
ਮਿਸ਼ਨ-2022: ਚੋਣ ਕਮਿਸ਼ਨ ਦੇ ਡਾਇਰੈਕਟਰ ਨੇ ਈਵੀਐਮ ਤੇ ਵੀਵੀਪੈਟਸ ਮਸ਼ੀਨਾਂ ਦਾ ਕੀਤਾ ਨਿਰੀਖਣ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਅਕਤੂਬਰ:
ਅਗਲੇ ਵਰ੍ਹੇ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਕ (ਈਵੀਐਮ) ਐਸ ਸੁੰਦਰ ਰਾਜਨ ਦੀ ਅਗਵਾਈ ਹੇਠ ਚੋਣ ਕਮਿਸ਼ਨ ਦੀ ਵਿਸ਼ੇਸ਼ ਟੀਮ ਨੇ ਅੱਜ ਈਵੀਐਮ ਵੇਅਰਹਾਊਸ ਉਦਯੋਗਿਕ ਖੇਤਰ ਫੇਜ਼-7 ਵਿਖੇ ਇਲੈਕਟ੍ਰੋਨਿਕ ਵੋਟਿੰਗ ਮਸ਼ੀਨਾਂ (ਈਵੀਐਮਜ਼) ਅਤੇ ਵੋਟਰ ਵੈਰੀਫੀਏਬਲ ਪੇਪਰ ਆਡਿਟ ਟਰੇਲ (ਵੀਵੀਪੈਟਸ) ਦੀ ਫਸਟ ਲੈਵਲ ਚੈਕਿੰਗ ਦਾ ਨਿਰੀਖਣ ਕੀਤਾ। ਮੁਹਾਲੀ ਦੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਕੋਮਲ ਮਿੱਤਲ ਦੀ ਹਾਜ਼ਰੀ ਵਿੱਚ ਡਾਇਰੈਕਟਰ ਈਵੀਐਮ ਰਾਜਨ ਨੇ ਵਿਧਾਨ ਸਭਾ ਚੋਣਾਂ ਦੌਰਾਨ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਦੀ ਪਹਿਲੇ ਦਰਜੇ ਦੀ ਜਾਂਚ ਦੇ ਕੰਮ ਦਾ ਮੁਆਇਨਾ ਕੀਤਾ।
ਅਧਿਕਾਰੀ ਨੇ ਭਾਰਤ ਇਲੈਕਟ੍ਰਿਕ ਲਿਮਟਿਡ (ਬੀਈਐਲ) ਦੇ ਇੰਜੀਨੀਅਰਾਂ ਨਾਲ ਵਿਸਥਾਰ ਨਾਲ ਗੱਲਬਾਤ ਕੀਤੀ, ਜਿਨ੍ਹਾਂ ਨੂੰ ਇਨ੍ਹਾਂ ਮਸ਼ੀਨਾਂ ਨੂੰ ਚੋਣਾਂ ਲਈ ਤਿਆਰ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ। ਉਨ੍ਹਾਂ ਕਿਹਾ ਕਿ ਇਹ ਕਵਾਇਦ ਚੋਣਾਂ ਨੂੰ ਨਿਰਵਿਘਨ ਅਤੇ ਪਾਰਦਰਸ਼ੀ ਢੰਗ ਨਾਲ ਯਕੀਨੀ ਬਣਾਉਣ ਲਈ ਸਭ ਤੋਂ ਮਹੱਤਵਪੂਰਨ ਕਾਰਜ ਹੈ। ਇਸ ਮੌਕੇ ਵਿਪਨ ਕਟਾਰਾ ਕੰਸਲਟੈਂਟ (ਈਵੀਐਮ), ਤਹਿਸੀਲਦਾਰ (ਚੋਣਾਂ) ਸੰਜੇ ਕੁਮਾਰ ਅਤੇ ਬਸਪਾ ਦੇ ਆਗੂ ਹਰਨੇਕ ਸਿੰਘ ਵੀ ਹਾਜ਼ਰ ਸਨ।