
ਡੇਂਗੂ, ਮਲੇਰੀਆ ਤੇ ਚਿਕਨਗੁਨੀਆ ਬੀਮਾਰੀਆਂ ਦੀ ਰੋਕਥਾਮ ਲਈ ਸਾਂਝੇ ਯਤਨਾਂ ਦੀ ਲੋੜ: ਅਮਿਤ ਤਲਵਾੜ
ਬੀਮਾਰੀਆਂ ਦੀ ਰੋਕਥਾਮ ਲਈ ਬਣੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਹੋਈ ਅਹਿਮ ਮੀਟਿੰਗ
ਲੋਕਾਂ ਨੂੰ ਡੇਂਗੂ, ਮਲੇਰੀਆ ਤੇ ਚਿਕਨਗੁਨੀਆਂ ਦੇ ਖਾਤਮੇ ਲਈ ਪ੍ਰਸ਼ਾਸਨ ਨਾਲ ਮਿਲ ਕੇ ਸਾਂਝੇ ਯਤਨ ਕਰਨ ਦੀ ਅਪੀਲ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਜੂਨ:
ਮੁਹਾਲੀ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਵੱਲੋਂ ਅੱਜ ਸਿਹਤ ਵਿਭਾਗ ਅਤੇ ਹੋਰ ਅਧਿਕਾਰੀਆਂ ਨਾਲ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਆਦਿ ਬਿਮਾਰੀਆਂ ਦੀ ਰੋਕਥਾਮ ਲਈ ਬਣੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਮਾਨਸੂਨ ਦੇ ਸੀਜ਼ਨ ਵਿੱਚ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਕੀਤੇ ਜਾ ਰਹੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ।
ਮੀਟਿੰਗ ਉਪਰੰਤ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਦੱਸਿਆ ਕਿ ਡੇਂਗੂ ਅਤੇ ਚਿਕੁਨਗੁਨੀਆ ਦੀ ਰੋਕਥਾਮ ਲਈ ਸਿਹਤ ਵਿਭਾਗ ਵੱਲੋਂ ਗਤੀਵਿਧੀਆਂ ਤੇਜ ਕਰ ਦਿੱਤੀਆਂ ਹਨ ਅਤੇ ਹੈਲਥ ਵਰਕਰਾਂ ਵੱਲੋਂ ਘਰ-ਘਰ ਜਾ ਕੇ ਸਰਵੇ ਦੌਰਾਨ ਕੂਲਰ ਅਤੇ ਕੰਨਟੇਨਰ ਚੈੱਕ ਕੀਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਡੇਂਗੂ ਤੋਂ ਬਚਾਊ ਅਤੇ ਰੋਕਥਾਮ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਨੂੰ ਹਦਾਇਤ ਕੀਤੀ ਗਈ ਕਿ ਡੇਂਗੂ ਅਤੇ ਚਿਕਨਗੁਨੀਆਂ ਦੇ ਕੇਸਾਂ ਦੀ ਸੂਚਨਾ 24 ਤੋਂ 48 ਘੰਟਿਆਂ ਦੇ ਅੰਦਰ ਅੰਦਰ ਸਿਵਲ ਸਰਜਨ ਨੂੰ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਸਾਰੇ ਸ਼ੱਕੀ ਮਰੀਜਾਂ ਦਾ ਬਲੱਡ ਸੈਂਪਲ ਈ.ਐਲ.ਆਈ.ਐਸ.ਏ ਟੈਸਟ ਨਾਲ ਕੰਨਫਰਮ ਕਰਨਾ ਜ਼ਰੂਰੀ ਹੈ ਇਹ ਟੈਸਟ ਸਰਕਾਰੀ ਹਸਤਪਤਾਲ ਫੇਜ਼-6, ਐਚ.ਡੀ.ਐਚ, ਡੇਰਾਬੱਸੀ ਅਤੇ ਐਸ.ਡੀ.ਐਚ, ਖਰੜ ਵਿਖੇ ਮੁਫ਼ਤ ਕੀਤੇ ਜਾਂਦੇ ਹਨ।
ਇਸ ਤੋਂ ਇਲਾਵਾ ਸ੍ਰੀ ਤਲਵਾੜ ਵੱਲੋਂ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਡੇਂਗੂ ਤੋਂ ਬਚਾਅ ਲਈ ਗਠਿਤ ਟੀਮਾਂ ਵਿੱਚ ਵੀ ਵਾਧਾ ਕੀਤਾ ਜਾਵੇ ਜੋ ਕਿ ਘਰ ਘਰ ਜਾਣਗੀਆਂ ਅਤੇ ਵੱਖ ਵੱਖ ਦਫਤਰਾਂ ਅਤੇ ਪ੍ਰਾਈਵੇਟ ਅਦਾਇਰਿਆਂ ਵਿੱਚ ਇਹਨਾਂ ਬਿਮਾਰੀਆਂ ਤੋਂ ਬਚਾਅ ਸਬੰਧੀ ਲੋਕਾਂ ਨੂੰ ਜਾਗਰੂਕ ਕਰਨਗੀਆਂ। ਇਸ ਤੋਂ ਇਲਾਵਾ ਇਹ ਟੀਮਾਂ ਖੜੇ ਪਾਣੀ ਵਿਚਲੇ ਪੈਦਾ ਹੋ ਰਹੇ ਡੇਂਗੂ ਦੇ ਲਾਰਵੇ ਨੂੰ ਵੀ ਚੈੱਕ ਕਰਨਗੀਆਂ। ਉਨ੍ਹਾਂ ਕਿਹਾ ਕਿ ਜੇਕਰ ਡੇਂਗੂ ਦਾ ਲਾਰਵਾ ਮਿਲਦਾ ਹੈ ਤਾਂ ਉਸ ਥਾਂ ਨਾਲ ਸਬੰਧਤਾਂ ਦਾ ਚਾਲਾਨ ਵੀ ਕੀਤਾ ਜਾਵੇਗਾ। ਉਨ੍ਹਾਂ ਵੱਲੋਂ ਨਗਰ ਨਿਗਮ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡੇਂਗੂ ਦੀ ਰੋਕਥਾਮ ਲਈ ਦਿਨ ਵਿੱਚ ਦੋ ਬਾਰ ਫੋਗਿੰਗ ਕਰਵਾਈ ਜਾਵੇ।

ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆਂ ਦੇ ਖਾਤਮੇ ਲਈ ਸਾਂਝੇ ਤੋਂਰ ਸਹਿਯੋਗ ਦੇਣ । ਉਨਾਂ ਕਿਹਾ ਕਿ ਕੂਲਰਾਂ, ਟਾਇਰਾਂ, ਫਰੀਜਾਂ ਦੀ ਟਰੇਆਂ, ਗਮਲਿਆਂ ਅਤੇ ਟੁਟੀਆਂ ਫੁੱਟੀਆਂ ਵਸਤਾਂ ਵਿੱਚ ਮੱਛਰਾਂ ਦਾ ਵੱਧ ਪ੍ਰਜਣਨ ਹੁੰਦਾ ਹੈ ਇਸ ਲਈ ਇਹਨਾਂ ਵਿੱਚ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ। ਇਸ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਮਨਿੰਦਰ ਕੌਰ ਬਰਾੜ, ਵਧੀਕ ਡਿਪਟੀ ਕਮਿਸਨਰ (ਸ਼ਹਿਰੀ ਵਿਕਾਸ) ਸ੍ਰੀਮਤੀ ਪੂਜਾ ਐਸ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ) ਅਮਰਦੀਪ ਸਿੰਘ ਗੁਜਰਾਲ, ਐਸਡੀਐਮ ਮੁਹਾਲੀ ਹਰਬੰਸ ਸਿੰਘ, ਐਸਡੀਐਮ ਖਰੜ ਰਵਿੰਦਰ ਸਿੰਘ, ਐਸਡੀਐਮ ਡੇਰਾਬੱਸੀ ਹਿਮਾਂਸੂ ਗੁਪਤਾ, ਸਿਵਲ ਸਰਜਨ ਡਾ.ਆਦਰਸ਼ਪਾਲ ਕੌਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।