤੀਆਂ। ਉਨ੍ਹਾਂ ਖ਼ੁਦ ਘਰਾਂ ਵਿੱਚ ਜਾ ਕੇ ਫ਼ਰਿੱਜਾਂ ਦੀਆਂ ਟਰੇਆਂ, ਗਮਲਿਆਂ, ਖ਼ਾਲੀ ਪਏ ਟਾਇਰਾਂ ਆਦਿ ਦੀ ਜਾਂਚ ਕੀਤੀ।
ਸਿਵਲ ਸਰਜਨ ਨੇ ਦੱਸਿਆ ਕਿ ਫੇਜ਼-10 ਵਿੱਚ ਪੰਜ ਘਰਾਂ ਵਿੱਚ ਡੇਂਗੂ ਦਾ ਲਾਰਵਾ ਮਿਲਿਆ। ਇਸੇ ਤਰ੍ਹਾਂ ਫੇਜ਼-11 ਦੇ ਘਰ ਵਿੱਚ ਪੁਰਾਣੇ ਟਾਇਰ ’ਚੋਂ ਲਾਰਵਾ ਮਿਲਿਆ ਜਦਕਿ ਫਤਿਹਉੱਲਾਪੁਰ ਵਿੱਚ ਵੀ ਪੰਜ ਘਰਾਂ ’ਚੋਂ ਡੇਂਗੂ ਦਾ ਲਾਰਵਾ ਮਿਲਿਆ ਹੈ। ਟੀਮਾਂ ਨੇ ਕੁੱਲ 6 ਚਲਾਨ ਕੀਤੇ ਜਦਕਿ ਪਹਿਲੀ ਵਾਰ ਉਲੰਘਣਾ ਕਰਨ ਵਾਲਿਆਂ ਨੂੰ ਸਿਰਫ਼ ਸਖ਼ਤ ਚਿਤਾਵਨੀ ਦਿੱਤੀ ਗਈ।
ਡਾ. ਆਦਰਸ਼ਪਾਲ ਕੌਰ ਨੇ ਕਿਹਾ ਕਿ ਜ਼ਿਲ੍ਹਾ ਸਿਹਤ ਵਿਭਾਗ ਡੇਂਗੂ ਦੇ ਕੇਸਾਂ ਨੂੰ ਕੰਟਰੋਲ ਕਰਨ ਲਈ ਪੂਰੀ ਵਾਹ ਲਾ ਰਿਹਾ ਹੈ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਲੋਕਾਂ ਨੂੰ ਇਸ ਮਾਰੂ ਬੀਮਾਰੀ ਤੋਂ ਬਚਾਉਣ ਲਈ ਪੂਰੀ ਤਨਦੇਹੀ ਨਾਲ ਮੈਦਾਨ ਵਿੱਚ ਡਟੀਆਂ ਹੋਈਆਂ ਹਨ। ਸਿਹਤ ਅਧਿਕਾਰੀਆਂ ਨੇ ਆਪਣੇ ਦੌਰੇ ਦੌਰਾਨ ਲੋਕਾਂ ਨੂੰ ਆਪਣੇ ਘਰ ਅਤੇ ਆਲੇ-ਦੁਆਲੇ ਕਿਤੇ ਵੀ ਪਾਣੀ ਨਾ ਖੜਾ ਹੋਣ ਦੇਣ ਦੀ ਅਪੀਲ ਕੀਤੀ ਅਤੇ ਨਾਲ ਹੀ ਹੋਰ ਜ਼ਰੂਰੀ ਸਾਵਧਾਨੀਆਂ ਤੋਂ ਜਾਣੂ ਕਰਵਾਇਆ। ਸਿਵਲ ਸਰਜਨ ਨੇ ਕਿਹਾ ਕਿ ਜਿੱਥੇ ਕਿਤੇ ਵੀ ਡੇਂਗੂ ਦਾ ਕੋਈ ਕੇਸ ਸਾਹਮਣੇ ਆਉਂਦਾ ਹੈ, ਉੱਥੇ ਮਿਊਂਸਪਲ ਕਾਰਪੋਰੇਸ਼ਨ ਨਾਲ ਤਾਲਮੇਲ ਕਰ ਕੇ ਫੌਗਿੰਗ ਕਰਵਾਈ ਜਾਂਦੀ ਹੈ ਅਤੇ ਸਿਹਤ ਵਿਭਾਗ ਆਪਣੇ ਤੌਰ ’ਤੇ ਉਸ ਘਰ ਅਤੇ ਆਲੇ-ਦੁਆਲੇ ਸਰਵੇ ਅਤੇ ਜਾਂਚ ਦਾ ਕੰਮ ਕਰਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਫੌਗਿੰਗ ਦਾ ਕੰਮ ਸਿਰਫ਼ ਸਥਾਨਕ ਸਰਕਾਰਾਂ ਵਿਭਾਗ ਦੁਆਰਾ ਕੀਤਾ ਜਾਂਦਾ ਹੈ।
ਸਿਵਲ ਸਰਜਨ ਨੇ ਡੇਂਗੂ ਦੀ ਰੋਕਥਾਮ ਲਈ ਜਿਲ਼੍ਹਾ ਵਾਸੀਆਂ ਨੂੰ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਅਪਣੇ ਤੌਰ ‘ਤੇ ਸਿਰਤੋੜ ਯਤਨ ਕਰ ਰਿਹਾ ਹੈ ਪਰ ਲੋਕਾਂ ਦੀ ਮਦਦ ਨਾਲ ਹੀ ਜ਼ਿਲ੍ਹੇ ਨੂੰ ਡੇਂਗੂ-ਮੁਕਤ ਬਣਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਅੱਜਕਲ ਅਜਿਹੇ ਕਪੜੇ ਪਾਏ ਜਾਣ ਜਿਨ੍ਹਾਂ ਨਾਲ ਪੂਰਾ ਸਰੀਰ ਢਕਿਆ ਰਹੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਡੇਂਗੂ ਪ੍ਰਤੀ ਨਵੰਬਰ ਅਖ਼ੀਰ ਤੱਕ ਪੂਰੀ ਤਰ੍ਹਾਂ ਚੌਕਸ ਰਹਿਣ ਅਤੇ ਅਪਣਾ ਬਚਾਅ ਕਰਨ ਦੀ ਅਪੀਲ ਕੀਤੀ। ਜੇ ਕੋਈ ਸ਼ੱਕੀ ਡੇਂਗੂ ਪੀੜਤ ਹੈ ਤਾਂ ਤੁਰੰਤ ਨਜ਼ਦੀਕੀ ਹਸਪਤਾਲ ਵਿੱਚ ਜਾ ਕੇ ਜਾਂਚ ਕਰਵਾਈ ਜਾਵੇ। ਡੇਂਗੂ ਦੀ ਜਾਂਚ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿਚ ਬਿਲਕੁਲ ਮੁਫ਼ਤ ਹੁੰਦਾ ਹੈ। ਕਿਸੇ ਤਰ੍ਹਾਂ ਦੀ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।