Nabaz-e-punjab.com

ਜ਼ਿਲ੍ਹਾ ਮੁਹਾਲੀ ਵਿੱਚ ਡੇਂਗੂ ਨੇ ਪੈਰ ਪਸਾਰੇ, 70 ਸ਼ੱਕੀ ਮਰੀਜ਼ਾਂ ਦੀ ਜਾਂਚ, ਛੇ ਮਰੀਜ਼ਾਂ ਨੂੰ ਡੇਂਗੂ ਦੀ ਪੁਸ਼ਟੀ

ਜ਼ਿਲ੍ਹਾ ਪੱਧਰੀ ਹਸਪਤਾਲ ਫੇਜ਼-6 ਵਿੱਚ ਡੇਂਗੂ ਬੁਖਾਰ ਦੇ ਟੈਸਟ ਮੁਫ਼ਤ ਦੀ ਸੁਵਿਧਾ, ਸਪੈਸ਼ਲ ਆਈਸੋਲੇਸ਼ਨ ਵਾਰਡ ਬਣਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਮਈ:
ਜ਼ਿਲ੍ਹਾ ਮੁਹਾਲੀ ਵਿੱਚ ਐਤਕੀਂ ਫਿਰ ਤੋਂ ਡੇਂਗੂ ਨੇ ਆਪਣੇ ਪੈਰ ਪਸਾਰ ਲਏ ਹਨ। ਹੁਣ ਤੱਕ ਜ਼ਿਲ੍ਹੇ ਦੇ ਵੱਖ ਵੱਖ ਹਿੱਸਿਆਂ ਵਿੱਚ ਛੇ ਡੇਂਗੂ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ। ਕਈ ਇਲਾਕੇ ਵਿੱਚ ਲੋਕ ਖ਼ੁਦ ਹੀ ਬਿਮਾਰੀਆਂ ਨੂੰ ਸੱਦਾ ਦੇ ਰਹੇ ਹਨ। ਕਾਫੀ ਥਾਵਾਂ ’ਤੇ ਗੰਦਗੀ ਫੈਲੀ ਹੋਈ ਹੈ ਅਤੇ ਘਰਾਂ ਅਤੇ ਦਫ਼ਤਰਾਂ ਵਿੱਚ ਕੂਲਰਾਂ ਦੀ ਸਫ਼ਾਈ ਵੱਲ ਉੱਕਾ ਹੀ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ।
ਜ਼ਿਲ੍ਹਾ ਐਪੀਡੋਮਿਓਲੋਜਿਸਟ ਡਾ. ਸ਼ਲਿੰਦਰ ਕੌਰ ਨੇ ਇੱਥੋਂ ਦੇ ਫੇਜ਼-5 ਅਤੇ ਫੇਜ਼-9 ਸਮੇਤ ਖਰੜ, ਲਾਲੜੂ ਤੇ ਡੇਰਾਬੱਸੀ ਅਤੇ ਨਵਾਂ ਗਰਾਓਂ ਵਿੱਚ 11 ਡੇਂਗੂ ਪੀੜਤ ਮਰੀਜ਼ ਬਾਰੇ ਪਤਾ ਲੱਗਾ ਹੈ। ਇਨ੍ਹਾਂ ’ਚੋਂ ਦੋ ਮਰੀਜ਼ਾਂ ਦੀ ਰਿਪੋਰਟ ਪੀਜੀਆਈ ਅਤੇ 1 ਮਰੀਜ਼ ਦੀ ਰਿਪੋਰਟ ਸੈਕਟਰ-16 ਹਸਪਤਾਲ ’ਚੋਂ ਸਿਹਤ ਵਿਭਾਗ ਨੂੰ ਭੇਜੀ ਗਈ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗੀ ਦੀਆਂ ਵੱਖ ਵੱਖ ਟੀਮਾਂ ਲਗਾਤਾਰ ਸਰਵੇ ਕਰ ਰਹੀਆਂ ਹਨ। ਸਰਕਾਰੀ ਹਸਪਤਾਲਾਂ, ਸਿਵਲ ਡਿਸਪੈਂਸਰੀਆਂ ਵਿੱਚ ਡੇਂਗੂ ਪੀੜਤ ਮਰੀਜ਼ਾਂ ਲਈ ਆਈਸੋਲੇਸ਼ਨ ਵਾਰਡ ਬਣਾਏ ਗਏ ਹਨ ਤਾਂ ਜੋ ਕਿਸੇ ਵੀ ਮਰੀਜ਼ ਨੂੰ ਇਲਾਜ਼ ਲਈ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਹਸਪਤਾਲ ਫੇਜ਼-6 ਵਿੱਚ ਡੇਂਗੂ ਬੁਖਾਰ ਦੇ ਟੈਸਟ ਮੁਫ਼ਤ ਕੀਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ 70 ਤੋਂ ਵੱਧ ਸ਼ੱਕੀ ਮਰੀਜ਼ਾਂ ਦੇ ਟੈਸਟ ਕੀਤੇ ਜਾ ਚੁੱਕੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਵਿੱਚ ਕੂਲਰਾਂ ਦਾ ਪਾਣੀ ਬਦਲਦੇ ਰਹਿਣ, ਵਰਤੋਂ ਵਿੱਚ ਨਾ ਆਉਣ ਵਾਲੇ ਛੱਤ ’ਤੇ ਪਏ ਸਮਾਨ, ਟਾਇਰਾਂ, ਖੁੱਲ੍ਹੇ ਭਾਂਡਿਆਂ ਵਿੱਚ ਪਾਣੀ ਖੜਾ ਨਾ ਹੋਣ ਦੇਣ ਅਤੇ ਹਫ਼ਤੇ ਵਿੱਚ ਇੱਕ ਦਿਨ ਸ਼ੁੱਕਰਵਾਰ ਨੂੰ ਡਰਾਈ ਡੇਅ ਵਜੋਂ ਮਨਾਇਆ ਜਾਵੇ ਅਤੇ ਸਰੀਰ ਦੇ ਪੂਰੇ ਅੰਗ ਢੱਕਣ ਵਾਲੇ ਕੱਪੜੇ ਪਹਿਨੇ ਜਾਣ। ਉਨ੍ਹਾਂ ਦੱਸਿਆ ਕਿ ਡੇਂਗੂ ਦਾ ਮੱਛਰ ਸਾਫ਼ ਪਾਣੀ ਵਿੱਚ ਪਲਦਾ ਹੈ ਅਤੇ ਦਿਨ ਵਿੱਚ ਕੱਟਦਾ ਹੈ।
ਸਮਾਜ ਸੇਵੀ ਆਗੂ ਡਾ. ਪਵਨ ਜੈਨ ਨੇ ਦੱਸਿਆ ਕਿ ਸ਼ਹਿਰ ਵਿੱਚ ਬੇਸ਼ੁਮਾਰ ਗੰਦਗੀ ਅਤੇ ਦੂਸ਼ਿਤ ਪਾਣੀ ਦੀ ਸਪਲਾਈ ਕਾਰਨ ਡੇਂਗੂ ਤੇ ਮਲੇਰੀਆ ਫੈਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਡਿਪਟੀ ਕਮਿਸ਼ਨਰ ਤੇ ਨਗਰ ਨਿਗਮ ਦੇ ਕਮਿਸ਼ਨਰ ਅਤੇ ਸਿਵਲ ਸਰਜਨ ਨੂੰ ਪੱਤਰ ਵੀ ਲਿਖੇ ਜਾ ਚੁੱਕੇ ਹਨ ਲੇਕਿਨ ਅਧਿਕਾਰੀ ਮਹਿਜ਼ ਖਾਨਾਪੂਰਤੀ ਤੱਕ ਹੀ ਸੀਮਤ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਕੁੰਭੜਾ, ਮਟੌਰ ਅਤੇ ਸ਼ਾਹੀਮਾਜਰਾ ਵਿੱਚ ਬਿਮਾਰੀਆਂ ਫੈਲਣ ਦਾ ਖ਼ਤਰਾ ਹੈ। ਪ੍ਰਸ਼ਾਸਨ ਨੂੰ ਇਸ ਪਾਸੇ ਫੌਰੀ ਧਿਆਨ ਦੇਣ ਦੀ ਜ਼ਰੂਰਤ ਹੈ।
ਜ਼ਿਕਰਯੋਗ ਹੈ ਕਿ ਪਿਛਲੇ 3 ਸਾਲਾਂ ਵਿੱਚ ਜ਼ਿਲ੍ਹਾ ਮੁਹਾਲੀ ਵਿੱਚ ਡੇਂਗੂ ਬੁਖਾਰ ਨਾਲ ਪੀੜਤ 50 ਤੋਂ ਵੱਧ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਪਿਛਲੇ ਸਾਲ ਡੇਂਗੂ ਮਰੀਜ਼ ਦੀ ਗਿਣਤੀ 1 ਹਜ਼ਾਰ ਤੱਕ ਪਹੁੰਚ ਗਈ ਸੀ ਜਦੋਂਕਿ ਸਾਲ 2017 ਵਿੱਚ ਡੇਂਗੂ ਮਰੀਜ਼ਾਂ ਦੀ ਗਿਣਤੀ 2472 ਸੀ। ਜਿਨ੍ਹਾਂ ’ਚੋਂ ਕਰੀਬ ਦਰਜਨ ਮਰੀਜ਼ਾਂ ਦੀ ਮੌਤ ਹੋ ਗਈ ਸੀ। 2016 ਵਿੱਚ ਡੇਂਗੂ ਬੁਖਾਰ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ 2133 ਸੀ ਜਦੋਂਕਿ 1 ਹਜ਼ਾਰ ਤੋਂ ਵੱਧ ਚਿਕਨਗੁਨੀਆ ਨਾਲ ਪੀੜਤ ਸਨ।

Load More Related Articles
Load More By Nabaz-e-Punjab
Load More In General News

Check Also

ਕੰਪਿਊਟਰ ਅਧਿਆਪਕਾਂ ਨੂੰ ਹੱਕੀ ਮੰਗਾਂ ਪੂਰੀਆਂ ਹੋਣ ਦੀ ਆਸ ਬੱਝੀ, ਸਿੱਖਿਆ ਮੰਤਰੀ ਨੇ ਵਫ਼ਦ ਨੂੰ ਦਿੱਤਾ ਭਰੋਸਾ

ਕੰਪਿਊਟਰ ਅਧਿਆਪਕਾਂ ਨੂੰ ਹੱਕੀ ਮੰਗਾਂ ਪੂਰੀਆਂ ਹੋਣ ਦੀ ਆਸ ਬੱਝੀ, ਸਿੱਖਿਆ ਮੰਤਰੀ ਨੇ ਵਫ਼ਦ ਨੂੰ ਦਿੱਤਾ ਭਰੋਸਾ…