
ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸ਼ਰਧਾਲੂ ਵੱਲੋਂ ਆਪਣੀ ਗੱਡੀ ਭੇਟ
ਨਬਜ਼-ਏ-ਪੰਜਾਬ, ਮੁਹਾਲੀ, 25 ਅਗਸਤ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਕਾਰ ਸੇਵਾ ਲਈ ਇੱਕ ਸ਼ਰਧਾਲੂ ਵੱਲੋਂ ਆਪਣੀ ਟਾਟਾ ਕੰਪਨੀ ਦੀ ਗੱਡੀ ਭੇਟ ਕੀਤੀ ਗਈ। ਇਹ ਜਾਣਕਾਰੀ ਮੀਡੀਆ ਨਾਲ ਸਾਂਝੀ ਕਰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਦਾਨੀ ਸੱਜਣ ਨੇ ਗੁਰਦੁਆਰਾ ਸਾਹਿਬ ਦੀ ਕਾਰ ਸੇਵਾ ਲਈ ਆਪਣੀ ਗੱਡੀ ਦੇ ਸਾਰੇ ਦਸਤਾਵੇਜ਼ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਨਾਮ ਕਰਵਾ ਕੇ ਗੱਡੀ ਪ੍ਰਬੰਧਕ ਕਮੇਟੀ ਨੂੰ ਸੌਂਪ ਦਿੱਤੀ। ਉਨ੍ਹਾਂ ਦੱਸਿਆ ਕਿ ਪ੍ਰਬੰਧਕ ਕਮੇਟੀ ਅਤੇ ਸੇਵਾਦਾਰਾਂ ਨੇ ਕੜਾਹਿ ਪ੍ਰਸ਼ਾਦਿ ਦੀ ਦੇਗ ਤਿਆਰ ਕੀਤੀ ਅਤੇ ਦਾਨੀ ਸੱਜਣ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ।
ਬੁਲਾਰੇ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਗੁਪਤ ਅਤੇ ਪ੍ਰਤੱਖ ਦਾਨੀ ਸੱਜਣਾਂ ਵੱਲੋਂ ਸਮੇਂ ਸਮੇਂ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਸਵਾਰਾ ਸਾਹਿਬ ਲਈ ਏਸੀ ਬੱਸ, ਕਵਾਲਿਸ, ਮਹਿੰਦਰਾ ਮਰਾਜੋ, ਸਕਾਰਪਿਓ, 3 ਮਾਰੂਤੀ ਈਕੋ, ਮਾਰੂਤੀ ਵਰਸਾ ਗੱਡੀਆਂ ਭੇਟ ਕੀਤੀਆਂ ਜਾ ਚੁੱਕੀਆਂ ਹਨ। ਇਸ ਦੇ ਨਾਲ ਕਾਰ ਸੇਵਾ ਲਈ ਟਾਟਾ 207, ਟਾਟਾ 709, 2 ਮਹਿੰਦਰਾ ਅਰਜਨ ਟਰੈਕਟਰ, 2 ਸਵਰਾਜ ਟਰੈਕਟਰ, 1 ਫੋਰਡ ਟਰੈਕਟਰ, ਮਹਿੰਦਰਾ ਪਿੱਕਅੱਪ, 2 ਮਹਿੰਦਰਾ ਯੂਟੀਲਿਟੀ, ਮਹਿੰਦਰਾ ਕੈਂਪਰ, ਅਸ਼ੋਕਾ ਲੇਲੈਂਡ ਟਰੱਕ, ਮਹਿੰਦਰਾ ਮਿਨੀ ਟਰੱਕ 3200, ਟਾਟਾ ਐਲਪੀ ਟਰੱਕ ਅਤੇ ਬੇਅੰਤ ਮਾਇਆ, ਸੋਨਾ ਆਦਿ ਭੇਟ ਕੀਤਾ ਜਾ ਚੁੱਕਾ ਹੈ। ਇਸ ਮੌਕੇ ਦਾਨੀ ਸੱਜਣ ਨੇ ਦੱਸਿਆ ਕਿ ਉਹ ਕਾਫ਼ੀ ਸਮੇਂ ਤੋਂ ਇਸ ਅਸਥਾਨ ਨਾਲ ਜੁੜਿਆ ਹੋਇਆ ਹੈ। ਇਸ ਅਸਥਾਨ ’ਤੇ ਦਾਨ ਕੀਤੀਆਂ ਜਾਂਦੀਆਂ ਗੱਡੀਆਂ ਤੋਂ ਪ੍ਰਭਾਵਿਤ ਹੋ ਕੇ ਉਸ ਨੇ ਆਪਣੀ ਗੱਡੀ ਸੇਵਾ ਲਈ ਭੇਟ ਕੀਤੀ ਹੈ।