ਡਿਪਟੀ ਮੇਅਰ ਕੁਲਜੀਤ ਬੇਦੀ ਦੀ ਸਿੱਧੂ ਭਰਾਵਾਂ ਤੋਂ ਪਹਿਲਾਂ ਹੋਈ ਕਾਂਗਰਸ ਵਿੱਚ ਵਾਪਸੀ

ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਰਸਮੀ ਤੌਰ ’ਤੇ ਕੁਲਜੀਤ ਬੇਦੀ ਨੂੰ ਕੀਤਾ ਸ਼ਾਮਲ

ਨਬਜ਼-ਏ-ਪੰਜਾਬ, ਮੁਹਾਲੀ\ਚੰਡੀਗੜ੍ਹ, 17 ਅਕਤੂਬਰ:
ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅੱਜ ਕਾਂਗਰਸ ਵਿੱਚ ਰਸਮੀ ਤੌਰ ’ਤੇ ਵਾਪਸੀ ਹੋ ਗਈ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਅੱਜ ਪੰਜਾਬ ਕਾਂਗਰਸ ਭਵਨ ਵਿਖੇ ਕੁਲਜੀਤ ਬੇਦੀ ਨੂੰ ਕਾਂਗਰਸ ਪਾਰਟੀ ਵਿੱਚ ਮੁੜ ਸ਼ਾਮਲ ਕੀਤਾ। ਇੱਥੇ ਇਹ ਦੱਸਣਯੋਗ ਹੈ ਕਿ ਪਿਛਲੇ ਸਾਲ ਸਿੱਧੂ ਭਰਾਵਾਂ ਵੱਲੋਂ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਵਾਪਰੇ ਘਟਨਾਕ੍ਰਮ ਦੌਰਾਨ ਕੁਲਜੀਤ ਬੇਦੀ ਵੱਲੋਂ ਸ਼ਹਿਰ ਦੇ ਵਿਕਾਸ ਦੇ ਮੁੱਦੇ ’ਤੇ ਨਿਗਰ ਨਿਗਮ ਵਿੱਚ ਮੇਅਰ ਜੀਤੀ ਸਿੱਧੂ ਦੇ ਸਮਰਥਨ ਦਾ ਫ਼ੈਸਲਾ ਕੀਤੇ ਜਾਣ ਕਾਰਨ ਕਾਂਗਰਸ ਹਾਈ ਕਮਾਂਡ ਵੱਲੋਂ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਅਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੂੰ ਪਾਰਟੀ ’ਚੋਂ ਬਾਹਰ ਦਾ ਰਾਹ ਦਿਖਾ ਦਿੱਤਾ ਸੀ। ਉਸ ਤੋਂ ਬਾਅਦ ਉਹ ਕਾਂਗਰਸ ਤੋਂ ਬਾਹਰ ਨਹੀਂ ਗਏ ਅਤੇ ਨਾ ਹੀ ਪਾਰਟੀ ਜਾਂ ਲੀਡਰਸ਼ਿਪ ਨਾਲ ਕੋਈ ਗਿਲਾ ਕੀਤਾ।
ਕੁੱਝ ਦਿਨ ਪਹਿਲਾਂ ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕੁਲਜੀਤ ਬੇਦੀ ਦੇ ਘਰ ਵਰਕਰਾਂ ਦੀ ਮੀਟਿੰਗ ਵਿੱਚ ਪਹੁੰਚ ਕੇ ਉਨ੍ਹਾਂ ਨੂੰ ਛੇਤੀ ਹੀ ਕਾਂਗਰਸ ਵਿੱਚ ਸ਼ਾਮਲ ਕਰਨ ਦਾ ਐਲਾਨ ਕੀਤਾ ਸੀ ਅਤੇ ਅੱਜ ਰਸਮੀ ਤੌਰ ’ਤੇ ਬੇਦੀ ਦੀ ਘਰ ਵਾਪਸੀ ਹੋ ਗਈ ਹੈ।
ਉਧਰ, ਪਿਛਲੇ ਸਾਲ ਕਾਂਗਰਸ ਪਾਰਟੀ ਛੱਡ ਕੇ ਗਏ ਬਲਬੀਰ ਸਿੰਘ ਸਿੱਧੂ ਅਤੇ ਅਮਰਜੀਤ ਸਿੰਘ ਜੀਤੀ ਸਿੱਧੂ ਵੀ ਕਾਂਗਰਸ ਵਿੱਚ ਘਰ ਵਾਪਸੀ ਕਰਨ ਵਾਲੇ ਹਨ ਅਤੇ ਉਨ੍ਹਾਂ ਵੱਲੋਂ ਬੀਤੇ ਦਿਨੀਂ ਦਿੱਲੀ ਵਿਖੇ ਹਾਈਕਮਾਨ ਦੇ ਸੀਨੀਅਰ ਆਗੂਆਂ ਨਾਲ ਮੁਲਾਕਾਤ ਵੀ ਕੀਤੀ ਜਾ ਚੁੱਕੀ ਹੈ ਅਤੇ ਕਿਹਾ ਜਾ ਰਿਹਾ ਹੈ ਕਿ 20 ਅਕਤੂਬਰ ਨੂੰ ਸਿੱਧੂ ਭਰਾਵਾਂ ਦੀ ਘਰ ਵਾਪਸੀ ਹੋ ਸਕਦੀ ਹੈ? ਇਸ ਮੌਕੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਸੰਦੀਪ ਸੰਧੂ, ਸਕੱਤਰ ਏਕੇ ਕੌਸ਼ਿਕ, ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਅਤੇ ਸੀਨੀਅਰ ਕਾਂਗਰਸ ਆਗੂ ਹਰਸਿਮਰਨ ਸੰਧੂ ਵੀ ਮੌਜੂਦ ਸਨ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਉਹ ਪਿਛਲੇ ਤਿੰਨ ਦਹਾਕਿਆਂ ਤੋਂ ਵੀ ਵੱਧ ਸਮੇਂ ਤੋਂ ਕਾਂਗਰਸ ਨਾਲ ਜੁੜੇ ਹੋਏ ਹਨ ਅਤੇ ਤਾਉਮਰ ਕਾਂਗਰਸੀ ਹੀ ਰਹਿਣਗੇ। ਉਨ੍ਹਾਂ ਕਿਹਾ ਕਿ ਹਾਈਕਮਾਨ ਵੱਲੋਂ ਉਨ੍ਹਾਂ ਨੂੰ ਮੁੜ ਮੁੱਖ ਧਾਰਾ ਵਿੱਚ ਸ਼ਾਮਲ ਕੀਤੇ ਜਾਣ ਨਾਲ ਹੁਣ ਉਹ ਪਹਿਲਾਂ ਵਾਂਗ ਖੁੱਲ੍ਹ ਕੇ ਪਾਰਟੀ ਦੀ ਮਜਬੂਤੀ ਲਈ ਦਿਨ ਰਾਤ ਕੰਮ ਕਰਨਗੇ।
ਇੱਥੇ ਜਿਕਰਯੋਗ ਹੈ ਕਿ ਕੁਲਜੀਤ ਬੇਦੀ ਵੱਲੋਂ 1991 ਵਿੱਚ ਯੂਥ ਕਾਂਗਰਸ ਰਾਹੀਂ ਆਪਣੇ ਸਿਆਸੀ ਸਫਰ ਦੀ ਸ਼ੁਰੂਆਤ ਕੀਤੀ ਗਈ ਸੀ ਅਤੇ ਯੂਥ ਕਾਂਗਰਸ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਭੂਪੇਸ਼ ਸ਼ਰਮਾ ਵੱਲੋਂ 1993 ਵਿੱਚ ਉਨ੍ਹਾਂ ਨੂੰ ਪਾਰਟੀ ਦੀ ਜ਼ਿਲ੍ਹਾ ਇਕਾਈ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਸੀ। ਇਸ ਉਪਰੰਤ ਉਹ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਅਤੇ ਦਫ਼ਤਰ ਇੰਚਾਰਜ ਰਹੇ। ਸੀਨੀਅਰ ਕਾਂਗਰਸ ਵਿੱਚ ਉਹ ਬਲਾਕ ਕਾਂਗਰਸ ਮੁਹਾਲੀ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ ਅਤੇ 2005 ਤੋਂ ਉਹ ਲਗਾਤਾਰ ਫੇਜ਼-3ਬੀ2 ਤੋਂ ਕਾਂਗਰਸ ਦੀ ਟਿਕਟ ’ਤੇ ਕੌਂਸਲਰ ਦੀ ਚੋਣ ਜਿੱਤਦੇ ਆ ਰਹੇ ਹਨ ਅਤੇ ਇਸ ਵਾਰ ਪਾਰਟੀ ਨੇ ਉਨ੍ਹਾਂ ਨੂੰ ਮੁਹਾਲੀ ਨਗਰ ਨਿਗਮ ਦਾ ਡਿਪਟੀ ਮੇਅਰ ਬਣਾ ਕੇ ਸ਼ਹਿਰ ਵਾਸੀਆਂ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ, ਜਿਸ ਨੂੰ ਉਹ ਪੂਰੀ ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਨਿਰੰਤਰ ਨਿਭਾਉਂਦੇ ਆ ਰਹੇ ਹਨ।

Load More Related Articles
Load More By Nabaz-e-Punjab
Load More In General News

Check Also

ਮੈਗਾ ਪੀਟੀਐਮ: ਸਰਕਾਰੀ ਸਕੂਲਾਂ ਵਿੱਚ 5 ਕੈਬਨਿਟ ਮੰਤਰੀਆਂ ਨੇ ਕੀਤੀ ਬੱਚਿਆਂ ਤੇ ਮਾਪਿਆਂ ਨਾਲ ਗੱਲ

ਮੈਗਾ ਪੀਟੀਐਮ: ਸਰਕਾਰੀ ਸਕੂਲਾਂ ਵਿੱਚ 5 ਕੈਬਨਿਟ ਮੰਤਰੀਆਂ ਨੇ ਕੀਤੀ ਬੱਚਿਆਂ ਤੇ ਮਾਪਿਆਂ ਨਾਲ ਗੱਲ ਸਕੂਲੀ ਸਿ…