ਡਾਇਰੈਕਟਰ ਫੂਡ ਸਪਲਾਈ ਨੇ ਮੁਹਾਲੀ ਵਿੱਚ ਕਣਕ ਦੇ ਖ਼ਰੀਦ ਕਾਰਜਾਂ ਦਾ ਲਿਆ ਜਾਇਜ਼ਾ

ਕਣਕ ਦੀ ਖ਼ਰੀਦ, ਕਰਫਿਊ ਪਾਸ ਪ੍ਰਣਾਲੀ ਨੂੰ ਲਾਗੂ ਕਰਨਾ ਅਤੇ ਕੋਵਿਡ-19 ਪ੍ਰੋਟੋਕਾਲ ਦੀ ਪਾਲਣਾ ’ਤੇ ਤਸੱਲੀ ਪ੍ਰਗਟਾਈ

ਕਿਸਾਨਾਂ ਨੂੰ 100 ਫੀਸਦੀ ਆਨਲਾਈਨ ਅਦਾਇਗੀ ਕਰਨ ਦੀ ਕੀਤੀ ਸ਼ਲਾਘਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਮਈ:
ਫੂਡ ਸਪਲਾਈ ਵਿਭਾਗ ਦੀ ਡਾਇਰੈਕਟਰ ਸ੍ਰੀਮਤੀ ਅਨਿੰਦਿਤਾ ਮਿੱਤਰਾ ਨੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੂੰ ਨਾਲ ਲੈ ਕੇ ਮੁਹਾਲੀ ਜ਼ਿਲ੍ਹੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਦੌਰਾ ਕਰਕੇ ਕਣਕ ਦੀ ਸਰਕਾਰੀ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਸਮੂਹ ਖ਼ਰੀਦ ਏਜੰਸੀਆਂ ਦੇ ਨੁਮਾਇੰਦਿਆਂ ਅਤੇ ਹੋਰ ਭਾਈਵਾਲਾਂ ਸਮੇਤ ਆੜ੍ਹਤੀਆਂ, ਕਿਸਾਨਾਂ ਅਤੇ ਪੱਲੇਦਾਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਖ਼ਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚਲ ਰਹੀ ਹੈ। ਉਨ੍ਹਾਂ ਕਰਫਿਊ ਪਾਸ ਪ੍ਰਣਾਲੀ ਨੂੰ ਲਾਗੂ ਕਰਨਾ, ਨਿਰਧਾਰਿਤ ਮੰਡੀਆਂ ਵਿੱਚ ਕਣਕ ਦੀ ਪਿੰਡ ਪੱਧਰੀ ਆਮਦ ਅਤੇ ਕੋਵਿਡ-19 ਪ੍ਰੋਟੋਕਾਲ ਦੀ ਪਾਲਣਾ ’ਤੇ ਤਸੱਲੀ ਪ੍ਰਗਟਾਉਂਦਿਆਂ ਕਿਹਾ ਕਿ ਪ੍ਰਾਪਤ ਫੀਡਬੈਕ ਦੇ ਅਨੁਸਾਰ ਪਾਸ ਸਿਸਟਮ ਬਹੁਤ ਸਫਲ ਰਿਹਾ ਹੈ। ਜਿਸ ਨੇ ਸਮਾਜਿਕ ਦੂਰੀ ਦੇ ਪ੍ਰੋਟੋਕਾਲ ਨੂੰ ਕਾਇਮ ਰੱਖਣ ਅਤੇ ਮੰਡੀਆਂ ਵਿੱਚ ਭੀੜ ਨੂੰ ਰੋਕਣ ਵਿੱਚ ਸਹਾਇਤਾ ਕੀਤੀ।
ਸ੍ਰੀਮਤੀ ਮਿੱਤਰਾ ਨੇ ਕਿਹਾ ਕਿ ਕੁਝ ਲੋਕ ਚਾਹੁੰਦੇ ਹਨ ਕਿ ਆਮ ਖ਼ਰੀਦ ਦੇ ਸਮੇਂ ਵੀ ਇਸ ਦੀ ਨਕਲ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਆੜ੍ਹਤੀਆਂ ਵੱਲੋਂ ਸਿੱਧੇ ਤੌਰ ’ਤੇ ਕਿਸਾਨਾਂ ਦੇ ਖਾਤਿਆਂ ਵਿੱਚ 100 ਫੀਸਦੀ ਆਨਲਾਈਨ ਅਦਾਇਗੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਨਕਦ ਲੈਣ-ਦੇਣ ਤੋਂ ਪ੍ਰਹੇਜ ਕਰਨਾ ਅਤੇ ਕਿਸਾਨਾਂ ਦੇ ਖਾਤਿਆਂ ਵਿੱਚ ਆਨਲਾਈਨ ਭੁਗਤਾਨ ਕਰਨਾ ਸਮੇਂ ਦੀ ਲੋੜ ਹੈ ਕਿਉਂਕਿ ਇਹ ਆਰਥਿਕ ਸ਼ੋਸ਼ਣ ਨੂੰ ਰੋਕਦੀ ਹੈ ਅਤੇ ਕਿਸਾਨਾਂ ਨੂੰ ਘੱਟੋ ਘੱਟ ਸਮਰਥਨ ਮੁੱਲ ਤੋਂ ਘੱਟ ਅਦਾਇਗੀ ਤੋਂ ਵੀ ਬਚਾਉਂਦੀ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਵਿੱਚ ਬੋਰੀਆਂ ਦੀ ਕੋਈ ਘਾਟ ਨਹੀਂ ਹੈ। ਜੇਕਰ ਇਸ ਦੀ ਘਾਟ ਆਉਂਦੀ ਹੈ (ਕਿਉਂਕਿ ਕੋਵਿਡ-19 ਕਰਕੇ ਬੋਰੀਆਂ ਸਬੰਧੀ ਕਲਕੱਤਾ ਦੀ ਜੂਟ ਮਾਰਕੀਟ ਤੋਂ ਆਰਡਰ ਪ੍ਰਾਪਤ ਨਹੀਂ ਹੋਏ) ਤਾਂ ਏਜੰਸੀਆਂ ਵੱਲੋਂ ਪੁਰਾਣੀਆਂ/ਵਰਤੀਆਂ ਗਈਆਂ ਬੋਰੀਆਂ ਨੂੰ ਵਰਤੋਂ ਵਿੱਚ ਲਿਆਂਦਾ ਜਾ ਸਕਦਾ ਹੈ ਕਿਉਂਕਿ ਹੁਣ ਸਰਕਾਰ ਨੇ ਬੋਰੀਆਂ ਦੀ ਮੁੜ ਵਰਤੋਂ ਨਾਲ ਸਬੰਧਤ ਰਸਮੀ ਨਿਰਦੇਸ਼ ਜਾਰੀ ਕੀਤੇ ਹਨ ਅਤੇ ਇਨ੍ਹਾਂ ਦੀ ਕੀਮਤ ਵੀ ਨਿਰਧਾਰਿਤ ਕੀਤੀ ਗਈ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਡਾਇਰੈਕਟਰ ਨੂੰ ਦੱਸਿਆ ਕਿ 30 ਅਪਰੈਲ ਸ਼ਾਮ ਤੱਕ ਸਮੁੱਚੇ ਮੁਹਾਲੀ ਜ਼ਿਲ੍ਹੇ ਅੰਦਰ ਮੰਡੀਆਂ ਅਤੇ ਖ਼ਰੀਦ ਕੇਂਦਰਾਂ ਵਿੱਚ 82701 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ। ਜਿਸ ’ਚੋਂ 82671 ਮੀਟਰਿਕ ਟਨ ਖਰੀਦੀ ਗਈ ਹੈ, ਜੋ ਕੁੱਲ ਆਮਦ ਦੀ 99 ਫੀਸਦੀ ਹੈ। ਉਨ੍ਹਾਂ ਕਿਹਾ ਕਿ ਲਿਫਟਿੰਗ ਵੀ ਨਾਲੋਂ ਨਾਲ ਤੇਜ਼ੀ ਨਾਲ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ 138.92 ਕਰੋੜ ਦੀ ਬਕਾਇਆ ਰਾਸ਼ੀ ’ਚੋਂ 118.24 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ। ਇਸ ਮੌਕੇ ਐਸਡੀਐਮ ਜਗਦੀਪ ਸਹਿਗਲ ਸਮੇਤ ਹੋਰ ਅਧਿਕਾਰੀ ਹਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…