ਡਿੱਪੂ ਹੋਲਡਰਾਂ ਤੇ ਹੋਰ ਕਾਰੋਬਾਰੀਆਂ ਵੱਲੋਂ ਮਹਾਰਾਣੀ ਪਰਨੀਤ ਕੌਰ ਨਾਲ ਮੁਲਾਕਾਤ: ਬਾਦਲਾਂ ਤੇ ਮਜੀਠੀਆਂ ’ਤੇ ਧੋਖਾ ਕਰਨ ਦਾ ਦੋਸ਼

ਨਬਜ਼-ਏ-ਪੰਜਾਬ ਬਿਊਰੋ, ਪਟਿਆਲਾ, 21 ਦਸੰਬਰ:
ਪੰਜਾਬ ਦੇ ਡਿੱਪੂ ਹੋਲਡਰਾਂ ਅਤੇ ਪ੍ਰਾਪਰਟੀ ਤੇ ਹੋਰ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਦੇ ਇਕ ਉੱਚ ਪੱਧਰੀ ਵਫਦ ਨੇ ਬੀਤੇ ਦਿਲੀਂ ਸਾਬਕਾ ਕੇਂਦਰੀ ਰਾਜ ਮੰਤਰੀ ਮਹਾਰਾਣੀ ਪਰਨੀਤ ਕੌਰ ਨਾਲ ਮੁਲਾਕਾਤ ਕਰਕੇ ਬਾਦਲ ਪਿਊ-ਪੁੱਤ ਅਤੇ ਮਜੀਠੀਆ ’ਤੇ ਉਨ੍ਹਾਂ ਨਾਲ ਧੋਖਾ ਕਰਨ ਅਤੇ ਲੁੱਟਣ ਦਾ ਕਥਿਤ ਦੋਸ਼ ਲਗਾਇਆ ਹੈ। ਵਫ਼ਦ ਨੇ ਰਿਅਲ ਅਸਟੇਟ ਖੇਤਰ ਨੂੰ ਮੁੜ ਲੀਹ ’ਤੇ ਲਿਆਉਣ ਲਈ ਕਲੋਨੀਆਂ ਨੂੰ ਰੈਗੂਲਰ ਕਰਨ ਦਾ ਭਰੋਸਾ ਮੰਗਿਆ। ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕਲੋਨੀਆਂ ਨੂੰ ਰੈਗੂਲਰ ਕਰਨ ਦਾ ਵਾਅਦਾ ਕੀਤਾ ਸੀ। ਇੰਝ ਹੀ ਡਿੱਪੂ ਹੋਲਡਰਾਂ ਨੇ ਆਪਣੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਉਂਦੇ ਹੋਏ ਰਾਹਤ ਦਿਵਾਉਣ ਦੀ ਮੰਗ ਕੀਤੀ। ਡਿੱਪੂ ਹੋਲਡਰਾਂ ਨੇ ਵੀ ਕਾਂਗਰਸ ਸਰਕਾਰ ਆਉਣ ’ਤੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੀ ਮੰਗ ਕੀਤੀ।
ਪ੍ਰਾਪਰਟੀ ਕਾਰੋਬਾਰੀਆਂ ਦੇ ਵਫਦ ਨੇ ਪੰਜਾਬ ਕਲੋਨਾਈਜਰ ਐਂਡ ਪ੍ਰਾਪਰਟੀ ਐਸੋਸੀਏਸ਼ਨ ਦੇ ਬੈਨਰ ਹੇਠ ਬਾਦਲ ਸਰਕਾਰ ਵੱਲੋਂ ਸੂਬੇ ਅੰਦਰ ਰਿਅਲ ਅਸਟੇਟ ਕਾਰੋਬਾਰ ਨੂੰ ਮੁੜ ਖੜ੍ਹਾ ਕਰਨ ਵਿੱਚ ਅਸਫਲ ਰਹਿਣ ਨੂੰ ਲੈ ਕੇ ਨਿਰਾਸ਼ਾ ਜ਼ਾਹਰ ਕੀਤੀ। ਐਸੋਸੀਏਸ਼ਨ ਦੇ ਪ੍ਰਧਾਨ ਕੁਲਤਾਰ ਸਿੰਘ ਯੋਗੀ ਦੀ ਅਗਵਾਈ ਹੇਠ ਵਫਦ ਨੇ ਕਿਹਾ ਕਿ ਬਾਦਲ ਸਰਕਾਰ ਨੇ ਕਲੋਨੀਆਂ ਨੂੰ ਰੈਗੂਲਰ ਕਰਨ ਦਾ ਆਪਣਾ ਵਾਅਦਾ ਪੂਰਾ ਨਹੀਂ ਕੀਤਾ ਹੈ। ਜਿਸ ਕਾਰਨ ਸੂਬੇ ਦੇ ਰਿਅਲ ਅਸਟੇਟ ਦੇ ਕਾਰਬਾਰੀਆਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਹੈ। ਰਾਸ਼ਨ ਡਿੱਪੂ ਹੋਲਡਰ ਐਸੋਸੀਏਸ਼ਨ ਪੰਜਾਬ (ਰਜਿ) ਦੇ ਪ੍ਰਧਾਨ ਤੇ ਹੋਰਨਾਂ ਨੇ ਮਹਾਰਾਣੀ ਕੋਲ ਸ਼ਿਕਾਇਤ ਕੀਤੀ ਕਿ ਪੰਜਾਬ ਸਰਕਾਰ ਨੇ ਸੂਬੇ ਅੰਦਰ 28 ਹਜ਼ਾਰ ਰਾਸ਼ਨ ਡਿੱਪੂ ਦਿੱਤੇ ਸਨ, ਲੇਕਿਨ ਉਨ੍ਹਾਂ ਦੇ ਹੋਲਡਰ ਪੰਚਾਂ ਤੇ ਸਰਪੰਚਾਂ ਰਾਹੀਂ ਆਟਾ-ਦਾਲ ਤੇ ਹੋਰ ਖਾਣ ਵਾਲੀਆਂ ਚੀਜ਼ਾਂ ਵੰਡੇ ਜਾਣ ਕਾਰਨ ਬੇਕਾਰ ਹੋ ਚੁੱਕੇ ਹਨ।
ਇਸ ਮੌਕੇ ਵੱਖ-ਵੱਖ ਮੀਟਿੰਗਾਂ ਦੌਰਾਨ ਮਹਾਰਾਣੀ ਪਰਨੀਤ ਕੌਰ ਨੇ ਦੋਵਾਂ ਵਫ਼ਦਾਂ ਨੂੰ ਭਰੋਸਾ ਦਿੱਤਾ ਕਿ ਅਗਲੇ ਵਰ੍ਹੇ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ’ਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਅਧਾਰ ’ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਵਫ਼ਦਾਂ ਵਿੱਚ ਜ਼ਿਆਦਾਤਰ ਜ਼ਿਲ੍ਹਾ ਪ੍ਰਧਾਨ ਤੇ ਸੱਤਾਧਾਰੀ ਅਕਾਲੀ ਦਲ ਦੇ ਪੁਰਾਣੇ ਸਮਰਥਕ ਸਨ, ਨੇ ਬਾਦਲਾਾਂ ਦੇ ਨੇੜਲੇ ਕੈਬਨਿਟ ਮੰਤਰੀ ਵੱਲੋਂ ਵਿੱਤੀ ਤੇ ਹੋਰ ਤਰੀਕਿਆਂ ਰਾਹੀਂ ਉਨ੍ਹਾਂ ਨੂੰ ਧੋਖਾ ਦੇਣ ਦੀ ਸ਼ਿਕਾਇਤ ਕੀਤੀ। ਉਨ੍ਹਾਂ ਨੇ ਜ਼ਿਕਰ ਕੀਤਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਸਾਲ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਉਹ ਕਲੋਨੀਆਂ ਨੂੰ ਰੈਗੂਲਰ ਕਰਨ ਲਈ ਇਕ ਵਿਆਪਕ ਅਤੇ ਅਸਾਨ ਨੀਤੀ ਬਣਾਉਣਗੇ ਅਤੇ ਵਫ਼ਦ ਨੇ ਕਿਹਾ ਕਿ ਇਸ ਮੰਗ ਨੂੰ ਚੋਣ ਮੈਨੀਫੈਸਟੋ ਵਿੱਚ ਸ਼ਾਮਲ ਕੀਤਾ ਜਾਵੇ। ਪਰਨੀਤ ਕੌਰ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਡਿੱਪੂ ਹੋਲਡਰਾਂ ਨੇ ਸ਼ਿਕਾਇਤ ਦਿੱਤੀ ਹੈ ਕਿ ਜਿਹੜੀ ਵੀ ਥੋੜ੍ਹੀ ਬਹੁਤ ਕਮਿਸ਼ਨ ਉਨ੍ਹਾਂ ਨੂੰ ਮਿਲ ਰਹੀ ਸੀ, ਉਸ ਨੂੰ ਪੰਚਾਂ ਤੇ ਸਰਪੰਚਾਂ ਵੱਲੋਂ ਖੁਰਾਕ ਤੇ ਸਪਲਾਈ ਵਿਭਾਗ ਦੇ ਅਮਲੇ ਨਾਲ ਮਿਲ ਕੇ ਪੂਰੀ ਤਰ੍ਹਾਂ ਹੜਪਿਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਡਿੱਪੂ ਹੋਲਡਰਾਂ ਨੂੰ 15 ਹਜ਼ਾਰ ਤੋਂ 20 ਹਜ਼ਾਰ ਰੁਪਏ ਮਾਸਿਕ ਭੱਤਾ ਦਿੱਤਾ ਜਾਵੇ, ਕਿਉਂਕਿ ਨੈਸ਼ਨਲ ਫੂਡ ਸਕਿਉਰਟੀ ਐਕਟ ਡਿੱਪੂ ਹੋਲਡਰਾਂ ਨੂੰ ਕੋਈ ਤਨਖ਼ਾਹ ਨਹੀਂ ਦਿੰਦਾ ਹੈ।

Load More Related Articles

Check Also

ਗਿਆਨ ਜਯੋਤੀ ਗਲੋਬਲ ਸਕੂਲ ਦੇ ਵਿਦਿਆਰਥੀਆਂ ਵੱਲੋਂ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ

ਗਿਆਨ ਜਯੋਤੀ ਗਲੋਬਲ ਸਕੂਲ ਦੇ ਵਿਦਿਆਰਥੀਆਂ ਵੱਲੋਂ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਨਬਜ਼-ਏ-ਪੰਜਾਬ, ਮੁਹਾਲ…