
ਮੁਹਾਲੀ ਨਗਰ ਨਿਗਮ: ਵਿੱਤ ਤੇ ਠੇਕਾ ਕਮੇਟੀ ਦੀ ਮੀਟਿੰਗ ਵਿੱਚ 35 ਕਰੋੜ ਦੇ ਵਿਕਾਸ ਕੰਮ ਪਾਸ
19 ਕਰੋੜ ਰੁਪਏ ਦੇ ਜਾਰੀ ਕੀਤੇ ਵਰਕ ਆਰਡਰ, 16 ਕਰੋੜ ਰੁਪਏ ਦੇ ਨਵੇਂ ਐਸਟੀਮੇਟ ਪਾਸ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਅਕਤੂਬਰ:
ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਹੋਈ ਨਗਰ ਨਿਗਮ ਦੀ ਵਿੱਤ ਤੇ ਠੇਕਾ ਕਮੇਟੀ ਦੀ ਮੀਟਿੰਗ ਵਿੱਚ 35 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਨੂੰ ਹਰੀ ਝੰਡੀ ਦਿੱਤੀ ਗਈ। ਮੀਟਿੰਗ ਵਿੱਚ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਕਮਿਸ਼ਨਰ ਕਮਲ ਗਰਗ, ਐਸਈ ਸੰਜੇ ਕੰਵਰ ਅਤੇ ਕੌਂਸਲਰ ਜਸਬੀਰ ਸਿੰਘ ਮਣਕੂ ਤੇ ਅਨੁਰਾਧਾ ਆਨੰਦ ਵੀ ਹਾਜ਼ਰ ਸਨ।
ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੇਅਰ ਜੀਤੀ ਸਿੱਧੂ ਨੇ ਦੱਸਿਆ ਕਿ ਮੀਟਿੰਗ ਵਿੱਚ 19 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਕਾਰਜਾਂ ਦੇ ਵਰਕ ਆਰਡਰ ਦਿੱਤੇ ਗਏ ਹਨ ਜਦੋਂਕਿ 16 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਕਾਰਜਾਂ ਦੇ ਐਸਟੀਮੇਟ ਪਾਸ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕੰਮਾਂ ਦੇ ਵਰਕ ਆਰਡਰ ਦਿੱਤੇ ਗਏ ਹਨ ਉਹ ਕੰਮ ਛੇਤੀ ਹੀ ਆਰੰਭ ਕਰਵਾ ਦਿੱਤੇ ਜਾਣਗੇ।
ਮੇਅਰ ਜੀਤੀ ਸਿੱਧੂ ਨੇ ਦੱਸਿਆ ਕਿ ਇੱਥੋਂ ਦੇ ਫੇਜ਼-3ਬੀ1 ਦੇ ਕਮਿਊਨਿਟੀ ਸੈਂਟਰ ਨੂੰ ਢਾਹੁਣ ਤੋਂ ਬਾਅਦ ਇੱਥੇ ਨਵੀਂ ਅਤੇ ਆਧੁਨਿਕ ਬਿਲਡਿੰਗ ਬਣਾਉਣ ਲਈ 6 ਕਰੋੜ ਰੁਪਏ ਦਾ ਵਰਕ ਆਰਡਰ ਠੇਕੇਦਾਰ ਨੂੰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਕਮਿਊਨਿਟੀ ਸੈਂਟਰ ਸ਼ਹਿਰ ਦੇ ਵਿਚਾਲੇ ਸਥਿਤ ਹੈ ਅਤੇ ਇਸ ਨੂੰ ਪੂਰੀ ਤਰ੍ਹਾਂ ਆਧੁਨਿਕ ਤਰੀਕੇ ਨਾਲ ਬਣਾਇਆ ਜਾ ਰਿਹਾ ਹੈ ਜਿਸਦਾ ਮੁਹਾਲੀ ਦੇ ਲੋਕਾਂ ਨੂੰ ਬਹੁਤ ਵੱਡਾ ਲਾਭ ਹਾਸਲ ਹੋਵੇਗਾ। ਉਨ੍ਹਾਂ ਕਿਹਾ ਕਿ ਉਹ ਇਸ ਗੱਲ ਨੂੰ ਯਕੀਨੀ ਬਣਾਉਣਗੇ ਕਿ ਇਹ ਕਮਿਊਨਿਟੀ ਸੈਂਟਰ ਦਾ ਉਸਾਰੀ ਦਾ ਕੰਮ ਫੌਰੀ ਤੌਰ ’ਤੇ ਸ਼ੁਰੂ ਹੋ ਜਾਵੇਗਾ।
ਇਸ ਤੋਂ ਇਲਾਵਾ ਜਿਨ੍ਹਾਂ ਵਿਕਾਸ ਕਾਰਜਾਂ ਦੇ ਵਰਕ ਆਰਡਰ ਦਿੱਤੇ ਗਏ ਹਨ ਉਨ੍ਹਾਂ ਵਿੱਚ ਮੁੱਖ ਤੌਰ ਤੇ ਸੜਕਾਂ ਦੇ ਕੰਮ, ਪੇਵਰ ਬਲਾਕ ਲਗਾਉਣ ਦੇ ਕੰਮ, ਪਬਲਿਕ ਹੈਲਥ ਦੇ ਕੰਮ, ਫਾਇਰ ਸਟੇਸ਼ਨ ਨੂੰ ਰਿਪੇਅਰ ਕਰਨ ਦੇ ਕੰਮ ਅਤੇ ਪਾਰਕਾਂ ਦੇ ਵੱਖ-ਵੱਖ ਕੰਮ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ 16 ਕਰੋੜ ਰੁਪਏ ਦੇ ਨਵੇਂ ਵਿਕਾਸ ਕਾਰਜਾਂ ਦੇ ਜੋ ਐਸਟੀਮੇਟ ਪਾਸ ਕੀਤੇ ਗਏ ਹਨ ਉਨ੍ਹਾਂ ਵਿੱਚ ਵੀ ਮੁੱਖ ਤੌਰ ਤੇ ਪਾਰਕਾਂ ਤੇ ਸੜਕਾਂ ਉੱਤੇ ਪ੍ਰੀਮਿਕਸ ਪਾਉਣ ਦੇ ਵੱਖ-ਵੱਖ ਖੇਤਰਾਂ ਵਿੱਚ ਪੇਵਰ ਬਲਾਕਾਂ ਦੇ ਕੰਮ ਮੁੱਖ ਤੌਰ ’ਤੇ ਸ਼ਾਮਲ ਹਨ।