nabaz-e-punjab.com

ਸਿਊਂਕ ਘਟਨਾ ਵਿੱਚ ਜ਼ਖ਼ਮੀ ਹੋਏ ਜੰਗਲਾਤ ਵਿਭਾਗ ਦੇ ਮੁਲਾਜ਼ਮਾਂ ਨੂੰ ਧਰਮਸੋਤ ਨੇ ਦਿੱਤੀ ਵਿੱਤੀ ਸਹਾਇਤਾ

ਕੈਬਨਿਟ ਮੰਤਰੀ ਨੇ ਦੋ ਕਰਮਚਾਰੀਆਂ ਨੂੰ 50-50 ਹਜ਼ਾਰ ਰੁਪਏ ਅਤੇ ਚਾਰ ਨੂੰ 21-21 ਹਜ਼ਾਰ ਰੁਪਏ ਦੇ ਚੈੱਕ ਸੌਂਪੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਅਕਤੂਬਰ:
ਪੰਜਾਬ ਦੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕੁੱਝ ਮਹੀਨੇ ਪਹਿਲਾਂ ਪਿੰਡ ਸਿਊਂਕ, ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਵਿਖੇ ਵਾਪਰੀ ਇੱਕ ਘਟਨਾ ’ਚ ਗੰਭੀਰ ਜ਼ਖ਼ਮੀ ਹੋਏ 6 ਜੰਗਲਾਤ ਕਰਮਚਾਰੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਐਕਸ-ਗਰੇਸ਼ੀਆ ਸਕੀਮ ਤਹਿਤ ਵਿੱਤੀ ਸਹਾਇਤਾ ਦੇ ਚੈੱਕ ਸੌਂਪੇ। ਇਸ ਮੌਕੇ ਦੋ ਕਰਮਚਾਰੀਆਂ ਨੂੰ 50-50 ਹਜ਼ਾਰ ਰੁਪਏ ਦੇ ਅਤੇ ਚਾਰ ਕਰਮਚਾਰੀਆਂ ਨੂੰ 21-21 ਹਜ਼ਾਰ ਰੁਪਏ ਦੇ ਚੈੱਕ ਦਿੱਤੇ ਗਏ।
ਸ੍ਰੀ ਧਰਮਸੋਤ ਨੇ ਦੱਸਿਆ ਕਿ ਪਿੰਡ ਸਿਊਂਕ ਵਿਖੇ ਵਾਪਰੀ ਘਟਨਾ ’ਚ ਗੰਭੀਰ ਜ਼ਖ਼ਮੀ ਹੋਏ ਬਲਾਕ ਅਫ਼ਸਰ ਦਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ 50 ਹਜ਼ਾਰ ਰੁਪਏ ਅਤੇ ਬੇਲਦਾਰ ਕਰਨੈਲ ਸਿੰਘ ਨੂੰ 50 ਹਜ਼ਾਰ ਰੁਪਏ ਦੇ ਚੈੱਕ ਸੌਂਪੇ ਗਏ ਹਨ ਜਦਕਿ ਇਸ ਘਟਨਾ ਵਿੱਚ ਜ਼ਖ਼ਮੀ ਹੋਏ ਫਾਰੈਸਟ ਗਾਰਡ ਰਵਿੰਦਰ ਸਿੰਘ ਨੂੰ 21 ਹਜ਼ਾਰ ਰੁਪਏ, ਬੇਲਦਾਰ ਰਾਜਿੰਦਰ ਸਿੰਘ ਨੂੰ 21 ਹਜ਼ਾਰ ਰੁਪਏ, ਬੇਲਦਾਰ ਮਹਿੰਦਰ ਸਿੰਘ ਨੂੰ 21 ਹਜ਼ਾਰ ਰੁਪਏ ਅਤੇ ਬੇਲਦਾਰ ਭਾਗਾ ਰਾਮ ਨੂੰ 21 ਹਜ਼ਾਰ ਰੁਪਏ ਦੇ ਚੈੱਕ ਦਿੱਤੇ ਗਏ ਹਨ।
ਸ੍ਰੀ ਧਰਮਸੋਤ ਨੇ ਜੰਗਲਾਤ ਖੇਤਰ ਦੀ ਰਾਖੀ ਲਈ ਪੂਰੀ ਵਾਹ ਲਾਉਣ ਵਾਲੇ ਇਨ੍ਹਾਂ ਕਰਮਚਾਰੀਆਂ ਦੀ ਵਿਸ਼ੇਸ਼ ਤੌਰ ’ਤੇ ਸ਼ਲਾਘਾ ਵੀ ਕੀਤੀ। ਵਰਣਨਯੋਗ ਹੈ ਕਿ ਜੰਗਲਾਤ ਵਿਭਾਗ ਦੇ ਉਕਤ ਕਰਮਚਾਰੀ 19 ਜੂਨ, 2018 ਨੂੰ ਰਾਤ ਸਮੇਂ 10:30 ਵਜੇ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਪਿੰਡ ਸਿਊਂਕ-ਸ਼ਿੰਗਾਰੀਵਾਲਾ ਸੜਕੀ ਮਾਰਗ ’ਤੇ ਲਾਏ ਨਾਕੇ ’ਤੇ ਡਿਊਟੀ ਕਰ ਰਹੇ ਸਨ। ਇਸ ਮੌਕੇ ਕੁੱਝ ਵਿਅਕਤੀਆਂ ਵਲੋਂ ਡਿਊਟੀ ਨਿਭਾ ਰਹੇ ਇਨ੍ਹਾਂ ਜੰਗਲਾਤ ਕਰਮਚਾਰੀਆਂ ’ਤੇ ਹਮਲਾ ਕਰ ਦਿੱਤਾ ਗਿਆ ਅਤੇ ਇਸ ਹਮਲੇ ’ਚ ਚਾਰ ਕਰਮਚਾਰੀ ਜ਼ਖ਼ਮੀ ਅਤੇ ਦੋ ਗੰਭੀਰ ਜ਼ਖ਼ਮੀ ਹੋਏ ਸਨ।
ਸ੍ਰੀ ਧਰਮਸੋਤ ਨੇ ਸੂਬੇ ਦੇ ਜੰਗਲੀ ਖੇਤਰਾਂ ਅਤੇ ਵਿਭਾਗ ਦੇ ਕਰਮਚਾਰੀਆਂ ਦੀ ਸੁਰੱਖਿਆ ਪ੍ਰਤੀ ਵਚਨਬੱਧਤਾ ਪ੍ਰਗਟਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਰੇਤ ਅਤੇ ਲੱਕੜ ਮਾਫ਼ੀਆ ਖ਼ਿਲਾਫ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਪੂਰੀ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ। ਇਸ ਮੌਕੇ ਪ੍ਰਮੁੱਖ ਮੁੱਖ ਵਣਪਾਲ ਜਤਿੰਦਰ ਸ਼ਰਮਾ ਅਤੇ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਡੀਐਫਓ ਗੁਰਅਮਨਪ੍ਰੀਤ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…