nabaz-e-punjab.com

ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਵਿੱਚ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ’ਤੇ ਚਰਚਾ

ਰਿਹਾਇਸ਼ੀ ਖੇਤਰ ਵਿੱਚ ਕਾਰਨਰ ਪਲਾਟਾਂ ਤੇ ਹੋਰ ਨਿੱਜੀ ਅਦਾਰਿਆਂ ’ਤੇ ਸਰਕਾਰੀ ਜ਼ਮੀਨਾਂ ਦੀ ਨਿੱਜੀ ਵਰਤੋਂ ਦਾ ਦੋਸ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਅਕਤੂਬਰ:
ਇੱਥੋਂ ਦੇ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ ਫੇਜ਼-4 ਦੀ ਮੀਟਿੰਗ ਕਾਰਜਕਾਰੀ ਪ੍ਰਧਾਨ ਬਲਦੇਵ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਫੇਜ਼-4 ਦੇ ਸਰਬਪੱਖੀ ਵਿਕਾਸ ਅਤੇ ਸਾਫ਼ ਸਫ਼ਾਈ ਸਮੇਤ ਹੋਰ ਸਮੱਸਿਆਵਾਂ ’ਤੇ ਚਰਚਾ ਕੀਤੀ ਗਈ ਅਤੇ ਉਨ੍ਹਾਂ ਦੇ ਹੱਲ ਲਈ ਮੁਹਾਲੀ ਨਿਗਮ ਅਤੇ ਗਮਾਡਾ ਅਧਿਕਾਰੀਆਂ ਨੂੰ ਵਫ਼ਦ ਦੇ ਰੂਪ ਵਿੱਚ ਮਿਲਣ ਦਾ ਫੈਸਲਾ ਲਿਆ। ਮੀਟਿੰਗ ਵਿੱਚ ਰਿਹਾਇਸ਼ੀ ਇਲਾਕੇ ਵਿੱਚ ਕਾਰਨਰ ਪਲਾਟਾਂ ਅਤੇ ਹੋਰ ਨਿੱਜੀ ਅਦਾਰਿਆਂ ਵੱਲੋਂ ਸਰਕਾਰੀ ਜ਼ਮੀਨਾਂ ਦੀ ਕੁਵਰਤੋਂ ਅਤੇ ਆਵਾਰਾ ਕੁੱਤਿਆਂ ਅਤੇ ਆਵਾਰਾ ਪਸ਼ੂਆਂ ਦੀ ਸਮੱਸਿਆ ਦਾ ਮੁੱਦਾ ਭਾਰੂ ਰਿਹਾ।
ਮੈਂਬਰਾਂ ਨੇ ਉਕਤ ਮੁਸ਼ਕਲਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਭਾਵੇਂ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਜਾਰੀ ਹੁਕਮਾਂ ’ਤੇ ਗਮਾਡਾ ਵੱਲੋਂ 19 ਅਪਰੈਲ 2015 ਨੂੰ ਇੱਕ ਨੀਤੀ ਜਾਰੀ ਕੀਤੀ ਗਈ ਸੀ ਅਤੇ ਪਲਾਟਾਂ ਦੀ ਅਲਾਟਮੈਂਟ ਵਿੱਚ ਵੀ ਸ਼ਰਤਾਂ ਨਿਰਧਾਰਿਤ ਕੀਤੀਆਂ ਗਈਆਂ ਸਨ ਪ੍ਰੰਤੂ ਇਨ੍ਹਾਂ ਸ਼ਰਤਾਂ ਅਤੇ ਨੀਤੀ ਦੀ ਪਾਲਣਾ ਕਰਨ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਭਾਵੇਂ ਮੁਹਾਲੀ ਨਿਗਮ ਵੱਲੋਂ ਅਖ਼ਬਾਰਾਂ ਵਿੱਚ ਜਨਤਕ ਨੋਟਿਸ ਜਾਰੀ ਕਰਕੇ ਜੁਰਮਾਨੇ ਦਾ ਵੀ ਉਪਬੰਧ ਕੀਤਾ ਗਿਆ ਹੈ ਪ੍ਰੰਤੂ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸ਼ਹਿਰੀਆਂ ਦੇ ਖ਼ਿਲਾਫ਼ ਹੁਣ ਤੱਕ ਕੋਈ ਕਾਰਵਾਈ ਅਮਲ ’ਚ ਨਹੀਂ ਲਿਆਂਦੀ ਗਈ।
ਆਗੂਆਂ ਨੇ ਕਿਹਾ ਕਿ ਮਦਨਪੁਰ ਚੌਂਕ ਦੇ ਨੇੜੇ ਦੋਵੇਂ ਪਾਸੇ ਫੁੱਟਪਾਥ ਦੀ ਥਾਂ ਉੱਤੇ ਪੁਰਾਣੇ ਫਰਨੀਚਰ ਦੀਆਂ ਅਣਅਧਿਕਾਰਤ ਦੁਕਾਨਾਂ ਚਲਾਈਆਂ ਜਾ ਰਹੀਆਂ ਹਨ। ਜਿਸ ਕਾਰਨ ਆਵਾਜਾਈ ਵਿੱਚ ਦਿੱਕਤਾਂ ਪੈਦਾ ਹੋ ਰਹੀਆਂ ਹਨ ਅਤੇ ਕਈ ਵਾਰ ਸੜਕ ਹਾਦਸੇ ਵੀ ਵਾਪਰ ਚੁੱਕੇ ਹਨ। ਇੰਝ ਹੀ ਫੇਜ਼-4 ਦੀ ਮਾਰਕੀਟ ਵਿੱਚ ਵੀ ਦੁਕਾਨਾਂ ਨਾਲੋਂ ਬਾਹਰ ਜ਼ਿਆਦਾ ਸਮਾਨ ਬਾਹਰ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਉਕਤ ਸਮੱਸਿਆਵਾਂ ਦੇ ਹੱਲ ਲਈ ਕਈ ਵਾਰ ਸਬੰਧਤ ਅਧਿਕਾਰੀਆਂ ਨੂੰ ਲਿਖਤੀ ਰੂਪ ਵਿੱਚ ਸ਼ਿਕਾਇਤਾਂ ਦਿੱਤੀਆਂ ਜਾ ਚੁੱਕੀਆਂ ਹਨ ਲੇਕਿਨ ਅਧਿਕਾਰੀ ਗੱਲ ਤੱਕ ਸੁਣਨ ਨੂੰ ਤਿਆਰ ਨਹੀਂ ਹਨ। ਮੀਟਿੰਗ ਵਿੱਚ ਅਕਾਲੀ ਕੌਂਸਲਰ ਤੇ ਸਰਪ੍ਰਸਤ ਗੁਰਮੁੱਖ ਸਿੰਘ ਸੋਹਲ, ਚੇਅਰਮੈਨ ਸੁਰਿੰਦਰ ਸਿੰਘ ਸੋਢੀ, ਹਰਭਜਨ ਸਿੰਘ, ਦਿਆਲ ਸਿੰਘ, ਪ੍ਰੇਮ ਸਿੰਘ, ਤਰਸੇਮ ਲਾਲ, ਐਸ.ਪੀ. ਵਾਤਿਸ਼, ਹਰਿੰਦਰਪਾਲ ਸਿੰਘ, ਜਤਿੰਦਰ ਵਰਮਾ, ਡਾ. ਅਮਰਜੀਤ ਸਿੰਘ ਕੋਹਲੀ, ਸਰਬਜੀਤ ਸਿੰਘ, ਸੁਰਿੰਦਰ ਚਾਵਲਾ ਸਮੇਤ ਹੋਰ ਮੈਂਬਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…