ਡੀਆਈਜੀ ਗੁਰਪ੍ਰੀਤ ਸਿੰਘ ਭੁੱਲਰ ਨੇ ਮੁਹਾਲੀ ਦੇ ਵੱਖ-ਵੱਖ ਖੇਤਰਾਂ ਵਿੱਚ ਸੁਰੱਖਿਆ ਪ੍ਰਬੰਧਾਂ ਦੀ ਕੀਤੀ ਸਮੀਖਿਆ

ਪੁਲੀਸ ਲਾਈਨ ’ਚੋਂ ਗਜ਼ਟਿਡ ਅਫ਼ਸਰ ਤੇ ਵਾਧੂ ਪੁਲੀਸ ਫੋਰਸ ਕੱਢ ਕੇ ਸ਼ਹਿਰ ਵਿੱਚ ਤਾਇਨਾਤ ਕੀਤੀ ਜਾਵੇਗੀ: ਭੁੱਲਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਅਪਰੈਲ:
ਰੂਪਨਗਰ ਰੇਂਜ ਦੇ ਡੀਆਈਜੀ ਗੁਰਪ੍ਰੀਤ ਸਿੰਘ ਭੁੱਲਰ ਅਤੇ ਮੁਹਾਲੀ ਦੇ ਐਸਐਸਪੀ ਵਿਵੇਕ ਸ਼ੀਲ ਸੋਨੀ ਵੱਲੋਂ ਅੱਜ ਸਾਂਝੇ ਤੌਰ ’ਤੇ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਜਾ ਕੇ ਸੁਰੱਖਿਆ ਦੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ। ਇਸੇ ਦੌਰਾਨ ਉਨ੍ਹਾਂ ਨੇ ਮੁਹਾਲੀ ਏਅਰਪੋਰਟ ਸੜਕ ਅਤੇ ਮੁਹਾਲੀ ਨੂੰ ਹੋਰਨਾਂ ਜ਼ਿਲ੍ਹਿਆਂ ਤੇ ਸੂਬਿਆਂ ਨਾਲ ਜੋੜਦੀਆਂ ਸੜਕਾਂ ’ਤੇ ਖ਼ੁਦ ਜਾ ਕੇ ਸੁਰੱਖਿਆ ਇੰਤਜ਼ਾਮਾਂ ਦਾ ਜਾਇਜ਼ਾ ਲਿਆ। ਸੜਕ ਦੁਰਘਟਨਾ ਵਾਲੇ ਪੁਆਇੰਟਾਂ ਦਾ ਨਿਰੀਖਣ ਕੀਤਾ।
ਅੱਜ ਦੀ ਇਸ ਵਿਸ਼ੇਸ਼ ਚੈਕਿੰਗ ਮੁਹਿੰਮ ਬਾਰੇ ਵਿਸਥਾਰ ਨਾਲ ਦੱਸਦਿਆਂ ਡੀਆਈਜੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲੀਸ ਦਾ ਮੁੱਖ ਕੰਮ ਲੋਕਾਂ ਵਿੱਚ ਸੁਰੱਖਿਆ ਬਾਰੇ ਭਰੋਸਾ ਪੈਦਾ ਕਰਨਾ ਹੈ ਤਾਂ ਜੋ ਸਮਾਜ ਦਾ ਹਰ ਵਰਗ ਬਿਨਾਂ ਕਿਸੇ ਡਰ ਜਾਂ ਭੈਅ ਤੋਂ ਆਪਣੇ ਰੋਜ਼ਮੱਰਾ ਦੇ ਕੰਮ ਕਾਰ ਕਰ ਸਕੇ। ਉਨ੍ਹਾਂ ਦੱਸਿਆ ਕਿ ਅੱਜ ਦੀ ਇਸ ਚੈਕਿੰਗ ਦੌਰਾਨ ਮੁਹਾਲੀ ਤੋਂ ਬਚ ਕੇ ਬਾਹਰ ਨਿਕਲਣ ਦੇ ਉਨ੍ਹਾਂ ਸਾਰੇ ਸੰਜੀਦਾ ਰਸਤਿਆਂ ਉੱਤੇ ਮੌਜੂਦ ਪੁਲੀਸ ਫੋਰਸ ਅਤੇ ਲਗਾਏ ਗਏ ਸੀਸੀਟੀਵੀ ਕੈਮਰਿਆਂ ਬਾਰੇ ਜਾਣਕਾਰੀ ਇਕੱਤਰ ਕੀਤੀ ਗਈ। ਉਨ੍ਹਾਂ ਦੱਸਿਆ ਕਿ ਐੱਸਐੱਸਪੀ ਵਿਵੇਕ ਸ਼ੀਲ ਸੋਨੀ ਦੀ ਅਗਵਾਈ ਵਿੱਚ ਜ਼ਿਲ੍ਹਾ ਪੁਲੀਸ ਪੂਰੀ ਮੁਸਤੈਦੀ ਨਾਲ ਕੰਮ ਕਰ ਰਹੀ ਹੈ।

ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਆਉਂਦੇ ਦਿਨਾਂ ਵਿੱਚ ਮੁਹਾਲੀ ਦੀਆਂ ਮੁੱਖ ਸੜਕਾਂ ’ਤੇ ਪੀਸੀਆਰ ਗਸ਼ਤੀ ਪਾਰਟੀਆਂ ਦੀਆਂ ਟੁਕੜੀਆਂ ਵਧਾਈਆਂ ਜਾਣਗੀਆਂ। ਇਸ ਦੇ ਨਾਲ ਹੀ ਪੁਲੀਸ ਰੇਂਜ ’ਚੋਂ ਗਜ਼ਟਿਡ ਅਫ਼ਸਰ ਅਤੇ ਵਾਧੂ ਪੁਲੀਸ ਫੋਰਸ ਨੂੰ ਕੱਢ ਕੇ ਸ਼ਹਿਰ ਦੇ ਵੱਖ-ਵੱਖ ਸੰਜੀਦਾ ਸਥਾਨਾਂ ਤੇ ਤਾਇਨਾਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੁਹਾਲੀ ਪੁਲੀਸ ਵੱਲੋਂ ਸ਼ੱਕੀ ਵਾਹਨਾਂ ਦੀ ਚੈਕਿੰਗ ਵਧਾਈ ਜਾਵੇਗੀ ਤਾਂ ਜੋ ਕਿਸੇ ਕਿਸਮ ਦਾ ਸ਼ਰਾਰਤੀ ਅਨਸਰ ਅਮਨ ਕਾਨੂੰਨ ਦੀ ਸਥਿਤੀ ਲਈ ਖ਼ਤਰਾ ਨਾ ਬਣ ਸਕੇ। ਸ੍ਰੀ ਭੁੱਲਰ ਨੇ ਦੱਸਿਆ ਕਿ ਪੁਲੀਸ ਦੀ ਮੁਸਤੈਦੀ ਵਧਾਉਣ ਲਈ ਇਸ ਤਰ੍ਹਾਂ ਦੀਆਂ ਕਾਰਵਾਈਆਂ ਰੂਪਨਗਰ ਰੇਂਜ ਦੇ ਹੋਰਨਾਂ ਜ਼ਿਲ੍ਹਿਆਂ ਵਿੱਚ ਵੀ ਕੀਤੀਆਂ ਜਾਣਗੀਆਂ। ਜ਼ਿਕਰਯੋਗ ਹੈ ਕਿ ਗੁਰਪ੍ਰੀਤ ਸਿੰਘ ਭੁੱਲਰ ਮੁਹਾਲੀ ਅਤੇ ਰੂਪਨਗਰ ਜ਼ਿਲ੍ਹਿਆਂ ਵਿੱਚ ਐਸਐਸਪੀ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ ਅਤੇ ਇਲਾਕੇ ਬਾਰੇ ਚੱਪੇ ਚੱਪੇ ਤੋਂ ਜਾਣੂ ਹਨ।

Load More Related Articles
Load More By Nabaz-e-Punjab
Load More In Police

Check Also

50 ਗਰਾਮ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ, ਇਨੋਵਾ ਗੱਡੀ ਵੀ ਕੀਤੀ ਜ਼ਬਤ

50 ਗਰਾਮ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ, ਇਨੋਵਾ ਗੱਡੀ ਵੀ ਕੀਤੀ ਜ਼ਬਤ ਨਬਜ਼-ਏ-ਪੰਜਾਬ, ਮੁਹਾਲੀ, 14 ਦਸੰਬ…