Nabaz-e-punjab.com

ਜ਼ਿਲ੍ਹਾ ਮੁਹਾਲੀ ਵਿੱਚ ਸਾਉਣੀ ਦੇ ਸੀਜ਼ਨ ’ਚ 182.5 ਏਕੜ ਰਕਬੇ ਵਿੱਚ ਕੀਤੀ ਝੋਨੇ ਦੀ ਸਿੱਧੀ ਬਿਜਾਈ

ਝੋਨੇ ਦੀ ਸਿੱਧੀ ਬਿਜਾਈ ਨਾਲ ਘਟਦਾ ਹੈ ਕਿਸਾਨਾਂ ਦਾ ਪ੍ਰਤੀ ਏਕੜ ਖਰਚਾ: ਮੁੱਖ ਖੇਤੀਬਾੜੀ ਅਫ਼ਸਰ

ਪਾਣੀ ਦੀ ਸੰਭਾਲ ਲਈ ਝੋਨੇ ਦੀ ਸਿੱਧੀ ਬਿਜਾਈ ਲਾਹੇਵੰਦ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਅਗਸਤ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਸਾਉਣੀ 2019-20 ਦੌਰਾਨ ਕੁਲ 182.5 ਏਕੜ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ ਹੈ।ਜਦੋਂਕਿ ਪਿਛਲੇ ਸੀਜ਼ਨ ਵਿੱਚ ਕੁਲ 157.5 ਏਕੜ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ ਸੀ। ਇਹ ਜਾਣਕਾਰੀ ਅੱਜ ਇੱਥੇ ਮੁੱਖ ਖੇਤੀਬਾੜੀ ਅਫ਼ਸਰ ਹਰਪਾਲ ਸਿੰਘ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਜਿੱਥੇ ਕਿਸਾਨਾਂ ਦਾ ਪ੍ਰਤੀ ਏਕੜ ਖਰਚਾ ਘਟਦਾ ਹੈ, ਉੱਥੇ ਪਾਣੀ ਵਰਗੇ ਵਡਮੱੁਲੇ ਕੁਦਰਤੀ ਸੋਮੇ ਦੀ ਖਪਤ ਵੀ ਘਟਦੀ ਹੈ।
ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਕਣਕ ਵਾਂਗ ਝੋਨੇ ਦੀ ਵੀ ਸਿੱਧੀ ਬਿਜਾਈ ਕੀਤੀ ਜਾ ਸਕਦੀ ਹੈ। ਜਿਸ ਲਈ ਸਿਰਫ਼ ਦਰਮਿਆਨੀਆਂ ਤੋਂ ਭਾਰੀਆਂ ਜ਼ਮੀਨਾਂ ਹੀ ਢੁਕਵੀਆਂ ਹਨ। ਹਲਕੀਆਂ ਜ਼ਮੀਨਾਂ ਵਿੱਚ ਝੋਨੇ ਦੀ ਸਿੱਧੀ ਬਿਜਾਈ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਡਰਿੱਲ ਨਾਲ ਕੀਤੀ ਜਾਣੀ ਚਾਹੀਦੀ ਹੈ ਤੇ ਬੀਜ ਦੀ ਡੂੰਘਾਈ ਦੋ ਤੋਂ ਤਿੰਨ ਸੈਂਟੀਮੀਟਰ ਅਤੇ ਕਤਾਰਾਂ ਵਿਚਲਾ ਫਾਸਲਾ 20 ਸੈਂਟੀਮੀਟਰ ਰੱਖਣਾ ਚਾਹੀਦਾ ਹੈ। ਪ੍ਰਤੀ ਏਕੜ 8 ਤੋਂ 10 ਕਿੱਲੋ ਬੀਜ ਕਾਫ਼ੀ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਸਿੱਧੇ ਬੀਜੇ ਝੋਨੇ ਤੋਂ ਪੂਰਾ ਝਾੜ ਲੈਣ ਲਈ ਨਦੀਨਾਂ ਦੀ ਰੋਕਥਾਮ ਵੀ ਬਹੁਤ ਜ਼ਰੂਰੀ ਹੈ, ਜਿਸ ਲਈ ਬਿਜਾਈ ਤੋਂ 2 ਦਿਨਾਂ ਦੇ ਅੰਦਰ ਪੈਂਡੀਮੈਥਰਿਨ 1000-1500 ਗ੍ਰਾਮ ਪ੍ਰਤੀ ਹੈਕਟੇਅਰ ਦੇ ਹਿਸਾਬ ਨਾਲ ਵਰਤਣੀ ਚਾਹੀਦੀ ਹੈ ਅਤੇ ਨੌਮਨੀਗੋਲਡ 10 ਐਸਸੀ ਬਿਸਪਾਇਰੀਬੈਕ) 100 ਮਿਲੀ ਲੀਟਰ ਪ੍ਰਤੀ ਏਕੜ 150 ਲੀਟਰ ਪਾਣੀ ਵਿੱਚ ਘੋਲ ਕੇ ਜਾਂ ਸੈਗਮੈਟ 50 ਡੀਐਫ਼ (ਅਜ਼ਿਮਸਲਫੂਰਾਨ) 16 ਗਰਾਮ ਪ੍ਰਤੀ ਏਕੜ ਦੇ ਹਿਸਾਬ ਨਾਲ ਨਦੀਨ ਦੇ 2-3 ਪੱਤੇ ਆਉਣ ਉੱਤੇ ਛਿੜਕਣ ਦੀ ਸਿਫ਼ਾਰਸ਼ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਸਿੱਧੇ ਬੀਜੇ ਝੋਨੇ ਦੀ ਫਸਲ ਵਿੱਚ 130 ਕਿੱਲੋ ਯੂਰੀਆ ਪ੍ਰਤੀ ਏਕੜ ਚਾਰ ਬਰਾਬਰ ਹਿੱਸਿਆਂ ਵਿੱਚ ਵੰਡ ਕੇ ਬਿਜਾਈ ਤੋਂ ਦੋ, ਚਾਰ, ਸੱਤ ਅਤੇ 10 ਹਫ਼ਤਿਆਂ ਬਾਅਦ ਛਿੱਟੇ ਨਾਲ ਪਾਉਣਾ ਚਾਹੀਦਾ ਹੈ। ਫਾਸਫੋਰਸ ਅਤੇ ਪੋਟਾਸ਼ ਤੱਤਾਂ ਦੀ ਵਰਤੋਂ ਤਾਂ ਹੀ ਕਰਨੀ ਚਾਹੀਦੀ ਹੈ, ਜੇਕਰ ਮਿੱਟੀ ਪਰਖ ਦੇ ਆਧਾਰ ’ਤੇ ਇਨ੍ਹਾਂ ਤੱਤਾਂ ਦੀ ਘਾਟ ਹੋਵੇ।
ਖੇਤੀਬਾੜੀ ਵਿਕਾਸ ਅਫ਼ਸਰ ਗੁਰਦਿਆਲ ਕੁਮਾਰ ਨੇ ਦੱਸਿਆ ਕਿ ਜ਼ਮੀਨ ਦੀ ਕਿਸਮ ਦੇ ਹਿਸਾਬ ਨਾਲ ਤਿੰਨ ਤੋਂ ਪੰਜ ਦਿਨਾਂ ਦੇ ਵਕਫ਼ੇ ’ਤੇ ਫਸਲ ਨੂੰ ਪਾਣੀ ਦਿੰਦੇ ਰਹਿਣਾ ਚਾਹੀਦਾ ਹੈ ਅਤੇ ਬਾਰਸ਼ ਦੇ ਹਿਸਾਬ ਨਾਲ ਪਾਣੀ ਦੇਣ ਦਾ ਵਕਫ਼ਾ ਘਟਾ-ਵਧਾ ਦੇਣਾ ਚਾਹੀਦਾ ਹੈ। ਆਖ਼ਰੀ ਪਾਣੀ ਝੋਨਾ ਵੱਡਣ ਤੋਂ ਦਸ ਦਿਨ ਪਹਿਲਾਂ ਦੇਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਇਸ ਤਰੀਕੇ ਨਾਲ ਪਾਣੀ ਦੀ ਕਰੀਬ 10 ਤੋਂ 15 ਫੀਸਦੀ ਬੱਚਤ ਹੁੰਦੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਧਰਤੀ ਹੇਠਲੇ ਪਾਣੀ ਦੇ ਘੱਟ ਰਹੇ ਪੱਧਰ ਦੀ ਸਮੱਸਿਆ ਸਬੰਧੀ ਜ਼ਿਲ੍ਹੇ ਦੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੰਤਵ ਲਈ ਕਿਸਾਨਾਂ ਨੂੰ ਝੋਨੇ ਦੀ ਬਿਜਾਈ ਵੱਟਾਂ/ਬੈੱਡਾਂ ’ਤੇ ਕਰਨ ਸਬੰਧੀ ਜਾਣਕਾਰੀ ਦੇਣ ਲਈ ਖੇਤਾਂ ਦੇ ਪ੍ਰਭਾਵੀ ਦੌਰੇ ਵੀ ਕਰਵਾਏ ਜਾਂਦੇ ਹਨ।ਇਸ ਮੌਕੇ ਬਲਾਕ ਖੇਤੀਬਾੜੀ ਅਫ਼ਸਰ ਸੰਦੀਪ ਕੁਮਾਰ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Agriculture & Forrest

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…