ਮੁਹਾਲੀ ਜ਼ਿਲ੍ਹੇ ਵਿੱਚ ਡੇਂਗੂ ਰੋਕਥਾਮ ਲਈ 2,17,670 ਘਰਾਂ ਦਾ ਸਰਵੇ, 7520 ਘਰਾਂ ਵਿੱਚ ਮਿਲਿਆ ਲਾਰਵਾ

ਸਰਵੇ, ਸਪਰੇਅ ਤੇ ਜਾਗਰੂਕਤਾ ਮੁਹਿੰਮ ਲਈ ਕੁੱਲ 61 ਸਿਹਤ ਟੀਮਾਂ ਦਾ ਗਠਨ: ਸਿਵਲ ਸਰਜਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਨਵੰਬਰ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਨਾਗਰਿਕਾਂ ਨੂੰ ਡੇਂਗੂ ਜਿਹੀ ਜਾਨਲੇਵਾ ਬੀਮਾਰੀ ਤੋਂ ਬਚਾਉਣ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਸਰਗਰਮ ਹੈ। ਡੇਂਗੂ ਨਾਲ ਨਜਿੱਠਣ ਲਈ ਸਿਹਤ ਵਿਭਾਗ ਦੀਆਂ ਕੁੱਲ 61 ਟੀਮਾਂ ਦਾ ਗਠਨ ਕੀਤਾ ਗਿਆ, ਜਿਨ੍ਹਾਂ ਵੱਲੋਂ ਕੰਟੇਨਰ ਜਾਂਚ, ਸਰਵੇ ਅਤੇ ਜਾਗਰੂਕਤਾ ਮੁਹਿੰਮ ਨੂੰ ਜ਼ੋਰਾਂ-ਸ਼ੋਰਾਂ ਨਾਲ ਚਲਾਇਆ ਜਾ ਰਿਹਾ ਹੈ। ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਦੱਸਿਆ ਕਿ ਮਾਰਚ ਮਹੀਨੇ ਤੋਂ ਹੁਣ ਤੱਕ 2,17,670 ਘਰਾਂ ਦਾ ਸਰਵੇ ਕੀਤਾ ਜਾ ਚੁੱਕਾ ਹੈ ਅਤੇ 785083 ਕੰਟੇਨਰਾਂ ਦੀ ਜਾਂਚ ਕੀਤੀ ਗਈ। ਇਸ ਦੌਰਾਨ 7520 ਘਰਾਂ ਵਿੱਚ ਡੇਂਗੂ ਬੁਖ਼ਾਰ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਮਿਲਿਆ ਹੈ ਅਤੇ 225 ਚਲਾਨ ਕੀਤੇ ਗਏ ਹਨ।
ਸਿਵਲ ਸਰਜਨ ਨੇ ਦੱਸਿਆ ਕਿ ਪਹਿਲੀ ਵਾਰ ਲਾਰਵਾ ਮਿਲਣ ’ਤੇ ਸਖ਼ਤ ਚਿਤਾਵਨੀ ਦਿੱਤੀ ਜਾਂਦੀ ਹੈ ਅਤੇ ਦੂਜੀ ਵਾਰ ਲਾਰਵਾ ਮਿਲੇ ਤਾਂ ਚਲਾਨ ਕੱਟਿਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਆਸ਼ਾ ਵਰਕਰਾਂ, ਸਿਹਤ ਵਰਕਰਾਂ, ਬਰੀਡਰ ਚੈੱਕਰਾਂ ਦੀਆਂ ਟੀਮਾਂ ਘਰਾਂ ਵਿੱਚ ਜਾ ਕੇ ਕੂਲਰਾਂ, ਫਰਿੱਜਾਂ ਦੀਆਂ ਟਰੇਆਂ, ਗਮਲਿਆਂ, ਖ਼ਾਲੀ ਪਏ ਟਾਇਰਾਂ, ਟੈਂਕੀਆਂ, ਬਕਸਿਆਂ ਅਤੇ ਹੋਰ ਸਮਾਨ ਜਿੱਥੇ ਪਾਣੀ ਇਕੱਠਾ ਹੋ ਸਕਦਾ ਹੈ, ਦੀ ਜਾਂਚ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਉੱਚ ਜੋਖ਼ਮ ਵਾਲੇ ਖੇਤਰਾਂ ਵੱਲ ਵਿਸ਼ੇਸ਼ ਤਵੱਜੋ ਦਿੱਤੀ ਜਾ ਰਹੀ ਹੈ। ਸਕੂਲਾਂ ਦੀ ਜਾਂਚ ਸਮੇਤ ਗਰਾਮ ਪੰਚਾਇਤਾਂ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।

ਸਿਵਲ ਸਰਜਨ ਨੇ ਕਿਹਾ ਕਿ ਡੇਂਗੂ ਇਲਾਜਯੋਗ ਬੀਮਾਰੀ ਹੈ ਅਤੇ ਡੇਂਗੂ ਹੋਣ ’ਤੇ ਘਬਰਾਉਣ ਦੀ ਲੋੜ ਨਹੀਂ। ਸ਼ੱਕ ਪੈਦਾ ਹੋਣ ’ਤੇ ਤੁਰੰਤ ਨਜ਼ਦੀਕੀ ਹਸਪਤਾਲ ਵਿੱਚ ਜਾ ਕੇ ਜਾਂਚ ਕਰਵਾਉਣੀ ਚਾਹੀਦੀ ਹੈ। ਸਰਕਾਰੀ ਹਸਪਤਾਲਾਂ ਵਿੱਚ ਡੇਂਗੂ ਦੀ ਜਾਂਚ ਅਤੇ ਇਲਾਜ ਬਿਲਕੁਲ ਮੁਫ਼ਤ ਹੈ। ਉਨ੍ਹਾਂ ਕਿਹਾ ਕਿ ਜੇ ਲੋਕ ਆਪਣੇ ਘਰ ਅਤੇ ਆਲੇ-ਦੁਆਲੇ ਪਾਣੀ ਖੜਾ ਨਾ ਹੋਣ ਦੇਣ ਤਾਂ ਇਹ ਮੱਛਰ ਪੈਦਾ ਹੀ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਹਫ਼ਤੇ ਵਿੱਚ ਘੱਟੋ-ਘੱਟ ਇਕ ਵਾਰ ਫਰਿੱਜਾਂ ਦੀਆਂ ਟਰੇਆਂ, ਕੂਲਰਾਂ ਨੂੰ ਖਾਲੀ ਕਰ ਕੇ ਸੁਕਾਇਆ ਜਾਵੇ। ਘਰਾਂ ਦੇ ਆਲੇ-ਦੁਆਲੇ ਫੁੱਲਾਂ ਦੇ ਗਮਲਿਆਂ, ਟੁੱਟੇ ਭੱਜੇ ਭਾਂਡਿਆਂ ਅਤੇ ਕਿਸੇ ਵੀ ਥਾਂ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ, ਪਾਣੀ ਭਰੇ ਭਾਂਡਿਆਂ ਅਤੇ ਟੈਂਕੀਆਂ ਨੂੰ ਚੰਗੀ ਤਰ੍ਹਾਂ ਢੱਕ ਕੇ ਰੱਖਿਆ ਜਾਵੇ। ਡੇਂਗੂ ਬੁਖ਼ਾਰ ਫੈਲਾਉਣ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ। ਕਿਸੇ ਵੀ ਜਗ੍ਹਾ ਸਾਫ਼ ਜਾਂ ਗੰਦਾ ਪਾਣੀ ਖੜਾ ਨਾ ਹੋਣ ਦਿਤਾ ਜਾਵੇ। ਯਕੀਨੀ ਬਣਾਇਆ ਜਾਵੇ ਕਿ ਇਨ੍ਹਾਂ ਵਿੱਚ ਕਈ ਕਈ ਦਿਨ ਪੁਰਾਣਾ ਪਾਣੀ ਖੜਾ ਨਾ ਹੋਵੇ।

Load More Related Articles
Load More By Nabaz-e-Punjab
Load More In Awareness/Campaigns

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …