
ਡਾ. ਵਾਲੀਆ ਨੂੰ ਪਸ਼ੂ ਪਾਲਣ ਵਿਭਾਗ ਦਾ ਡਾਇਰੈਕਟਰ ਨਿਯੁਕਤ ਕਰਨ ’ਤੇ ਪੰਜਾਬ ਸਰਕਾਰ ਦਾ ਧੰਨਵਾਦ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਜੂਨ:
ਪੰਜਾਬ ਸਟੇਟ ਵੈਟਰਨਰੀ ਅਫ਼ਸਰ ਐਸੋਸੀਏਸ਼ਨ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਰੰਧਾਵਾ ਨੇ ਡਾ. ਗੁਰਪਾਲ ਸਿੰਘ ਵਾਲੀਆ ਨੂੰ ਪਸ਼ੂ ਪਾਲਣ ਵਿਭਾਗ ਪੰਜਾਬ ਦਾ ਡਾਇਰੈਕਟਰ ਨਿਯੁਕਤ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪਸ਼ੂ ਪਾਲਣ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਡਾ. ਗੁਰਪਾਲ ਸਿੰਘ ਵਾਲੀਆ ਪਿਛਲੇ ਲੰਮੇ ਸਮੇਂ ਤੋਂ ਪਸ਼ੂ ਪਾਲਣ ਵਿਭਾਗ ਵਿੱਚ ਬਤੌਰ ਡਿਪਟੀ ਡਾਇਰੈਕਟਰ ਅਤੇ ਜੁਆਇੰਟ ਡਾਇਰੈਕਟਰ ਦੇ ਅਹੁਦੇ ’ਤੇ ਸ਼ਲਾਘਾਯੋਗ ਸੇਵਾਵਾਂ ਨਿਭਾਉਂਦੇ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਕਾਫ਼ੀ ਸਮੇਂ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਵਿਭਾਗ ਦੇ ਹੀ ਸੀਨੀਅਰ ਅਧਿਕਾਰੀ ਨੂੰ ਡਾਇਰੈਕਟਰ ਪਸ਼ੂ ਪਾਲਣ ਦਾ ਅਹੁਦਾ ਦੇ ਕੇ ਨਵਾਜਿਆ ਗਿਆ ਹੈ।
ਸ੍ਰੀ ਰੰਧਾਵਾ ਕਿਹਾ ਕਿ ਪੰਜਾਬ ਸਟੇਟ ਵੈਟਰਨਰੀ ਅਫ਼ਸਰ ਐਸੋਸੀਏਸਨ ਨਵ-ਨਿਯੁਕਤ ਡਾਇਰੈਕਟਰ ਡਾ. ਗੁਰਪਾਲ ਸਿੰਘ ਵਾਲੀਆ ਨੂੰ ਪੂਰਨ ਸਹਿਯੋਗ ਦਿੰਦੇ ਹੋਏ ਪੰਜਾਬ ਦੇ ਪਸ਼ੂ ਪਾਲਕਾਂ ਦੀ ਆਰਥਿਕਤਾਂ ਨੂੰ ਹੋਰ ਜ਼ਿਆਦਾ ਮਜ਼ਬੂਤ ਕਰਨ ਲਈ ਯਤਨਸ਼ੀਲ ਰਹਿਣਗੇ। ਉਨ੍ਹਾਂ ਡਾ. ਵਾਲੀਆ ਨੂੰ ਐਸੋਸੀਏਸ਼ਨ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਵੱਲੋਂ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਪੂਰਨ ਵਿਸ਼ਵਾਸ਼ ਹੈ ਕਿ ਉਹ ਪਸ਼ੂ ਪਾਲਕਾਂ ਦੇ ਲਾਭ ਲਈ ਯੋਗ ਕਦਮ ਚੁੱਕਣਗੇ। ਇਸ ਮੌਕੇ ਡਾ. ਗੁਰਪਾਲ ਸਿੰਘ ਵਾਲੀਆ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਦਿੱਤੀ ਗਈ ਹੈ, ਉਹ ਉਸ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਨਿਭਾਉਣਗੇ।