ਡੇਂਗੂ ਦਾ ਪ੍ਰਕੋਪ: ਸਿਹਤ ਵਿਭਾਗ ਵੀ ਹੋਇਆ ਚੌਕੰਨਾ, ਘਰਾਂ ਵਿੱਚ ਸਰਵੇ, ਜਾਂਚ ਅਤੇ ਫੌਗਿੰਗ ’ਤੇ ਜ਼ੋਰ

ਬੱਕਰੀ ਦਾ ਦੁੱਧ ਜਾਂ ਕੀਵੀ ਫਲ ਪਲੇਟਲੈੱਟ ਵਧਾਉਣ ’ਚ ਨਹੀਂ ਹੁੰਦੇ ਸਹਾਈ? ਸਿਵਲ ਸਰਜਨ

ਘਰਾਂ ਅਤੇ ਆਲੇ-ਦੁਆਲੇ ਸਾਫ਼ ਤੇ ਗੰਦਾ ਪਾਣੀ ਖੜਾ ਨਾ ਹੋਣ ਦਿਉ: ਡਾ. ਆਦਰਸ਼ਪਾਲ ਕੌਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਅਕਤੂਬਰ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਲਗਾਤਾਰ ਵਧ ਰਹੇ ਡੇਂਗੂ ਬੁਖ਼ਾਰ ਦੇ ਕੇਸਾਂ ਦੇ ਮੱਦੇਨਜ਼ਰ ਸਿਹਤ ਵਿਭਾਗ ਹੁਣ ਪਹਿਲਾਂ ਨਾਲੋਂ ਵਧੇਰੇ ਚੌਕਸ ਹੋ ਗਿਆ ਹੈ। ਵੱਡੇ ਕਸਬਿਆਂ, ਕਲੋਨੀਆਂ ਅਤੇ ਸਲੱਮ ਏਰੀਆ ਨੂੰ ਵਧੇਰੇ ਤਵੱਜੋ ਦਿੱਤੀ ਜਾ ਰਹੀ ਹੈ। ਸਿਹਤ ਵਿਭਾਗ ਦੀ ਟੀਮ ਨੇ ਪਿੰਡ ਬਲੌਂਗੀ ਵਿੱਚ ਘਰ-ਘਰ ਜਾ ਕੇ ਜਾਂਚ ਕੀਤੀ ਅਤੇ ਗਲੀ ਮੁਹੱਲਿਆਂ ਵਿੱਚ ਫੌਗਿੰਗ ਕੀਤੀ ਗਈ। ਇਸ ਦੌਰਾਨ ਕਈ ਥਾਵਾਂ ’ਤੇ ਡੇਂਗੂ ਮੱਛਰ ਦਾ ਲਾਰਵਾ ਮਿਲਿਆ।
ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਅਤੇ ਜ਼ਿਲ੍ਹਾ ਐਪੀਡੀਮੋਲਜਿਸਟ ਡਾ. ਸ਼ਲਿੰਦਰ ਕੌਰ ਨੇ ਕਿਹਾ ਕਿ ਡੇਂਗੂ ਤੋਂ ਬਚਾਅ ਕਰਨ ਲਈ ਹਰੇਕ ਨਾਗਰਿਕ ਨੂੰ ਸਾਵਧਾਨੀ ਵਰਤਣ ਅਤੇ ਜਾਗਰੂਕ ਹੋਣ ਦੀ ਲੋੜ ਹੈ। ਡੇਂਗੂ ਪੀੜਤ ਨੂੰ ਘਬਰਾਉਣ ਦੀ ਲੋੜ ਨਹੀਂ। ਮਰੀਜ਼ ਦਾ ਸਰਕਾਰੀ ਹਸਪਤਾਲਾਂ ਵਿੱਚ ਟੈੱਸਟ ਅਤੇ ਮੁਫ਼ਤ ਇਲਾਜ ਕੀਤਾ ਜਾਂਦਾ ਹੈ। ਸਰਕਾਰੀ ਹਸਪਤਾਲ ਵਿੱਚ ਸਪੈਸ਼ਲ ਡੇਂਗੂ ਵਾਰਡ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਭਾਵੇਂ ਡੇਂਗੂ ਮੱਛਰ ਪੈਦਾ ਹੋਣ ਦਾ ਕੋਈ ਪੱਕਾ ਮੌਸਮ ਨਹੀਂ ਪਰ ਘੱਟੋ-ਘੱਟ 30 ਨਵੰਬਰ ਤੱਕ ਸਾਰਿਆਂ ਨੂੰ ਮੁਸਤੈਦ ਰਹਿਣ ਦੀ ਲੋੜ ਹੈ।
ਸਿਵਲ ਸਰਜਨ ਨੇ ਡੇਂਗੂ ਦੀ ਰੋਕਥਾਮ ਲਈ ਲੋਕਾਂ ਨੂੰ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਲੋਕਾਂ ਦੀ ਮਦਦ ਨਾਲ ਹੀ ਮੁਹਾਲੀ ਜ਼ਿਲ੍ਹੇ ਨੂੰ ਡੇਂਗੂ-ਮੁਕਤ ਬਣਾਇਆ ਜਾ ਸਕਦਾ ਹੈ। ਡੇਂਗੂ ਕੇਸਾਂ ਨੂੰ ਕੰਟਰੋਲ ਕਰਨ ਲਈ ਪੂਰੀ ਵਾਹ ਲਾਈ ਜਾ ਰਹੀ ਹੈ। ਹੋਰ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

ਸਿਵਲ ਸਰਜਨ ਨੇ ਮਰੀਜ਼ਾਂ ਦਾ ਭੁਲੇਖਾ ਦੂਰ ਕਰਦਿਆਂ ਕਿਹਾ ਕਿ ਬੁਖ਼ਾਰ ਦੌਰਾਨ ਪਲੇਟਲੈੱਟਸ ਘੱਟ ਜਾਂਦੇ ਹਨ। ਬੱਕਰੀ ਦਾ ਦੁੱਧ ਜਾਂ ਕੀਵੀ ਫਲ ਪਲੇਟਲੈੱਟਸ ਵਧਾਉਣ ਵਿੱਚ ਸਹਾਈ ਨਹੀਂ ਹੁੰਦੇ ਹਨ? ਮਰੀਜ਼ ਨੂੰ ਤਰਲ ਪਦਾਰਥ ਜਿਵੇਂ ਪਾਣੀ, ਜੂਸ, ਨਿੰਬੂ ਪਾਣੀ, ਨਾਰੀਅਲ ਪਾਣੀ ਦਾ ਵੱਧ ਤੋਂ ਵੱਧ ਸੇਵਨ ਕਰਨ ਅਤੇ ਆਰਾਮ ਕਰਨਾ ਚਾਹੀਦਾ ਹੈ। ਤਰਲ ਪਦਾਰਥ ਹੀ ਸਰੀਰ ਵਿੱਚ ਪਾਣੀ ਦੀ ਕਮੀ ਪੂਰਾ ਕਰਦੇ ਹਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਸ਼ਹਿਰੀ ਤੇ ਪੇਂਡੂ ਖੇਤਰ ਵਿੱਚ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਅਤੇ ਇਸ ਦੇ ਫੈਲਾਅ ਨੂੰ ਰੋਕਣ ਲਈ ਡਟੀਆਂ ਹੋਈਆਂ ਹਨ। ਜ਼ਿਲ੍ਹੇ ਦੇ ਸਾਰੇ ਸਿਹਤ ਬਲਾਕਾਂ ਅਧੀਨ ਪੈਂਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਸਰਵੇ, ਜਾਂਚ ਅਤੇ ਜਾਗਰੂਕਤਾ ਮੁਹਿੰਮ ਜੰਗੀ ਪੱਧਰ ’ਤੇ ਚੱਲ ਰਹੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਡੇਂਗੂ ਮੱਛਰ ਖੜੇ ਸਾਫ਼ ਪਾਣੀ ਵਿੱਚ ਪਲਦਾ ਹੈ। ਲਿਹਾਜ਼ਾ ਕੂਲਰਾਂ, ਪਾਣੀ ਦੀਆਂ ਟੈਂਕੀਆਂ, ਫੁੱਲਾਂ ਦੇ ਗਮਲਿਆਂ, ਫਰਿੱਜਾਂ ਪਿੱਛੇ ਲੱਗੀ ਟਰੇਅ, ਟੁੱਟੇ-ਭੱਜ ਅਤੇ ਛੱਤ ’ਤੇ ਪਏ ਭਾਂਡਿਆਂ ਅਤੇ ਟਾਇਰਾਂ ਵਿੱਚ ਪਾਣੀ ਨਾ ਖੜਾ ਹੋਣ ਦਿੱਤਾ ਜਾਵੇ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…