ਡੇਂਗੂ ਦੀ ਰੋਕਥਾਮ: ਡਿਪਟੀ ਡਾਇਰੈਕਟਰ ਡਾ. ਰਾਜੂ ਧੀਰ ਵੱਲੋਂ ਵੱਖ-ਵੱਖ ਪ੍ਰਭਾਵਿਤ ਖੇਤਰਾਂ ਦਾ ਦੌਰਾ

ਮੁਹਾਲੀ ਜ਼ਿਲ੍ਹੇ ’ਚ ਟੈੱਸਟ ਕਿੱਟਾਂ, ਮੁਫ਼ਤ ਦਵਾਈਆਂ ਅਤੇ ਮਰੀਜ਼ਾਂ ਲਈ ਬੈੱਡਾਂ ਦੀ ਕੋਈ ਘਾਟ ਨਹੀਂ: ਡਾ. ਰਾਜੂ ਧੀਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਅਕਤੂਬਰ:
ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਰਾਜੂ ਧੀਰ ਨੇ ਮੁਹਾਲੀ ਜ਼ਿਲ੍ਹੇ ਵਿੱਚ ਡੇਂਗੂ ਦੀ ਰੋਕਥਾਮ ਦੇ ਮੱਦੇਨਜ਼ਰ ਵੱਖ-ਵੱਖ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਮੌਜੂਦਾ ਹਾਲਾਤਾਂ ਦਾ ਜਾਇਜ਼ਾ ਲਿਆ ਹੈ। ਸਿਹਤ ਮੰਤਰੀ ਓਪੀ ਸੋਨੀ ਦੀਆਂ ਹਦਾਇਤਾਂ ’ਤੇ ਡਾ. ਰਾਜੂ ਧੀਰ ਨੂੰ ਜ਼ਿਲ੍ਹਾ ਮੁਹਾਲੀ ਲਈ ਵਿਸ਼ੇਸ਼ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਹਾਲੀ ਸਮੇਤ ਬੂਥਗੜ੍ਹ, ਕੁਰਾਲੀ, ਖਰੜ, ਬਨੂੜ, ਜ਼ੀਰਕਪੁਰ, ਡੇਰਾਬੱਸੀ, ਲਾਲੜੂ ਆਦਿ ਇਲਾਕਿਆਂ ਵਿੱਚ ਸਾਰੇ ਉਚ-ਜੋਖਮ ਵਾਲੇ ਖੇਤਰਾਂ ਨੂੰ ਕਵਰ ਕੀਤਾ ਅਤੇ ਡੇਂਗੂ ਦੀ ਰੋਕਥਾਮ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਆਪਣੇ ਦੌਰਿਆਂ ਸਬੰਧੀ ਸ਼ਾਮ ਨੂੰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਡੇਂਗੂ ਬਾਰੇ ਮੌਜੂਦਾ ਸਥਿਤੀ ਬਾਰੇ ਵਿਚਾਰ-ਚਰਚਾ ਕੀਤੀ ਗਈ। ਉਨ੍ਹਾਂ ਦੱਸਿਆ ਕਿ ਦੌਰੇ ਦੌਰਾਨ ਕੁੱਝ ਕੁ ਥਾਵਾਂ ’ਤੇ ਕਮੀਆਂ ਦੇਖਣ ਨੂੰ ਮਿਲੀਆਂ, ਜਿਨ੍ਹਾਂ ਨੂੰ ਤੁਰੰਤ ਦੂਰ ਕਰਨ ਲਈ ਮੌਕੇ ’ਤੇ ਹੀ ਹਦਾਇਤਾਂ ਜਾਰੀ ਕੀਤੀਆਂ ਗਈਆਂ।
ਉਂਜ ਉਨ੍ਹਾਂ ਨੇ ਮੁਹਾਲੀ ਜ਼ਿਲ੍ਹੇ ਵਿੱਚ ਡੇਂਗੂ ਦੇ ਬਚਾਅ ਲਈ ਕੀਤੇ ਪ੍ਰਬੰਧਾਂ ’ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਸਿਹਤ ਸੰਸਥਾਵਾਂ ਵਿੱਚ ਡੇਂਗੂ ਦੇ ਟੈੱਸਟ ਲਈ ਕਿੱਟਾਂ, ਮੁਫ਼ਤ ਦਵਾਈਆਂ ਅਤੇ ਮਰੀਜ਼ਾਂ ਲਈ ਲੋੜੀਂਦੇ ਬੈੱਡਾਂ\ਬਿਸਤਰਿਆਂ ਦੀ ਕੋਈ ਘਾਟ ਨਹੀਂ ਹੈ। ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਡੇਂਗੂ ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ ਅਤੇ ਦਵਾਈਆਂ ਵੀ ਅੰਦਰੋਂ ਦਿੱਤੀਆਂ ਜਾ ਰਹੀਆਂ ਹਨ।
ਡਾ. ਰਾਜੂ ਧੀਰ ਨੇ ਕਿਹਾ ਕਿ ਮੁਹਾਲੀ ਜ਼ਿਲ੍ਹੇ ਵਿੱਚ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ ਅਤੇ ਜਿੱਥੇ ਕਿਤੇ ਵੀ ਡੇਂਗੂ ਮਾਮਲੇ ਸਾਹਮਣੇ ਆ ਰਹੇ ਹਨ, ਉਸ ਇਲਾਕੇ ਵਿੱਚ ਸਰਵੇ, ਫੌਗਿੰਗ ਅਤੇ ਜ਼ੋਰਦਾਰ ਤਰੀਕੇ ਨਾਲ ਜਾਗਰੂਕਤਾ ਦਾ ਹੋਕਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਅਤੇ ਆਲੇ-ਦੁਆਲੇ ਕਿਤੇ ਵੀ ਪਾਣੀ ਖੜਾ ਨਾ ਹੋਣ ਦੇਣ ਕਿਉਂਕਿ ਇਹ ਇਕ ਸਾਵਧਾਨੀ ਡੇਂਗੂ ਜਿਹੀ ਜਾਨਲੇਵਾ ਬੀਮਾਰੀ ਤੋਂ ਬਚਾਉਣ ਵਿੱਚ ਕਾਫ਼ੀ ਕਾਰਗਰ ਸਾਬਤ ਹੁੰਦੀ ਹੈ।

Load More Related Articles

Check Also

VB nabs General Manager PUNSUP red handed accepting Rs 1 lakh bribe

VB nabs General Manager PUNSUP red handed accepting Rs 1 lakh bribe Official car also take…