Nabaz-e-punjab.com

ਮੁਹਾਲੀ ਤੋਂ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਲਈ ਸਿੱਧੀ ਹਵਾਈ ਸੇਵਾ ਸ਼ੁਰੂ ਹੋਣ ਨਾਲ ਸੰਗਤ ਵਿੱਚ ਉਤਸ਼ਾਹ

ਸ੍ਰੀ ਪਟਨਾ ਸਾਹਿਬ ਤੱਕ ਸਿੱਧੀ ਹਵਾਈ ਉਡਾਣ ਸ਼ੁਰੂ ਕਰਨ ਦੀ ਮੰਗ ਉੱਠੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਜਨਵਰੀ:
ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਦੇ ਮੌਕੇ ਮੁਹਾਲੀ ਕੌਮਾਂਤਰੀ ਹਵਾਈ ਅੱਡੇ ਤੋਂ ਅੱਜ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਲਈ ਪਹਿਲੀ ਸਿੱਧੀ ਹਵਾਈ ਉਡਾਣ ਸ਼ੁਰੂ ਕਰਨ ਦਾ ਸ਼ਹਿਰ ਦੀਆਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਅਤੇ ਆਮ ਸ਼ਹਿਰੀਆਂ ਨੇ ਭਰਵਾਂ ਸਵਾਗਤ ਕੀਤਾ ਹੈ। ਡਿਸਏਬਲਡ ਪਰਸਨਜ ਵੈਲਫੇਅਰ ਆਰਗੇਨਾਈਜੇਸ਼ਨ ਦੇ ਪ੍ਰਧਾਨ ਪਰਮਦੀਪ ਸਿੰਘ ਭਬਾਤ (ਸਟੇਟ ਐਵਾਰਡੀ), ਮੁਲਾਜ਼ਮ ਆਗੂ ਭਗਵੰਤ ਸਿੰਘ ਬਦੇਸ਼ਾਂ, ਜਸਵੰਤ ਸਿੰਘ ਰੰਧਾਵਾ ਯਾਦਗਾਰੀ ਟਰੱਸਟ ਦੇ ਪ੍ਰਧਾਨ ਜਸਪ੍ਰੀਤ ਸਿੰਘ ਰੰਧਾਵਾ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੋਤੀ ਜੋਤ ਅਸਥਾਨ ਦੇ ਦਰਸ਼ਨ ਦੀਦਾਰੇ ਕਰਨ ਦੀ ਹਰ ਸਿੱਖ ਦੇ ਮਨ ਵਿੱਚ ਤਾਂਘ ਹੁੰਦੀ ਹੈ ਅਤੇ ਬਹੁਤ ਸਾਰੇ ਮੁਲਾਜ਼ਮ ਅਜਿਹੇ ਹਨ, ਜੋ ਸਮੇਂ ਦੀ ਘਾਟ ਕਾਰਨ ਇਸ ਪਾਵਨ ਅਸਥਾਨ ਦੇ ਦਰਸ਼ਨ ਕਰਨ ਤੋਂ ਵਾਂਝੇ ਰਹਿ ਜਾਂਦੇ ਹਨ।
ਯੂਥ ਆਫ਼ ਪੰਜਾਬ ਦੇ ਚੇਅਰਮੈਨ ਪਰਮਦੀਪ ਸਿੰਘ ਬੈਦਵਾਨ ਨੇ ਇਲਾਕੇ ਦੇ ਲੋਕਾਂ ਦੀ ਚਿਰਕੌਣੀ ਮੰਗ ਪੁਰੀ ਹੋਣ ਕਾਰਨ ਸਿੱਖ ਸੰਗਤਾਂ ਵਿੱਚ ਖ਼ੁਸ਼ੀ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਸਿੱਖ ਸ਼ਰਧਾਲੂਆਂ ਦੀ ਮੰਗ ਨੂੰ ਦੇਖਦੇ ਹੋਏ ਨਾਂਦੇੜ ਸਾਹਿਬ ਜਾਣ ਹੋਰ ਫਲਾਈਟਾਂ ਸ਼ੁਰੂ ਕੀਤੀਆਂ ਜਾਣ ਅਤੇ ਜੇ ਸੰਭਵ ਹੋ ਸਕੇ ਤਾਂ ਕਿਰਾਇਆ ਵੀ ਘੱਟ ਕੀਤਾ ਜਾਵੇ ਤਾਂ ਜੋ ਗਰੀਬ ਸ਼ਰਧਾਲੂ ਹਵਾਈ ਜਹਾਜ਼ ਦੀ ਸੁਵਿਧਾ ਦਾ ਲਾਭ ਲੈ ਸਕਣ। ਕਲਗੀਧਰ ਸੇਵਕ ਜਥਾ ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ, ਕੌਂਸਲਰ ਪਰਮਿੰਦਰ ਸਿੰਘ ਬੈਦਵਾਨ, ਪਰਵਿੰਦਰ ਸਿੰਘ ਤਸਬਿੰਲੀ, ਨੰਬਰਦਾਰ ਹਰਸੰਗਤ ਸਿੰਘ ਸੋਹਾਣਾ ਨੇ ਸ੍ਰੀ ਹਜ਼ੂਰ ਸਾਹਿਬ ਤੱਕ ਸਿੱਧੀ ਹਵਾਈ ਉਡਾਣ ਸ਼ੁਰੂ ਕਰਨ ਲਈ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦਾ ਧੰਨਵਾਦ ਕਰਦਿਆਂ ਮੰਗ ਕੀਤੀ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਅਸਥਾਨ ਸ੍ਰੀ ਪਟਨਾ ਸਾਹਿਬ ਲਈ ਵੀ ਛੇਤੀ ਹਵਾਈ ਸੇਵਾ ਸ਼ੁਰੂ ਕੀਤੀ ਜਾਵੇ।
ਪੰਜਾਬ ਅਗੇਂਸਟ ਕੁਰੱਪਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਦਾਊਂ ਨੇ ਕਿਹਾ ਕਿ ਸਰਬੰਸਦਾਨੀ ਦੇ ਆਗਮਨ ਪੁਰਬ ਮੌਕੇ ਸ੍ਰੀ ਹਜ਼ੂਰ ਸਾਹਿਬ ਤੱਕ ਹਵਾਈ ਉਡਾਣ ਸ਼ੁਰੂ ਹੋਣ ਨਾਲ ਸਿੱਖ ਸੰਗਤ ਵਿੱਚ ਖ਼ੁਸ਼ੀ ਦਾ ਮਾਹੌਲ ਹੈ ਪ੍ਰੰਤੂ ਮੁਹਾਲੀ ਏਅਰਪੋਰਟ ਦੇ ਨਾਲ ਨਾਲ ਰੇਲਵੇ ਸਟੇਸ਼ਨ ’ਤੇ ਪਹੁੰਚਣ ਲਈ ਸਿਟੀ ਬੱਸ ਦੀ ਸੁਵਿਧਾ ਵੀ ਪ੍ਰਦਾਨ ਕਰਵਾਈ ਜਾਵੇ। ਸਾਬਕਾ ਸਰਪੰਚ ਰਣਧੀਰ ਸਿੰਘ ਧੀਰਾ, ਮਨਜੀਤ ਸਿੰਘ ਮੁੰਧੋਸੰਗਤੀਆਂ, ਨੌਜਵਾਨ ਆਗੂ ਰਜਿੰਦਰ ਸਿੰਘ, ਰਣਬੀਰ ਸਿੰਘ ਪੁਨੀਆ ਨੇ ਪ੍ਰਧਾਨ ਮੰਤਰੀ ਅਤੇ ਸ੍ਰੀ ਚੰਦੂਮਾਜਰਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਿੱਖ ਸੰਗਤ ਦੀ ਸਹੂਲਤ ਨੂੰ ਦੇਖਦੇ ਹੋਏ ਸ੍ਰੀ ਹਜ਼ੂਰ ਸਾਹਿਬ ਤੱਕ ਰੋਜ਼ਾਨਾ ਫਲਾਈਟ ਚੱਲਣ ਦੀ ਵਿਵਸਥਾ ਕੀਤੀ ਜਾਵੇ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…