Nabaz-e-punjab.com

ਪਿੰਡਾਂ ਦੀਆਂ ਸ਼ਾਮਲਾਤ ਜ਼ਮੀਨਾਂ ’ਤੇ ਨਜਾਇਜ਼ ਕਬਜ਼ਿਆਂ ਵਿਰੁੱਧ ਡੀਸੀ ਦਫ਼ਤਰ ਦੇ ਬਾਹਰ ਧਰਨਾ

ਸਰਕਾਰੀ ਅੱਤਿਆਚਾਰ ਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਤੇ ਪੰਚਾਇਤ ਯੂਨੀਅਨ ਵੱਲੋਂ ਪ੍ਰਸ਼ਾਸਨ ਨੂੰ 15 ਦਿਨ ਦਾ ਅਲਟੀਮੇਟਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਜੁਲਾਈ:
ਸਰਕਾਰੀ ਅੱਤਿਆਚਾਰ ਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਵੱਲੋਂ ਪੰਚਾਇਤ ਯੂਨੀਅਨ ਦੇ ਸਹਿਯੋਗ ਨਾਲ ਮੁਹਾਲੀ ਨਗਰ ਨਿਗਮ ਅਧੀਨ ਆਉਂਦੇ ਪਿੰਡ ਕੁੰਭੜਾ ਸਮੇਤ ਹੋਰ ਵੱਖ ਵੱਖ ਪਿੰਡਾਂ ਵਿੱਚ ਸਰਕਾਰੀ ਜ਼ਮੀਨਾਂ ’ਤੇ ਹੋ ਰਹੇ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਅੱਜ ਬਲਵਿੰਦਰ ਸਿੰਘ ਕੁੰਭੜਾ ਦੀ ਅਗਵਾਈ ਹੇਠ ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਰੋਸ ਧਰਨਾ ਦਿੱਤਾ ਅਤੇ ਹੁਕਮਰਾਨਾਂ ਅਤੇ ਅਫ਼ਸਰਸ਼ਾਹੀ ਨੂੰ ਰੱਜ ਕੇ ਕੋਸਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕਾਲੇ ਚੋਗੇ ਪਾ ਕੇ ਡੀਸੀ ਦਫ਼ਤਰ ਤੱਕ ਰੋਸ ਕੀਤਾ ਗਿਆ। ਹਾਲਾਂਕਿ ਪੁਲੀਸ ਅਧਿਕਾਰੀ ਤੇ ਕਰਮਚਾਰੀ ਪ੍ਰਦਰਸ਼ਨਕਾਰੀਆਂ ਨੂੰ ਰੋਸ ਮਾਰਚ ਕਰਨ ਅਤੇ ਨਾਅਰੇਬਾਜ਼ੀ ਕਰਨ ਤੋਂ ਰੋਕਦੇ ਰਹੇ ਪ੍ਰੰਤੂ ਧਰਨਾਕਾਰੀਆਂ ਨੇ ਪੁਲੀਸ ਨੇ ਇਕ ਨਹੀਂ ਸੁਣੀ ਅਤੇ ਆਪਣਾ ਪ੍ਰਦਰਸ਼ਨ ਜਾਰੀ ਰੱਖਿਆ।
ਪੰਚਾਇਤ ਯੂਨੀਅਨ ਦੇ ਸੂਬਾ ਪ੍ਰਧਾਨ ਹਰਮਿੰਦਰ ਸਿੰਘ ਮਾਵੀ ਨੇ ਵੀ ਧਰਨੇ ਵਿੱਚ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਅਫ਼ਸਰਸ਼ਾਹੀ ਅਤੇ ਸਿਆਸੀ ਆਗੂਆਂ ਦੀ ਮਿਲੀਭੁਗਤ ਸਰਕਾਰੀ ਜ਼ਮੀਨਾਂ ਉੱਤੇ ਨਾਜਾਇਜ਼ ਕਬਜ਼ੇ ਹੋ ਰਹੇ ਹਨ। ਜਿਸ ਕਾਰਨ ਸ਼ਿਕਾਇਤਾਂ ਦੇਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਹੋ ਰਹੀ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਕਰੀਬ 33 ਏਕੜ ਬਹੁ ਕੀਮਤੀ ਜ਼ਮੀਨ ਨਾਜਾਇਜ਼ ਕਬਜ਼ੇ ਹੇਠ ਹੈ। ਮੁਹਾਲੀ, ਖਰੜ, ਜ਼ੀਰਕਪੁਰ ਅਤੇ ਡੇਰਾਬੱਸੀ ਵਿੱਚ ਪ੍ਰਾਈਵੇਟ ਬਿਲਡਰਾਂ ਨੇ ਸਰਕਾਰੀ ਰਸਤਿਆਂ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਉਸਾਰੀਆਂ ਕਰ ਦਿੱਤੀਆਂ ਹਨ। ਕਈ ਥਾਵਾਂ ’ਤੇ ਖੇਤਾਂ ਨੂੰ ਜਾਂਦੇ ਰਸਤਿਆਂ ਦੀ ਹੋਂਦ ਹੀ ਮਿਟਾ ਦਿੱਤੀ ਗਈ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ 15 ਦਿਨ ਦਾ ਅਲਟੀਮੇਟਮ ਦਿੰਦੇ ਹੋਏ ਕਿਹਾ ਕਿ ਜੇਕਰ ਇਸ ਦੌਰਾਨ ਸ਼ਿਕਾਇਤਾਂ ’ਤੇ ਬਣਦੀ ਕਾਰਵਾਈ ਨਹੀਂ ਹੋਈ ਤਾਂ ਲੜੀਵਾਰ ਧਰਨਾ ਸ਼ੁਰੂ ਕੀਤਾ ਜਾਵੇਗਾ।
ਸ੍ਰੀ ਬਲਵਿੰਦਰ ਕੁੰਭੜਾ ਨੇ ਕਿਹਾ ਕਿ ਪਿੰਡ ਕੁੰਭੜਾ ਸਮੇਤ ਪਿੰਡ ਧਰਮਗੜ੍ਹ, ਪਿੰਡ ਮੱਕੜਿਆਂ, ਪਿੰਡ ਜੌਲੀ, ਪਿੰਡ ਧੜਾਕ, ਮਾਣਕਪੁਰ ਕੱਲਰ ਸਮੇਤ ਹੋਰਨਾਂ ਥਾਵਾਂ ’ਤੇ ਸਰਕਾਰੀ ਜ਼ਮੀਨਾਂ ਉੱਤੇ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ। ਇਸ ਸਬੰਧੀ ਪਿਛਲੇ ਲੰਮੇ ਸਮੇਂ ਤੋਂ ਉੱਚ ਅਧਿਕਾਰੀਆਂ ਨੂੰ ਸ਼ਿਕਾਇਤਾਂ ਵੀ ਦਿੱਤੀਆਂ ਜਾ ਚੁੱਕੀਆਂ ਹਨ ਲੇਕਿਨ ਹੁਣ ਤੱਕ ਅਰਬਾਂ ਰੁਪਏ ਦੀਆਂ ਜ਼ਮੀਨਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਨਹੀਂ ਕਰਵਾਇਆ ਗਿਆ। ਪਹਿਲਾਂ ਅਕਾਲੀ ਸਰਕਾਰ ਸਮੇਤ ਹੁਣ ਕੈਪਟਨ ਸਰਕਾਰ ਨਾਜਾਇਜ਼ ਕਬਜ਼ੇ ਛੁਡਾਉਣ ਲਈ ਸਰੂਖਵਾਨਾਂ ਖ਼ਿਲਾਫ਼ ਕਾਰਵਾਈ ਤੋਂ ਪੱਲਾ ਝਾੜ ਰਹੀ ਹੈ। ਜਦੋਂਕਿ ਇਨ੍ਹਾਂ ਜ਼ਮੀਨਾਂ ਤੋਂ ਹੋਣ ਵਾਲੀ ਆਮਦਨ ਨਾਲ ਵੱਡੇ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਜਾ ਸਕਦੇ ਹਨ।
ਇਸ ਮੌਕੇ ਪੰਚਾਇਤ ਯੂਨੀਅਨ ਦੇ ਕਾਨੂੰਨੀ ਸਲਾਹਕਾਰ ਬਲਦੇਵ ਸਿੰਘ ਸਿੱਧੂ, ਸੀਨੀਅਰ ਮੀਤ ਪ੍ਰਧਾਨ ਵਰਿੰਦਰ ਸਿੰਘ, ਮੀਤ ਪ੍ਰਧਾਨ ਬਲਵਿੰਦਰ ਸਿੰਘ ਮਾਣਕਪੁਰ ਕੱਲਰ, ਅਵਤਾਰ ਸਿੰਘ, ਮੋਹਣ ਸਿੰਘ, ਰੁਪਿੰਦਰ ਕੌਰ, ਗੁਰਮੀਤ ਕੌਰ ਧਰਮਗੜ੍ਹ, ਦਲਜੀਤ ਕੌਰ, ਗੁਰਨਾਮ ਕੌਰ, ਸਤਨਾਮ ਸਿੰਘ ਮੁੱਲਾਂਪੁਰ ਗਰੀਬਦਾਸ, ਵਰਿੰਦਰ ਸਿੰਘ ਬਿੱਟੂ, ਮੋਹਨ ਸਿੰਘ, ਨਰਿੰਦਰ ਪਾਲ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…