
ਡੀਆਈਜੀ ਭੁੱਲਰ ਵੱਲੋਂ ਕਸ਼ਮੀਰੀ ਵਿਦਿਆਰਥੀਆਂ ਨੂੰ ਸੁਰੱਖਿਆ ਦਾ ਭਰੋਸਾ
ਗੁਮਰਾਹਕੁਨ ਪ੍ਰਚਾਰ/ਅਫ਼ਵਾਹਾਂ ਫੈਲਾਉਣ ਵਾਲਿਆਂ ਨੂੰ ਦਿੱਤੀ ਸਖ਼ਤ ਚਿਤਾਵਨੀ
ਨਬਜ਼-ਏ-ਪੰਜਾਬ, ਮੁਹਾਲੀ, 25 ਅਪਰੈਲ:
ਰੂਪਨਗਰ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੇ ਅੱਜ ਮੁਹਾਲੀ ਸਮੇਤ ਰੂਪਨਗਰ ਰੇਂਜ ਵਿਚਲੇ ਵੱਖ-ਵੱਖ ਵਿੱਦਿਅਕ ਅਦਾਰਿਆਂ ਦਾ ਦੌਰਾ ਕਰਕੇ ਕਾਨੂੰਨ ਵਿਵਸਥਾ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਇੱਥੇ ਪੜ੍ਹਦੇ ਕਸ਼ਮੀਰੀ ਅਤੇ ਹੋਰਨਾਂ ਰਾਜਾਂ ਦੇ ਵਿਦਿਆਰਥੀਆਂ ਨੂੰ ਸੁਰੱਖਿਆ ਦਾ ਭਰੋਸਾ ਦਿੱਤਾ। ਇਸ ਮੌਕੇ ਮੁਹਾਲੀ ਦੇ ਐਸਪੀ (ਦਿਹਾਤੀ) ਮਨਪ੍ਰੀਤ ਸਿੰਘ, ਐਸਪੀ (ਪੀਬੀਆਈ) ਦੀਪਿਕਾ ਸਿੰਘ ਅਤੇ ਡੀਐਸਪੀ ਹਰਸਿਮਰਨ ਸਿੰਘ ਬੱਲ ਵੀ ਮੌਜੂਦ ਸਨ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀਆਈਜੀ ਹਰਚਰਨ ਸਿੰਘ ਭੁੱਲਰ ਨੇ ਕਿਹਾ ਕਿ ਪਹਿਲਗਾਮ ਅੱਤਵਾਦੀ ਹਮਲੇ ਦੇ ਮੱਦੇਨਜ਼ਰ ਦੂਜੇ ਰਾਜਾਂ ਦੇ ਵਿਦਿਆਰਥੀਆਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਦੇਸ਼ ਵਿਰੋਧੀ ਤਾਕਤਾਂ ਦੇ ਨਾਪਾਕ ਮਨਸੂਬਿਆਂ ਦਾ ਜਵਾਬ ਦੇਣ ਦੇ ਸਮਰੱਥ ਹੈ। ਇੱਥੇ ਪੜ੍ਹ ਰਹੇ ਵਿਦਿਆਰਥੀ ਪੂਰੀ ਤਰ੍ਹਾਂ ਸੁਰੱਖਿਅਤ ਹਨ ਅਤੇ ਉਨ੍ਹਾਂ ਨੂੰ ਇੱਥੇ ਆਪਣੇ ਭਵਿੱਖ ਬਾਰੇ ਚਿੰਤਾ ਕਰਨ ਦੀ ਲੋੜ ਨਹੀਂ ਹੈ।
ਲਾਂਡਰਾਂ ਕਾਲਜ ਅਤੇ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੀ ਫੈਕਲਟੀ ਅਤੇ ਮੈਨੇਜਮੈਂਟ ਨਾਲ ਮੀਟਿੰਗਾਂ ਦੌਰਾਨ ਡੀਆਈਜੀ ਭੁੱਲਰ ਨੇ ਵਿਦਿਆਰਥੀਆਂ ਨਾਲ ਵੀ ਗੱਲ ਕੀਤੀ ਅਤੇ ਭਰੋਸਾ ਦਿੱਤਾ ਕਿ ਕਿਸੇ ਵੀ ਵਿਦਿਆਰਥੀ ਨੂੰ ਕੋਈ ਪ੍ਰੇਸ਼ਾਨੀ ਨਹੀਂ ਹੋਵੇਗੀ। ਉਨ੍ਹਾਂ ਫੈਕਲਟੀ ਮੈਂਬਰਾਂ ਨੂੰ ਦੂਜੇ ਰਾਜ ਦੇ ਵਿਦਿਆਰਥੀਆਂ ਨਾਲ ਨਿਯਮਿਤ ਤੌਰ ’ਤੇ ਗੱਲਬਾਤ ਕਰਨ ਲਈ ਕਿਹਾ। ਉਨ੍ਹਾਂ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸੁਰੱਖਿਆ ਦਾ ਭਰੋਸਾ ਵੀ ਦਿੱਤਾ। ਉਨ੍ਹਾਂ ਕਿਹਾ ਕਿ ਸੰਸਥਾਵਾਂ ਵਿੱਚ ਸ਼ਾਂਤੀਪੂਰਨ ਮਾਹੌਲ ਹੈ ਅਤੇ ਸਾਰੇ ਵਿਦਿਆਰਥੀਆਂ ਵਿਚਕਾਰ ਬਹੁਤ ਵਧੀਆ ਤਾਲਮੇਲ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸੋਸ਼ਲ ਮੀਡੀਆ ‘ਤੇ ਫੈਲ ਰਹੇ ਝੂਠੇ ਪ੍ਰਚਾਰ ਤੋਂ ਸਾਵਧਾਨ ਰਹਿਣ ਲਈ ਕਿਹਾ ਅਤੇ ਉਨ੍ਹਾਂ ਨੂੰ ਮਿਲਦੀ ਸਾਰੀ ਜਾਣਕਾਰੀ ਦੀ ਪੁਸ਼ਟੀ ਕਰਨ ਲਈ ਕਿਹਾ।
ਡੀਆਈਜੀ ਭੁੱਲਰ ਨੇ ਅਫ਼ਵਾਹਾਂ ਫੈਲਾਉਣ ਵਾਲਿਆਂ ਨੂੰ ਸਮਾਜ ਵਿੱਚ ਨਫ਼ਰਤੀ/ਗੁਮਰਾਹਕੁਨ ਪ੍ਰਚਾਰ ਫੈਲਾਉਣ ’ਤੇ ਸਖ਼ਤ ਕਾਨੂੰਨੀ ਕਾਰਵਾਈ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਰੂਪਨਗਰ ਰੇਂਜ ਦੇ ਸੀਨੀਅਰ ਅਧਿਕਾਰੀਆਂ ਨੇ ਸਾਰੀਆਂ ਧਿਰਾਂ ਵਿੱਚ ਭਾਈਚਾਰਾ ਯਕੀਨੀ ਬਣਾਉਣ ਲਈ ਆਪੋ-ਆਪਣੇ ਖੇਤਰਾਂ ਵਿੱਚ ਪੈਂਦੇ ਅਦਾਰਿਆਂ ਦਾ ਦੌਰਾ ਕੀਤਾ ਹੈ।