
ਕਾਲੇ ਕਾਨੂੰਨ ਰੱਦ ਕਰੋ: ਇਲਾਕੇ ਦੇ ਕਿਸਾਨਾਂ, ਪੁਆਧੀ ਮੰਚ ਅਤੇ ਯੂਥ ਆਫ ਪੰਜਾਬ ਵੱਲੋਂ ਵੱਖ-ਵੱਖ ਥਾਵਾਂ ‘ਤੇ ਧਰਨੇ ਅਤੇ ਚੱਕਾ ਜਾਮ
ਪਿੰਡ ਰਾਏਪੁਰ ਕਲਾਂ ਨੇੜੇ 25ਵੇਂ ਦਿਨ ਵੀ ਰਿਲਾਇੰਸ ਪੈਟਰੋਲ ਪੰਪ ਦੀ ਘੇਰਾਬੰਦੀ ਜਾਰੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਨਵੰਬਰ:
ਕੇਂਦਰ ਸਰਕਾਰ ਵੱਲੋਂ ਕਿਸਾਨ ਵਿਰੋਧੀ ਖੇਤੀਬਾੜੀ ਸੈਕਟਰ ਨਾਲ ਜੁੜੇ ਤਿੰਨ ਆਰਡੀਨੈਂਸ ਪਾਸ ਕਰਨ ਖ਼ਿਲਾਫ਼ ਅੰਨਦਾਤਾ ਦਾ ਰੋਹ ਲਗਾਤਾਰ ਭਖਦਾ ਜਾ ਰਿਹਾ ਹੈ। ਅੱਜ ਦੇਸ਼ਵਿਆਪੀ ਬੰਦ ਦਾ ਪੂਰਨ ਰੂਪ ਵਿੱਚ ਸਮਰਥਨ ਕਰਦਿਆਂ ਇਲਾਕੇ ਦੇ ਕਿਸਾਨਾਂ, ਕਿਸਾਨ ਜਥੇਬੰਦੀਆਂ ਅਤੇ ਅੰਤਰਰਾਸ਼ਟਰੀ ਪੁਆਧੀ ਮੰਚ ਅਤੇ ਯੂਥ ਆਫ ਪੰਜਾਬ ਨੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਵੱਖ-ਵੱਖ ਥਾਵਾਂ ਉੱਤੇ ਧਰਨੇ ਦਿੱਤੇ ਅਤੇ ਸੜਕਾਂ ‘ਤੇ ਚੱਕਾ ਜਾਮ ਕਰਕੇ ਜ਼ਬਰਦਸਤ ਰੋਸ ਮੁਜਾਹਰੇ ਕੀਤੇ ਗਏ।
ਅੰਤਰਰਾਸ਼ਟਰੀ ਪੁਆਧੀ ਮੰਚ ਅਤੇ ਯੂਥ ਆਫ ਪੰਜਾਬ ਦੇ ਕਾਰਕੁਨਾਂ ਨੇ ਵੀਰਵਾਰ ਨੂੰ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਬਾਹਰ ਵਿਸ਼ਾਲ ਧਰਨਾ ਦਿੱਤਾ। ਇਸ ਮੌਕੇ ਪਰਮਦੀਪ ਸਿੰਘ ਬੈਦਵਾਨ, ਗੁਰਪ੍ਰੀਤ ਸਿੰਘ ਨਿਆਮੀਆਂ, ਕਰਮਜੀਤ ਸਿੰਘ ਚਿੱਲਾ ਅਤੇ ਹੋਰਨਾਂ ਨੇ ਕਿਸਾਨ ਵਿਰੋਧੀ ਕਾਲੇ ਖੇਤੀ ਕਾਨੂੰਨ ਤੁਰੰਤ ਰੱਦ ਕਰਨ ਦੀ ਮੰਗ ਕੀਤੀ। ਇਸੇ ਤਰਾਂ ਖਰੜ ਬੱਸ ਸਟੈਂਡ ਨੇੜੇ ਕਿਸਾਨਾਂ ਵੱਲੋਂ ਵਿਸ਼ਾਲ ਧਰਨਾ ਦਿੱਤਾ ਅਤੇ ਚੱਕਾ ਜਾਮ ਕਰਕੇ ਦੇਸ਼ ਦੇ ਹੁਕਮਰਾਨਾਂ ਨੂੰ ਰੱਜ ਕੇ ਕੋਸਿਆ। ਧਰਨਾ ਪ੍ਰਦਰਸ਼ਨ ਦੀ ਅਗਵਾਈ ਕਿਸਾਨ ਯੂਨੀਅਨ ਦੇ ਸੀਨੀਅਰ ਆਗੂ ਮੇਹਰ ਸਿੰਘ ਥੇੜੀ ਅਤੇ ਰਵਿੰਦਰ ਸਿੰਘ ਦੇਹਕਲਾਂ ਨੇ ਕੀਤੀ।
ਉਧਰ, ਲਾਂਡਰਾਂ-ਬਨੂੜ ਸੜਕ ’ਤੇ ਪਿੰਡ ਭਾਗੋਮਾਜਰਾ ਨੇੜੇ ਅੱਜ 25ਵੇਂ ਦਿਨ ਪਿੰਡ ਰਾਏਪੁਰ ਕਲਾਂ ਦੇ ਰਿਲਾਇੰਸ ਪੈਟਰੋਲ ਪੰਪ ਦਾ ਘਿਰਾਓ ਅਤੇ ਧਰਨਾ ਪ੍ਰਦਰਸ਼ਨ ਜਾਰੀ ਰੱਖਦਿਆਂ ਇਲਾਕੇ ਦੇ ਕਿਸਾਨਾਂ ਨੇ ਬਾਬਾ ਬੰਦਾ ਸਿੰਘ ਬਹਾਦਰ ਮਾਰਗ ‘ਤੇ ਚੱਕਾ ਜਾਮ ਕਰਕੇ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਪੈਰੀਫੈਰੀ ਮਿਲਕਮੈਨ ਯੂਨੀਅਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ, ਕਿਸਾਨ ਯੂਨੀਅਨ ਮੁਹਾਲੀ ਦੇ ਬਲਾਕ ਪ੍ਰਧਾਨ ਕੁਲਦੀਪ ਸਿੰਘ ਕੁਰੜੀ, ਮੀਤ ਪ੍ਰਧਾਨ ਅਵਤਾਰ ਸਿੰਘ ਸਾਬਕਾ ਸਰਪੰਚ ਅਤੇ ਅਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਇਕਸੁਰ ਵਿੱਚ ਕਿਸਾਨ ਏਕਤਾ ਦੇ ਨਾਅਰੇ ਲਗਾਏ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਸ਼ੁਰੂ ਤੋਂ ਹੀ ਕਾਰਪੋਰੇਟ ਘਰਾਣਿਆਂ ਦੀ ਪਿੱਠ ਥਾਪੜ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਖੇਤੀ ਸਬੰਧੀ ਕਾਲੇ ਕਾਨੂੰਨ ਲਿਆ ਕੇ ਕਿਸਾਨਾਂ ਨੂੰ ਤਬਾਹ ਕਰਨਾ ਚਾਹੁੰਦੀ ਹੈ ਜਦੋਂਕਿ ਕਿਸਾਨ ਹੁਣ ਆਰ-ਪਾਰ ਦੀ ਲੜਾਈ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕਿਸਾਨ ਵਿਰੋਧੀ ਕਾਲੇ ਕਾਨੂੰਨ ਵਾਪਸ ਨਹੀਂ ਲਏ ਜਾਂਦੇ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ ਅਤੇ ਆਉਣ ਵਾਲੇ ਦਿਨਾਂ ਵਿੱਚ ਗੁਪਤ ਐਕਸ਼ਨ ਕੀਤੇ ਜਾਣਗੇ। ਉਨ੍ਹਾਂ ਮੰਗ ਕੀਤੀ ਕਿ ਕਿਸਾਨ ਵਿਰੋਧੀ ਖੇਤੀ ਕਾਨੂੰਨ ਮੱੁਢੋਂ ਰੱਦ ਕੀਤੇ ਜਾਣ। ਆਗੂਆਂ ਨੇ ਕਿਸਾਨਾਂ ਨੂੰ ਵਿਆਜ ਮੁਆਫ਼ੀ ਸਕੀਮ ਤੋਂ ਬਾਹਰ ਕਰਨ ਦੀ ਵੀ ਨਿਖੇਧੀ ਕੀਤੀ।
ਇਸ ਮੌਕੇ ਜਸਪ੍ਰੀਤ ਸਿੰਘ ਸਰਪੰਚ ਰਾਏਪੁਰ ਕਲਾਂ, ਗੁਰਮਿੰਦਰ ਸਿੰਘ, ਹਾਕਮ ਸਿੰਘ ਪੱਤੋਂ, ਸੰਤ ਸਿੰਘ ਕੁਰੜੀ, ਸੁਰਮੁੱਖ ਸਿੰਘ ਭਾਗੋਮਾਜਰਾ, ਕੁਲਵਿੰਦਰ ਸਿੰਘ, ਅਮਰੀਕ ਸਿੰਘ, ਮਨਪ੍ਰੀਤ ਸਿੰਘ ਟੋਨੀ, ਹਰਿੰਦਰ ਸਿੰਘ ਬੈਰੋਂਪੁਰ, ਯੂਥ ਆਗੂ ਗੁਰਜੰਟ ਸਿੰਘ ਪੂਨੀਆ, ਅੰਮ੍ਰਿਤਜੋਤ ਸਿੰਘ ਪੂਨੀਆ, ਪਰਵਿੰਦਰ ਸਿੰਘ, ਸ਼ੇਰ ਸਿੰਘ, ਕਾਕਾ ਸਿੰਘ ਮੌਜਪੁਰ, ਨਰਿੰਦਰ ਸਿੰਘ, ਸੁਰਿੰਦਰ ਸਿੰਘ ਸਮੇਤ ਇਲਾਕੇ ਦੇ ਹੋਰ ਕਿਸਾਨ ਹਾਜ਼ਰ ਸਨ।
ਇਸੇ ਤਰਾਂ ਪਿੰਡ ਕੁੰਭੜਾ ਵਿੱਚ ਕਿਸਾਨਾਂ ਨੇ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਅਤੇ ਬਾਜ਼ਾਰ ਬੰਦ ਕਰਵਾਇਆ। ਇਸ ਮੌਕੇ ਬਲਵਿੰਦਰ ਸਿੰਘ ਕੁੰਭੜਾ, ਗੁਰਮੀਤ ਸਿੰਘ ਬੈਦਵਾਨ ਅਤੇ ਹੋਰ ਪਤਵੰਤੇ ਹਾਜਰ ਸਨ।